- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਦੇ ਜਾਲ ਰਾਹੀਂ ਬਾਹਰੀ ਸੂਬਿਆਂ ਅਤੇ ਸਰਹੱਦੀ ਇਲਾਕਿਆਂ ਤੋਂ ਜ਼ਿਲ੍ਹੇ ਵਿੱਚ ਪਹੁੰਚ ਰਿਹਾ ਹੈ। ਕੁਝ ਲੋਕ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਕਰ ਰਹੇ ਹਨ ਅਤੇ ਮੰਗ ਕਰ ਰਹੇ ਹਨ ਕਿ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾਵੇ। ਹਾਲਾਂਕਿ ਪੁਲਿਸ ਵੱਲੋਂ ਸਮੇਂ-ਸਮੇਂ ’ਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਹ ਦਰਸਾਉਂਦੀ ਹੈ ਕਿ ਨਸ਼ੇ ਦੀ ਉਪਲਬਧਤਾ ਵਿੱਚ ਕੋਈ ਵੱਡੀ ਕਮੀ ਨਹੀਂ ਆਈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ: ਜ਼ਿਲ੍ਹੇ ਅੰਦਰ ਨਸ਼ਿਆਂ ਦਾ ਕਹਿਰ ਦਿਨੋਂ ਦਿਨ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ। ਆਏ ਦਿਨ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਨਸ਼ੇ ਦੀ ਵਿਕਰੀ ਅਤੇ ਨੌਜਵਾਨਾਂ ਵੱਲੋਂ ਚਿੱਟੇ ਦੇ ਟੀਕੇ ਲਗਾਉਂਦੇ ਹੋਏ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜੋ ਹਾਲਾਤ ਦੀ ਭਿਆਨਕਤਾ ਬਿਆਨ ਕਰਦੀਆਂ ਹਨ। ਇਨ੍ਹਾਂ ਵੀਡੀਓਜ਼ ਤੋਂ ਸਪੱਸ਼ਟ ਹੁੰਦਾ ਹੈ ਕਿ ਨਸ਼ਾ ਹੁਣ ਸਮਾਜ ਲਈ ਨਾਸੂਰ ਬਣ ਚੁੱਕਾ ਹੈ ਅਤੇ ਇਸ ਦਾ ਅਸਰ ਘਰ-ਘਰ ਤਕ ਪਹੁੰਚ ਰਿਹਾ ਹੈ। ਜ਼ਿਲ੍ਹੇ ਦੇ ਪਿੰਡਾਂ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਤੱਕ ਨਸ਼ਿਆਂ ਦੀ ਪਹੁੰਚ ਨੇ ਮਾਪਿਆਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਕਈ ਪਰਿਵਾਰ ਆਪਣੇ ਨੌਜਵਾਨ ਪੁੱਤਰਾਂ ਨੂੰ ਨਸ਼ੇ ਦੀ ਲਤ ਕਾਰਨ ਗੁਆ ਚੁੱਕੇ ਹਨ, ਜਦਕਿ ਕਈ ਘਰ ਆਰਥਿਕ ਤੌਰ ’ਤੇ ਬਰਬਾਦੀ ਦੇ ਕਿਨਾਰੇ ਖੜ੍ਹੇ ਹਨ। ਨਸ਼ੇ ਦੀ ਲਤ ਕਾਰਨ ਨੌਜਵਾਨਾਂ ਵਿੱਚ ਬਿਮਾਰੀਆਂ, ਅਪਰਾਧ ਤੇ ਆਤਮਹੱਤਿਆ ਦੇ ਮਾਮਲੇ ਵੀ ਵਧ ਰਹੇ ਹਨ। ਚਿੱਟੇ (ਹੈਰੋਇਨ) ਦੇ ਟੀਕੇ ਲਗਾਉਣ ਨਾਲ ਸਰੀਰਕ ਅਤੇ ਮਾਨਸਿਕ ਸਿਹਤ ਉੱਤੇ ਭਾਰੀ ਅਸਰ ਪੈਂਦਾ ਹੈ ਅਤੇ ਕਈ ਵਾਰ ਇਹ ਮੌਤ ਦਾ ਕਾਰਨ ਵੀ ਬਣ ਜਾਂਦਾ ਹੈ। ਸਵਾਲ ਇਹ ਉੱਠਦਾ ਹੈ ਕਿ ਆਖਰ ਇਹ ਨਸ਼ਾ ਆ ਕਿੱਥੋਂ ਰਿਹਾ ਹੈ? ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਦੇ ਜਾਲ ਰਾਹੀਂ ਬਾਹਰੀ ਸੂਬਿਆਂ ਅਤੇ ਸਰਹੱਦੀ ਇਲਾਕਿਆਂ ਤੋਂ ਜ਼ਿਲ੍ਹੇ ਵਿੱਚ ਪਹੁੰਚ ਰਿਹਾ ਹੈ। ਕੁਝ ਲੋਕ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਕਰ ਰਹੇ ਹਨ ਅਤੇ ਮੰਗ ਕਰ ਰਹੇ ਹਨ ਕਿ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾਵੇ। ਹਾਲਾਂਕਿ ਪੁਲਿਸ ਵੱਲੋਂ ਸਮੇਂ-ਸਮੇਂ ’ਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਹ ਦਰਸਾਉਂਦੀ ਹੈ ਕਿ ਨਸ਼ੇ ਦੀ ਉਪਲਬਧਤਾ ਵਿੱਚ ਕੋਈ ਵੱਡੀ ਕਮੀ ਨਹੀਂ ਆਈ। ਸਮਾਜਿਕ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਵੀ ਨਸ਼ਾ ਮੁਕਤੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਪਰ ਹਾਲਾਤਾਂ ਵਿੱਚ ਵੱਡਾ ਸੁਧਾਰ ਨਜ਼ਰ ਨਹੀਂ ਆ ਰਿਹਾ। ਖੰਡਰ ਇਮਾਰਤਾਂ ਬਣੀਆਂ ਨਸ਼ੇੜੀਆਂ ਦਾ ਅੱਡਾ, ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲਜ ਸੇਵੀ ਲੋਕਾਂ ਦਾ ਮੰਨਣਾ ਹੈ ਕਿ ਸਿਰਫ ਪੁਲਿਸੀ ਕਾਰਵਾਈ ਨਾਲ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ, ਇਸ ਲਈ ਸਿੱਖਿਆ, ਰੋਜ਼ਗਾਰ ਦੇ ਮੌਕੇ ਅਤੇ ਨਸ਼ਾ ਛੁਡਾਊ ਕੇਂਦਰਾਂ ਦੀ ਗਿਣਤੀ ਵਧਾਉਣ ਦੀ ਲੋੜ ਹੈ। ਨੌਜਵਾਨਾਂ ਨੂੰ ਖੇਡਾਂ ਅਤੇ ਰਚਨਾਤਮਕ ਸਰਗਰਮੀਆਂ ਵੱਲ ਪ੍ਰੇਰਿਤ ਕਰਨਾ ਵੀ ਜ਼ਰੂਰੀ ਹੈ, ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਸਕਣ। ਲਗਾਤਾਰ ਹੋ ਰਹੀਆਂ ਮੌਤਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹਰ ਮੌਤ ਦੇ ਬਾਅਦ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਦੇ ਭਰੋਸੇ ਦਿੱਤੇ ਜਾਂਦੇ ਹਨ, ਪਰ ਕੁਝ ਸਮੇਂ ਬਾਅਦ ਹਾਲਾਤ ਫਿਰ ਉਹੀ ਬਣ ਜਾਂਦੇ ਹਨ। ਮਾਪਿਆਂ ਅਤੇ ਸਮਾਜ ਦੇ ਜ਼ਿੰਮੇਵਾਰ ਵਰਗਾਂ ਦੀ ਮੰਗ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਬੇਰਹਿਮ ਕਾਰਵਾਈ ਕੀਤੀ ਜਾਵੇ ਅਤੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਢੁਕਵੇਂ ਕਦਮ ਚੁੱਕੇ ਜਾਣ। ਜੇਕਰ ਸਮੇਂ ਸਿਰ ਇਸ ਗੰਭੀਰ ਸਮੱਸਿਆ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਨਸ਼ਾ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਖਰਾਬ ਕਰ ਸਕਦਾ ਹੈ।
-ਖੰਡਰ ਇਮਾਰਤਾਂ ਬਣੀਆਂ ਨਸ਼ੇੜੀਆਂ ਦਾ ਅੱਡਾ, ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ
ਬਠਿੰਡਾ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਪਈਆਂ ਖੰਡਰ ਇਮਾਰਤਾਂ ਹੁਣ ਨਸ਼ੇੜੀਆਂ ਲਈ ਸੁਰੱਖਿਅਤ ਠਿਕਾਣਿਆਂ ਵਜੋਂ ਵਰਤੀਆਂ ਜਾ ਰਹੀਆਂ ਹਨ। ਇਨ੍ਹਾਂ ਸੁੰਨੀਆਂ ਤੇ ਬੇਆਬਾਦ ਪਈਆਂ ਇਮਾਰਤਾਂ ਵਿੱਚ ਨੌਜਵਾਨ ਬੈਠ ਕੇ ਚਿੱਟੇ ਦੇ ਟੀਕੇ ਲਗਾਉਂਦੇ ਹਨ ਅਤੇ ਨਸ਼ਾ ਕਰਦੇ ਹਨ। ਸਥਾਨਕ ਲੋਕਾਂ ਨੇ ਕਿਹਾ ਕਿ ਕਈ ਵਾਰ ਇਨ੍ਹਾਂ ਥਾਵਾਂ ’ਤੇ ਵਰਤੇ ਹੋਏ ਸਰਿੰਜ, ਨਸ਼ੇ ਦੇ ਖਾਲੀ ਪੈਕੇਟ ਅਤੇ ਹੋਰ ਸਮੱਗਰੀ ਵੀ ਮਿਲਦੀ ਹੈ, ਜੋ ਹਾਲਾਤ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ। ਇਸ ਸਬੰਧੀ ਅੱਜ ਨਵਾਂ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਵੱਲੋਂ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਗਈ ਹੈ, ਜਿਸ ਵਿੱਚ ਇਕ ਨੌਜਵਾਨ ਨੂੰ ਨਸ਼ਾ ਕਰਨ ਦੀ ਨੀਅਤ ਨਾਲ ਖੰਡਰ ਇਮਾਰਤ ਅੰਦਰ ਦਾਖਲ ਹੁੰਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਇਮਾਰਤ ਦੀ ਹਾਲਤ ਜਰਜਰ ਹੈ ਅਤੇ ਅੰਦਰ ਕਿਸੇ ਕਿਸਮ ਦੀ ਸੁਰੱਖਿਆ ਵਿਵਸਥਾ ਨਹੀਂ ਹੈ, ਜਿਸ ਕਰਕੇ ਇਹ ਥਾਂ ਨਸ਼ੇੜੀਆਂ ਲਈ ਆਸਾਨ ਠਿਕਾਣਾ ਬਣ ਗਈ ਹੈ। ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਇਹ ਕੋਈ ਇਕੱਲਾ ਮਾਮਲਾ ਨਹੀਂ ਹੈ, ਬਲਕਿ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਈਆਂ ਖਾਲੀ ਅਤੇ ਟੁੱਟੀ-ਫੁੱਟੀ ਇਮਾਰਤਾਂ ਵਿੱਚ ਨਸ਼ੇੜੀ ਬੇਝਿਜਕ ਨਸ਼ਾ ਕਰ ਰਹੇ ਹਨ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੀਆਂ ਇਮਾਰਤਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਸੀਲ ਕੀਤਾ ਜਾਵੇ ਜਾਂ ਉਨ੍ਹਾਂ ਦੇ ਮਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਇਨ੍ਹਾਂ ਥਾਵਾਂ ਦਾ ਗਲਤ ਇਸਤੇਮਾਲ ਨਾ ਹੋ ਸਕੇ। ਲੋਕਾਂ ਨੇ ਕਿਹਾ ਕਿ ਨਸ਼ੇੜੀਆਂ ਦੀ ਆਵਾਜਾਈ ਕਾਰਨ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣ ਗਿਆ ਹੈ। ਮਾਪੇ ਆਪਣੇ ਬੱਚਿਆਂ ਨੂੰ ਇਨ੍ਹਾਂ ਥਾਵਾਂ ਦੇ ਨੇੜੇ ਜਾਣ ਤੋਂ ਰੋਕਦੇ ਹਨ। ਕਈ ਵਾਰ ਨਸ਼ੇ ਦੀ ਹਾਲਤ ਵਿੱਚ ਵਿਅਕਤੀ ਗਲਤ ਹਰਕਤਾਂ ਵੀ ਕਰ ਜਾਂਦੇ ਹਨ, ਜਿਸ ਨਾਲ ਕਾਨੂੰਨ-ਵਿਵਸਥਾ ਲਈ ਵੀ ਚੁਣੌਤੀ ਪੈਦਾ ਹੋ ਰਹੀ ਹੈ।