ਪਿੰਡਾਂ ਤੇ ਵਾਰਡਾਂ ’ਚ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਜਾਗਰੂਕਤਾ ਮੁਹਿੰਮ 29 ਤੋਂ 29 ਸਤੰਬਰ ਤੋਂ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਜਾਗਰੂਕਤਾ ਮੁਹਿੰਮ
Publish Date: Thu, 24 Sep 2026 05:54 PM (IST)
Updated Date: Fri, 25 Sep 2026 04:06 AM (IST)
ਫੋਟੋ : 26 ਕੈਪ਼ਸਨ : ਬਠਿੰਡਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਦੇ ਹੋਏ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀ। ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 29 ਸਤੰਬਰ ਤੋਂ ਬਠਿੰਡਾ ਜ਼ਿਲ੍ਹੇ ਦੇ ਹਰ ਪਿੰਡ ਤੇ ਵਾਰਡ ’ਚ ਨਸ਼ਿਆਂ ਖ਼ਿਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਹੋਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਮੁਹਿੰਮ ਨੂੰ ਵਾਰਡ ਅਤੇ ਪਿੰਡ ਪੱਧਰ ਤੱਕ ਲਿਜਾਇਆ ਜਾਵੇਗਾ ਅਤੇ ਵੱਖ-ਵੱਖ ਥਾਵਾਂ ’ਤੇ ਨੌਜਵਾਨਾਂ ਦੀ ਵਿਸ਼ੇਸ਼ ਸ਼ਮੂਲੀਅਤ ਨਾਲ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ। ਐੱਸਐੱਸਪੀ ਬਠਿੰਡਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਪੁਲਿਸ ਵੱਲੋਂ ਡਿਫੈਂਸ ਕਮੇਟੀਆਂ ਦੀ ਮਦਦ ਨਾਲ ਨਸ਼ਿਆਂ ਦੀ ਸਪਲਾਈ ’ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਿਫੈਂਸ ਕਮੇਟੀ ਦੇ ਮੈਂਬਰਾਂ ਜਾਂ ਹੋਰ ਲੋਕਾਂ ਵੱਲੋਂ ਨਸ਼ਿਆਂ ਦੇ ਕਾਰੋਬਾਰ ਸਬੰਧੀ ਸੂਚਨਾ ਮਿਲਣ ’ਤੇ ਪੁਲਿਸ ਵੱਲੋਂ ਰੇਡ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਵਾਰਡ ਅਤੇ ਡਿਫੈਂਸ ਕਮੇਟੀ ਦੇ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਬੈਠਕ ’ਚ ਵਿਧਾਇਕ ਰਾਮਪੁਰਾ ਫੂਲ ਸ੍ਰੀ ਬਲਕਾਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ, ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਸ੍ਰੀ ਗੋਪਾਲ ਸਿੰਘ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਿਲ੍ਹਾ ਕੋ-ਆਰਡੀਨੇਟਰ ਗੁਰਸੇਵਕ ਸਿੰਘ ਬਾਂਡੀ, ਉਪ ਮੰਡਲ ਮੈਜਿਸਟ੍ਰੇਟ, ਡੀਐੱਸਪੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।