ਪਰਾਲੀ ਸਾੜਨ ਨਾਲ ਘਟਦੀ ਜ਼ਮੀਨ ਦੀ ਉਪਜਾਊ ਸ਼ਕਤੀ: ਐੱਸਡੀਐੱਮ ਮਾਹਲ ਪਰਾਲੀ ਸਾੜਨ ਨਾਲ ਘਟਦੀ ਜ਼ਮੀਨ ਦੀ ਉਪਜਾਊ ਸ਼ਕਤੀ: ਐੱਸਡੀਐੱਮ ਮਾਹਲ
Publish Date: Wed, 21 Oct 2026 04:03 PM (IST)
Updated Date: Wed, 21 Oct 2026 04:03 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਤੇ ਕਿਸਾਨਾਂ ਨੂੰ ਇਸ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਾਸਤੇ ਐੱਸਡੀਐੱਮ ਬਲਕਰਨ ਸਿੰਘ ਮਾਹਲ ਦੀ ਅਗਵਾਈ ਹੇਠ ਪਿੰਡ ਗਿੱਲ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਤੋਂ ਜਾਣੂ ਕਰਵਾਉਣ ਤੇ ਪਰਾਲੀ ਦੇ ਬਦਲਵੇਂ ਪ੍ਰਬੰਧਨ ਤਰੀਕਿਆਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦੇ ਵੱਖ-ਵੱਖ ਤਰੀਕਿਆਂ ਤੇ ਇਸ ਦੇ ਵਾਤਾਵਰਨ ਤੇ ਖੇਤੀਬਾੜੀ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਐੱਸਡੀਐੱਮ ਬਲਕਰਨ ਸਿੰਘ ਮਾਹਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਵਾਤਾਵਰਨ ਤੇ ਮਨੁੱਖੀ ਸਿਹਤ ਲਈ ਨੁਕਸਾਨਦੇਹ ਹੈ। ਪਰਾਲੀ ਸਾੜਨ ਨਾਲ ਹਵਾ ਵਿਚ ਧੂੰਏਂ ਤੇ ਹਾਨੀਕਾਰਕ ਗੈਸਾਂ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਹਵਾ ਪ੍ਰਦੂਸ਼ਿਤ ਹੁੰਦੀ ਹੈ ਤੇ ਲੋਕਾਂ ਨੂੰ ਸਾਹ ਸਬੰਧੀ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਧੂੰਆਂ ਆਵਾਜਾਈ ਦੌਰਾਨ ਵੀ ਹਾਦਸਿਆਂ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਵਿਚ ਮੌਜੂਦ ਲਾਭਦਾਇਕ ਜੀਵਾਣੂ ਅਤੇ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਐੱਸਡੀਐੱਮ ਮਾਹਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਏ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ।