ਮਲੂਕਾ ਖੁਰਦ ਤੇ ਕੋਠਾ ਗੁਰੂ ਦੇ ਵਿਦਿਆਰਥੀਆਂ ਨੇ ਵਿਦਿਅਕ ਟੂਰ ਲਾਇਆ ਮਲੂਕਾ ਖੁਰਦ ਅਤੇ ਕੋਠਾ ਗੁਰੂ ਦੇ ਵਿਦਿਆਰਥੀਆਂ ਨੇ ਵਿਦਿਅਕ ਟੂਰ ਲਾਇਆ
Publish Date: Tue, 17 Nov 2026 05:37 PM (IST)
Updated Date: Tue, 17 Nov 2026 05:39 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਖੁਰਦ ਅਤੇ ਸਰਕਾਰੀ ਸਕੂਲ ਕੋਠਾ ਗੁਰੂ ਲੜਕੀਆਂ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਇਤਿਹਾਸਕ ਤੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਸਾਂਝਾ ਵਿਦਿਅਕ ਟੂਰ ਲਗਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਵਿਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੂੰ ਟਿੱਲਾ ਬਾਬਾ ਸ਼ੇਖ ਫਰੀਦ ਜੀ, ਗੁਰਦੁਆਰਾ ਜਾਮਣੀ ਸਾਹਿਬ ਵਜੀਦਪੁਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ ਸਾਰਾਗੜ੍ਹੀ ਮੈਮੋਰੀਅਲ ਗੁਰਦੁਆਰਾ ਫਿਰੋਜ਼ਪੁਰ ਦੇ ਦਰਸ਼ਨ ਕਰਵਾਏ ਗਏ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਸਰਹੱਦ ਤੇ ਸ਼ਾਮ ਦੀ ਪਰੇਡ ਦਿਖਾਈ ਗਈ, ਜਿੱਥੇ ਉਨ੍ਹਾਂ ਨੂੰ ਦੇਸ਼ ਦੇ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣਨ ਦਾ ਮੌਕਾ ਮਿਲਿਆ। ਟੂਰ ਦੌਰਾਨ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਵੱਖ ਵੱਖ ਸਥਾਨਾਂ ਦੀ ਇਤਿਹਾਸਕ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹੈਡ ਟੀਚਰ ਸੁਖਦੇਵ ਸਿੰਘ ਨੇ ਕਿਹਾ ਕਿ ਅਜਿਹੇ ਵਿਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਇਤਿਹਾਸ, ਧਰਮ, ਸੱਭਿਆਚਾਰ ਤੇ ਦੇਸ਼ ਦੇ ਮਹਾਨ ਨਾਇਕਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਰਕਾਰੀ ਸਕੂਲ ਮਲੂਕਾ ਖੁਰਦ ਤੋਂ ਹੈੱਡ ਟੀਚਰ ਸੁਖਦੇਵ ਸਿੰਘ, ਗੁਰਪ੍ਰੀਤ ਕੌਰ, ਪਰਵਿੰਦਰ ਸਿੰਘ, ਗੁਰਦੀਪ ਸਿੰਘ, ਅਮਨਦੀਪ ਕੌਰ ਅਤੇ ਦਲਜੀਤ ਸ਼ਰਮਾ ਅਤੇ ਸਰਕਾਰੀ ਸਕੂਲ ਕੋਠਾ ਗੁਰੂ ਤੋਂ ਹੈੱਡ ਟੀਚਰ ਨਵਨੀਤ ਕੌਰ,ਹਰਪ੍ਰੀਤ ਕੌਰ, ਸੁਖਮੰਦਰ ਸਿੰਘ, ਇੰਦਰਜੀਤ ਕੌਰ ਅਤੇ ਅਨਮੋਲ ਵਿਦਿਆਰਥੀਆਂ ਦੇ ਨਾਲ ਮੌਜੂਦ ਸਨ।