- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਸਰਕਾਰਾਂ ਦੇ ਸਮੇਂ ਰੇਤ, ਟਰਾਂਸਪੋਰਟ, ਨਸ਼ਿਆਂ ਅਤੇ ਹੋਰ ਮਾਫੀਆ ਨੂੰ ਸੁਰੱਖਿਆ ਮਿਲੀ, ਜਿਸ ਕਾਰਨ ਪੰਜਾਬ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਲੋਕਾਂ ਨੇ ਧਾਰਮਿਕ ਭਾਵਨਾਵਾਂ ਦੇ ਆਧਾਰ ’ਤੇ ਭਰੋਸਾ ਕੀਤਾ, ਪਰ ਬਦਲੇ ਵਿੱਚ ਪੰਜਾਬ ਨੂੰ ਬੇਰੁਜ਼ਗਾਰੀ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੀ ਮਾਰ ਸਹਿਣੀ ਪਈ।

ਗੁਰਤੇਜ ਸਿੰਘ ਸਿੱਧੂ, ਬਠਿੰਡਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਅਤੇ ਪੰਜਾਬੀ ਲਈ ਸਰਵਉੱਚ ਧਾਰਮਿਕ ਅਸਥਾਨ ਹੈ, ਪਰ ਕੁਝ ਲੋਕ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਲਈ ਇਸ ਪਵਿੱਤਰ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਸ੍ਰੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਕਿਸੇ ਇਕ ਪਰਿਵਾਰ ਜਾਂ ਗਰੁੱਪ ਦੇ ਨਿੱਜੀ ਹਿੱਤਾਂ ਲਈ ਬੰਧਕ ਨਹੀਂ ਬਣਾਇਆ ਜਾ ਸਕਦਾ।
ਮੌੜ ਹਲਕੇ ਦੇ ਪਿੰਡ ਮੰਡੀ ਕਲਾਂ ਵਿੱਚ ਕਰਵਾਈ ਗਈ ਲੋਕ ਮਿਲਣੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਭ ਤੋਂ ਪਵਿੱਤਰ ਅਤੇ ਸਤਿਕਾਰਯੋਗ ਸੰਸਥਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਇਸ ਅਸਥਾਨ ਅੱਗੇ ਸੀਸ ਨਿਵਾਉਂਦੇ ਹਨ ਕਿਉਂਕਿ ਇਹ ਹਰ ਸਿੱਖ ਦੀ ਆਸਥਾ ਦਾ ਕੇਂਦਰ ਹੈ, ਪਰ ਕੁਝ ਲੋਕਾਂ ਨੇ ਇਸ ਪਵਿੱਤਰ ਸੰਸਥਾ ਨੂੰ ਆਪਣੇ ਸਿਆਸੀ ਮਕਸਦਾਂ ਲਈ ਵਰਤਣਾ ਸ਼ੁਰੂ ਕਰ ਦਿੱਤਾ ਹੈ, ਜੋ ਬਹੁਤ ਦੁੱਖਦਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐਸਜੀਪੀਸੀ ਦੀਆਂ ਚੋਣਾਂ ਪਿਛਲੇ 14 ਸਾਲਾਂ ਤੋਂ ਨਹੀਂ ਹੋਈਆਂ ਅਤੇ ਇਸ ਕਾਰਨ ਸੰਸਥਾ ਦੀ ਕਾਰਗੁਜ਼ਾਰੀ ਪ੍ਰਭਾਵਿਤ ਹੋਈ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਐਸਜੀਪੀਸੀ ਚੋਣਾਂ ਤੁਰੰਤ ਕਰਵਾਈਆਂ ਜਾਣ ਤਾਂ ਜੋ ਸਿੱਖ ਸੰਗਤਾਂ ਨੂੰ ਆਪਣੀ ਨੁਮਾਇੰਦਗੀ ਚੁਣਨ ਦਾ ਮੌਕਾ ਮਿਲ ਸਕੇ। ਭਗਵੰਤ ਮਾਨ ਨੇ ਬਾਦਲ ਪਰਿਵਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਸਾਲਾਂ ਤੱਕ ਧਰਮ ਅਤੇ ਪੰਥ ਦੀ ਆੜ ਹੇਠ ਸਿਆਸੀ ਲਾਹਾ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਸਰਕਾਰਾਂ ਦੇ ਸਮੇਂ ਰੇਤ, ਟਰਾਂਸਪੋਰਟ, ਨਸ਼ਿਆਂ ਅਤੇ ਹੋਰ ਮਾਫੀਆ ਨੂੰ ਸੁਰੱਖਿਆ ਮਿਲੀ, ਜਿਸ ਕਾਰਨ ਪੰਜਾਬ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਲੋਕਾਂ ਨੇ ਧਾਰਮਿਕ ਭਾਵਨਾਵਾਂ ਦੇ ਆਧਾਰ ’ਤੇ ਭਰੋਸਾ ਕੀਤਾ, ਪਰ ਬਦਲੇ ਵਿੱਚ ਪੰਜਾਬ ਨੂੰ ਬੇਰੁਜ਼ਗਾਰੀ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੀ ਮਾਰ ਸਹਿਣੀ ਪਈ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਵੱਲੋਂ ਲਿਆਂਦੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕਾਨੂੰਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨੂੰਨ ਤਹਿਤ ਬੇਅਦਬੀ ਕਰਨ ਜਾਂ ਇਸ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 50 ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਸਤਿਕਾਰ ਦੀ ਰੱਖਿਆ ਕਰਨਾ ਹਰ ਪੰਜਾਬੀ ਅਤੇ ਸਿੱਖ ਦਾ ਸਾਂਝਾ ਫਰਜ਼ ਹੈ।
ਉਨ੍ਹਾਂ ਦੀ ਸਰਕਾਰ ਸਿਰਫ਼ ਧਾਰਮਿਕ ਮਾਮਲਿਆਂ ਤੱਕ ਹੀ ਸੀਮਤ ਨਹੀਂ, ਸਗੋਂ ਲੋਕ ਭਲਾਈ ਲਈ ਵੀ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਕੀਮ ਪੰਜਾਬ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਬਣਾਏਗੀ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਜਿਸ ਨਾਲ ਉਨ੍ਹਾਂ ਦੇ ਸਸ਼ਕਤੀਕਰਨ ਨੂੰ ਬਲ ਮਿਲੇਗਾ।
ਖੇਤੀਬਾੜੀ ਅਤੇ ਸਿੰਚਾਈ ਦੇ ਖੇਤਰ ਵਿੱਚ ਹੋਏ ਸੁਧਾਰਾਂ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਜਿੱਥੇ ਸਿਰਫ਼ 22 ਫੀਸਦੀ ਖੇਤਰ ਨਹਿਰੀ ਪਾਣੀ ਨਾਲ ਸਿੰਚਿਆ ਜਾਂਦਾ ਸੀ, ਉੱਥੇ ਹੁਣ ਇਹ ਅੰਕੜਾ 80 ਫੀਸਦੀ ਤੋਂ ਵੱਧ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਨੇ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਸਿਫ਼ਾਰਸ਼ ਅਤੇ ਭ੍ਰਿਸ਼ਟਾਚਾਰ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੜਕਾਂ, ਸਿਹਤ ਸੇਵਾਵਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਵੀ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਆਪਣੇ ਸੰਬੋਧਨ ਦੇ ਅੰਤ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਵਿਕਾਸ, ਸਿੱਖਿਆ, ਸਿਹਤ, ਖੇਤੀਬਾੜੀ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਹਰ ਫ਼ੈਸਲਾ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ।