ਪਰਾਲੀ ਸਾੜਨ ਦੇ ਮਾਮਲਿਆਂ ਨੇ ਫੜੀ ਤੇਜ਼ੀ, ਅੱਗ ਲਗਾਉਣ ਮਾਮਲੇ 359 ਤੋਂ ਵਧ ਕੇ 640 ਹੋਏ ਪਰਾਲੀ ਸਾੜਨ ਦੇ ਮਾਮਲਿਆਂ ਨੇ ਫੜੀ ਤੇਜ਼ੀ, ਅੱਗ ਲਗਾਉਣ ਮਾਮਲੇ 359 ਤੋਂ ਵਧ ਕੇ 640 ਹੋਏ
Publish Date: Mon, 23 Nov 2026 03:56 PM (IST)
Updated Date: Mon, 23 Nov 2026 03:58 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈਆਂ ਜਾ ਰਹੀਆਂ ਮੁਹਿੰਮਾਂ ਦੇ ਬਾਵਜੂਦ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਵਾਰ ਬਠਿੰਡਾ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਪਿਛਲੇ ਸਾਲ ਦੇ ਮੁਕਾਬਲੇ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਸਾਲ ਪੂਰੇ ਸੀਜ਼ਨ ਦੌਰਾਨ ਜਿੱਥੇ ਪਰਾਲੀ ਸਾੜਨ ਦੀਆਂ 359 ਘਟਨਾਵਾਂ ਸਾਹਮਣੇ ਆਈਆਂ ਸਨ, ਉੱਥੇ ਹੀ ਇਸ ਵਾਰ 23 ਨਵੰਬਰ ਤੱਕ ਇਹ ਗਿਣਤੀ ਵਧ ਕੇ 640 ਤੱਕ ਪਹੁੰਚ ਗਈ ਹੈ। ਇਸ ਤਰ੍ਹਾਂ ਪਿਛਲੇ ਸਾਲ ਦੇ ਮੁਕਾਬਲੇ ਹੁਣ ਤੱਕ 281 ਮਾਮਲੇ ਵੱਧ ਦਰਜ ਹੋ ਚੁੱਕੇ ਹਨ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦਾ ਕੰਮ ਅਜੇ ਪੂਰੀ ਤਰ੍ਹਾਂ ਮੁਕੰਮਲ ਨਹੀਂ ਹੋਇਆ ਹੈ। ਕਈ ਖੇਤਰਾਂ ਵਿੱਚ ਝੋਨੇ ਦੀ ਕਟਾਈ ਜਾਰੀ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਗਿਣਤੀ ਹੋਰ ਵਧਣ ਦਾ ਖ਼ਦਸ਼ਾ ਹੈ। ਅਜਿਹੇ ਵਿੱਚ ਪ੍ਰਸ਼ਾਸਨ ਲਈ ਬਾਕੀ ਰਹਿੰਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਵੱਡੀ ਚੁਣੌਤੀ ਬਣ ਗਿਆ ਹੈ। ਬਾਕਸ 2024 ’ਚ 750, 2025 ’ਚ ਘਟ ਕੇ 359 ਰਹਿ ਗਏ ਸਨ ਮਾਮਲੇ ਜੇਕਰ ਪਿਛਲੇ ਤਿੰਨ ਸਾਲਾਂ ਦੇ ਅੰਕੜਿਆਂ ’ਤੇ ਨਜ਼ਰ ਮਾਰੀ ਜਾਵੇ ਤਾਂ ਸਾਲ 2024 ਦੌਰਾਨ ਬਠਿੰਡਾ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ 750 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਸਾਲ 2025 ਵਿਚ ਇਹ ਗਿਣਤੀ ਘਟ ਕੇ 359 ਰਹਿ ਗਈ ਸੀ। ਪਿਛਲੇ ਸਾਲ ਮਾਮਲਿਆਂ ਵਿਚ ਆਈ ਕਮੀ ਨੂੰ ਦੇਖਦਿਆਂ ਪ੍ਰਸ਼ਾਸਨ ਨੂੰ ਉਮੀਦ ਸੀ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਹੋਰ ਕਮੀ ਆਵੇਗੀ। ਇਸ ਮਕਸਦ ਲਈ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕ ਕਰਨ, ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਅਤੇ ਖੇਤਾਂ ਵਿਚ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਯੋਜਨਾ ਬਣਾਈ ਗਈ ਸੀ। ਪਰ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਮਾਮਲਿਆਂ ਵਿਚ ਕਮੀ ਆਉਣ ਦੀ ਬਜਾਏ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਬਾਕਸ ਚਲਾਨ ਕੱਟਣ ਤੇ ਰੈੱਡ ਐਂਟਰੀਆਂ ਦਰਜ ਕਰਨ ਦੇ ਬਾਵਜੂਦ ਨਹੀਂ ਰੁਕ ਰਹੀ ਅੱਗ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਤੇ ਪ੍ਰਸ਼ਾਸਨ ਵੱਲੋਂ ਕਾਰਵਾਈ ਵੀ ਕੀਤੀ ਜਾ ਰਹੀ ਹੈ। ਜਿਨ੍ਹਾਂ ਖੇਤਾਂ ਵਿਚ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਉਨ੍ਹਾਂ ਦੇ ਸਬੰਧਤ ਕਿਸਾਨਾਂ ਦੇ ਚਲਾਨ ਕੱਟੇ ਜਾਂਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਜ਼ਮੀਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਵੀ ਦਰਜ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਭਵਿੱਖ ਵਿਚ ਜ਼ਮੀਨ ਨਾਲ ਸਬੰਧਤ ਲੈਣ-ਦੇਣ ਤੇ ਹੋਰ ਸਰਕਾਰੀ ਪ੍ਰਕਿਰਿਆਵਾਂ ਦੌਰਾਨ ਇਸ ਦਾ ਰਿਕਾਰਡ ਸਾਹਮਣੇ ਆ ਸਕੇ। ਪ੍ਰਸ਼ਾਸਨ ਵੱਲੋਂ ਖੇਤਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਡਰੋਨ ਦੀ ਮਦਦ ਵੀ ਲਈ ਗਈ। ਇਸ ਦੇ ਬਾਵਜੂਦ 23 ਨਵੰਬਰ ਤੱਕ 640 ਮਾਮਲੇ ਸਾਹਮਣੇ ਆਉਣਾ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਸਿਰਫ਼ ਨਿਗਰਾਨੀ ਤੇ ਕਾਨੂੰਨੀ ਕਾਰਵਾਈ ਨਾਲ ਇਸ ਸਮੱਸਿਆ ਨੂੰ ਪੂਰੀ ਤਰ੍ਹਾਂ ਕਾਬੂ ਕਰਨਾ ਅਜੇ ਵੀ ਮੁਸ਼ਕਲ ਬਣਿਆ ਹੋਇਆ ਹੈ। ਬਾਕਸ ਹਵਾ ਦੀ ਗੁਣਵੱਤਾ ਤੇ ਲੋਕਾਂ ਦੀ ਸਿਹਤ ਲਈ ਵੀ ਚਿੰਤਾ ਪਰਾਲੀ ਸਾੜਨ ਨਾਲ ਉੱਠਣ ਵਾਲਾ ਧੂੰਆਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਆਮ ਲੋਕਾਂ ਦੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪਾ ਸਕਦਾ ਹੈ। ਖ਼ਾਸ ਕਰਕੇ ਬਜ਼ੁਰਗਾਂ, ਬੱਚਿਆਂ ਤੇ ਸਾਹ ਸਬੰਧੀ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਇਸ ਕਾਰਨ ਵਧੇਰੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਸਵਾਲ ਇਹ ਉੱਠਦਾ ਹੈ ਕਿ ਜਦੋਂ ਕਿਸਾਨਾਂ ਦੇ ਚਲਾਨ ਕੱਟੇ ਜਾ ਰਹੇ ਹਨ, ਮਾਲ ਰਿਕਾਰਡ ਵਿਚ ਰੈੱਡ ਐਂਟਰੀਆਂ ਦਰਜ ਕੀਤੀਆਂ ਜਾ ਰਹੀਆਂ ਹਨ ਅਤੇ ਡਰੋਨ ਰਾਹੀਂ ਨਿਗਰਾਨੀ ਵੀ ਕੀਤੀ ਜਾ ਰਹੀ ਹੈ ਤਾਂ ਫਿਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਕਿਉਂ ਹੋ ਰਿਹਾ ਹੈ? ਮਾਹਿਰਾਂ ਅਨੁਸਾਰ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ, ਸਮੇਂ ਸਿਰ ਸਹਾਇਤਾ ਤੇ ਵਿਹਾਰਕ ਬਦਲ ਮੁਹੱਈਆ ਕਰਵਾਉਣਾ ਵੀ ਬੇਹੱਦ ਜ਼ਰੂਰੀ ਹੈ, ਕਿਉਂਕਿ ਝੋਨੇ ਦੀ ਕਟਾਈ ਦਾ ਕੰਮ ਅਜੇ ਜਾਰੀ ਹੈ, ਇਸ ਲਈ ਆਉਣ ਵਾਲੇ ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣਾ ਪ੍ਰਸ਼ਾਸਨ ਲਈ ਅਹਿਮ ਚੁਣੌਤੀ ਰਹੇਗਾ। ਜੇਕਰ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ ਦੇ ਅੰਕੜਿਆਂ ਤੋਂ ਕਾਫ਼ੀ ਅੱਗੇ ਨਿਕਲ ਸਕਦੇ ਹਨ।