ਤਿੰਨ ਪਿੰਡਾਂ ’ਚ ਵਿਸ਼ੇਸ਼ ਸਰਚ ਮੁਹਿੰਮ, ਤਿੰਨ ਸ਼ੱਕੀ ਵਿਅਕਤੀ ਹਿਰਾਸਤ ’ਚ ਲਏ ਤਿੰਨ ਪਿੰਡਾਂ ਵਿੱਚ ਵਿਸ਼ੇਸ਼ ਸਰਚ ਅਭਿਆਨ, ਤਿੰਨ ਸ਼ੱਕੀ ਵਿਅਕਤੀ ਹਿਰਾਸਤ ਵਿੱਚ ਲਏ
Publish Date: Wed, 11 Nov 2026 03:52 PM (IST)
Updated Date: Wed, 11 Nov 2026 03:54 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਯੁੱਧ ਨਸ਼ਿਆਂ ਵਿਰੁੱਧ ਤਹਿਤ ਬਠਿੰਡਾ ਪੁਲਿਸ ਵੱਲੋਂ ਸਬ-ਡਵੀਜ਼ਨ ਭੁੱਚੋ ਅਧੀਨ ਪੈਂਦੇ ਤਿੰਨ ਪਿੰਡਾਂ ਜੀਦਾ, ਹਰਰਾਏਪੁਰ ਅਤੇ ਖੇਮੂਆਣਾ ਵਿਚ ਵਿਸ਼ੇਸ਼ ਸਰਚ ਮੁਹਿੰਮ ਚਲਾਈ ਗਈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ, ਜਦਕਿ ਦੋ ਸ਼ੱਕੀ ਮੋਟਰਸਾਈਕਲ ਵੀ ਕਬਜ਼ੇ ਵਿਚ ਲੈ ਕੇ ਉਨ੍ਹਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਡੀਐੱਸਪੀ ਭੁੱਚੋ ਪ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕਰਕੇ ਪਿੰਡਾਂ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਸਬੰਧੀ ਡੀਐੱਸਪੀ ਭੁੱਚੋ ਨੇ ਦੱਸਿਆ ਕਿ ਸਰਚ ਅਭਿਆਨ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਭ ਤੋਂ ਪਹਿਲਾਂ ਪਿੰਡਾਂ ਦੇ ਆਉਣ-ਜਾਣ ਵਾਲੇ ਰਸਤਿਆਂ ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਸ਼ੱਕੀ ਵਾਹਨਾਂ ਅਤੇ ਆਉਣ-ਜਾਣ ਵਾਲੇ ਲੋਕਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਬਾਅਦ ਤਿੰਨ ਵੱਖ-ਵੱਖ ਪੁਲਿਸ ਟੀਮਾਂ ਨੇ ਨਿਰਧਾਰਤ ਇਲਾਕਿਆਂ ਵਿੱਚ ਸਰਚ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਪੁਲਿਸ ਕਾਰਵਾਈ ਦੌਰਾਨ ਤਿੰਨ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ। ਇਸ ਤੋਂ ਇਲਾਵਾ ਦੋ ਸ਼ੱਕੀ ਮੋਟਰਸਾਈਕਲ ਵੀ ਕਬਜ਼ੇ ਵਿਚ ਲਏ ਗਏ ਹਨ, ਜਿਨ੍ਹਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।