ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Publish Date: Sun, 01 Nov 2026 05:38 PM (IST)
Updated Date: Sun, 01 Nov 2026 05:41 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ, ਤਲਵੰਡੀ ਸਾਬੋ ਤਖ਼ਤ ਸ੍ਰੀ ਦਮਦਮਾ ਸਾਹਿਬ ਨਾਲ ਸਬੰਧਤ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਮਾਤਾ ਸੁੰਦਰ ਕੌਰ ਜੀ ਵਿਖੇ ਖ਼ਾਲਸਾ ਪੰਥ ਦੀ ਮਾਤਾ ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਪੂਰਨ ਸ਼ਰਧਾ-ਭਾਵਨਾ ਨਾਲ ਆਰੰਭ ਕਰਵਾਏ ਗਏ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵੀ ਗੁਰੂ-ਘਰ ਵਿਖੇ ਨਤਮਸਤਕ ਹੋਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਜਾਣਕਾਰੀ ਸਾਂਝੀ ਕਰਦਿਆਂ ਗਿਆਨੀ ਟੇਕ ਸਿੰਘ ਨੇ ਦੱਸਿਆ ਕਿ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 3 ਨਵੰਬਰ ਨੂੰ ਪਾਏ ਜਾਣਗੇ। ਭੋਗ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖੁੱਲ੍ਹੇ ਪੰਡਾਲ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਵਿਸ਼ੇਸ਼ਤਾ ਇਹ ਹੋਵੇਗੀ ਕਿ ਪੰਥਕ ਰਵਾਇਤ ਅਨੁਸਾਰ ਸਮੁੱਚਾ ਮੰਚ ਸੰਚਾਲਨ ਅਤੇ ਗੁਰਮਤਿ ਪ੍ਰਵਾਹ ਬੀਬੀਆਂ ਵੱਲੋਂ ਸੰਭਾਲਿਆ ਜਾਵੇਗਾ। ਬੀਬੀਆਂ ਦੇ ਕੀਰਤਨੀ ਜਥੇ ਇਲਾਹੀ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕਰਨਗੇ, ਜਦਕਿ ਪ੍ਰਚਾਰਕ ਬੀਬੀਆਂ ਗੁਰਮਤਿ ਵਿਚਾਰਾਂ ਰਾਹੀਂ ਮਾਤਾ ਸਾਹਿਬ ਕੌਰ ਜੀ ਦੇ ਲਾਸਾਨੀ ਜੀਵਨ ਅਤੇ ਪ੍ਰੇਰਨਾਦਾਇਕ ਫ਼ਲਸਫ਼ੇ ਤੋਂ ਸੰਗਤ ਨੂੰ ਜਾਣੂ ਕਰਵਾਉਣਗੀਆਂ। ਗਿਆਨੀ ਟੇਕ ਸਿੰਘ ਨੇ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ 3 ਨਵੰਬਰ ਨੂੰ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ, ਤਾਂ ਜੋ ਮਾਤਾ ਸਾਹਿਬ ਕੌਰ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਗੁਰਮਤਿ ਅਨੁਸਾਰ ਜੀਵਨ ਬਤੀਤ ਕੀਤਾ ਜਾ ਸਕੇ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਸਬ-ਆਫਿਸ ਦੇ ਇੰਚਾਰਜ ਭੋਲਾ ਸਿੰਘ, ਗਿਆਨੀ ਗੁਰਜੰਟ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ, ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।