ਸੁਰੱਖਿਅਤ ਬਚਪਨ ਅਭਿਆਨ ਸਬੰਧੀ ਛੇ ਰੋਜ਼ਾ ਗਤੀਵਿਧੀਆਂ ਕਰਵਾਈਆਂ ਸੁਰੱਖਿਅਤ ਬਚਪਨ ਅਭਿਆਨ ਸਬੰਧੀ ਛੇ ਰੋਜ਼ਾ ਗਤੀਵਿਧੀਆਂ ਕਰਵਾਈਆਂ
Publish Date: Mon, 02 Nov 2026 05:22 PM (IST)
Updated Date: Mon, 02 Nov 2026 05:23 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਸਿਰਮੌਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਸੀਬੀਐੱਸਈ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਅਤੇ ਜਾਗਰੂਕਤਾ ਸਬੰਧੀ ਛੇ ਰੋਜ਼ਾ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ।ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬਾਲ ਅਧਿਕਾਰਾਂ, ਬੱਚਿਆਂ ਦੀ ਸੁਰੱਖਿਆ, ਕਾਨੂੰਨੀ ਜਾਣਕਾਰੀ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਸੀ।ਇਸ ਮੁਹਿੰਮ ਦੇ ਪਹਿਲੇ ਦਿਨ ਮੇਰਾ ਬਚਪਨ, ਮੇਰਾ ਅਧਿਕਾਰ ਵਿਸ਼ੇ ਰਾਹੀਂ ਵਿਦਿਆਰਥੀਆਂ ਨੂੰ ਬਚਪਨ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਐਕਟੀਵਿਟੀ ਇੰਚਾਰਜ ਮੈਡਮ ਅਮਨਦੀਪ ਕੌਰ ਨੇ ਜਾਣਕਾਰੀ ਦਿੱਤੀ। ਤੀਸਰੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਪੋਸਟਰ ਬਣਾਏ ਗਏ। ਦੂਜੇ ਦਿਨ ਕਾਨੂੰਨ ਜਾਣੋ, ਬਚਪਨ ਬਚਾਓ ਤਹਿਤ ਬਾਲ ਸੁਰੱਖਿਆ ਨਾਲ ਜੁੜੇ ਕਾਨੂੰਨਾਂ ਬਾਰੇ ਜਾਣੂ ਕਰਵਾਇਆ ਗਿਆ। ਤੀਜੇ ਦਿਨ ਸੁਰੱਖਿਅਤ ਕਲਿੱਕ, ਸੁਰੱਖਿਅਤ ਬਚਪਨ ਵਿਸ਼ੇ ਅਧੀਨ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੀ ਸੁਰੱਖਿਅਤ ਵਰਤੋਂ ਬਾਰੇ ਸਮਝਾਇਆ ਗਿਆ। ਵਿਦਿਆਰਥੀਆਂ ਵੱਲੋਂ ਸੋਸ਼ਲ ਮੀਡੀਆ ਤੋਂ ਸੁਰੱਖਿਆ ਸੰਬੰਧਿਤ ਪੋਸਟਰ ਬਣਾਏ ਗਏ ਅਤੇ ਉਹਨਾਂ ਨੂੰ ਆਪਣੇ ਆਪ ਨੂੰ ਡਿਜੀਟਲ ਵਰਡ ਤੋਂ ਸੁਰੱਖਿਤ ਕਰਨ ਸਬੰਧੀ ਵਿਚਾਰ ਪੇਸ਼ ਕੀਤੇ। ਚੌਥੇ ਦਿਨ ਬੋਲੋ, ਦੱਸੋ, ਬਚਾਓ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਕਿਸੇ ਵੀ ਮੁਸ਼ਕਲ ਜਾਂ ਗਲਤ ਵਿਵਹਾਰ ਦੀ ਸਥਿਤੀ ਵਿੱਚ ਬੇਝਿਜਕ ਆਪਣੀ ਗੱਲ ਰੱਖਣ ਅਤੇ ਭਰੋਸੇਯੋਗ ਵਿਅਕਤੀ ਨਾਲ ਸੰਪਰਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਪੰਜਵੇਂ ਦਿਨ ਨਾ ਬਾਲ ਵਿਆਹ, ਨਾ ਬਾਲ ਸ਼ੋਸ਼ਣ ਵਿਸ਼ੇ ਰਾਹੀਂ ਬਾਲ ਵਿਆਹ ਅਤੇ ਬੱਚਿਆਂ ਦੇ ਸ਼ੋਸ਼ਣ ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਪੈਦਾ ਕੀਤੀ ਗਈ ਅਤੇ ਇਸ ਸੰਬੰਧਿਤ ਰੈਲੀ ਕੱਢੀ ਗਈ। ਛੇਵੇਂ ਦਿਨ ਜਾਗਰੂਕ ਬਚਪਨ, ਸਸ਼ਕਤ ਭਾਰਤ ਦੇ ਸੰਦੇਸ਼ ਨਾਲ ਇਸ ਮੁਹਿੰਮ ਦੀ ਸਮਾਪਤੀ ਕੀਤੀ ਗਈ।ਇਨ੍ਹਾਂ ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫਰਜ਼ਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਖੁਸ਼ਹਾਲ ਬਚਪਨ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਸਮੁੱਚੇ ਪ੍ਰੋਗਰਾਮ ਦਾ ਆਯੋਜਨ ਗਤੀਵਿਧੀ ਇੰਚਾਰਜ ਅਮਨਦੀਪ ਕੌਰ ਦੀ ਦੇਖ-ਰੇਖ ਹੇਠ ਕੀਤਾ ਗਿਆ।