ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਖਬੀਰ ਨੇ ਮੱਥਾ ਟੇਕਿਆ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ
Publish Date: Tue, 25 Aug 2026 06:21 PM (IST)
Updated Date: Wed, 26 Aug 2026 04:01 AM (IST)
* ਕਿਹਾ, ਪੰਜਾਬ ਬਚਾਉਣ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਪਵੇਗਾ * ਹਮਲੇ ਤੋਂ ਬਾਅਦ ਸ਼ੁਕਰਾਨਾ ਕਰਨ ਪਹੁੰਚੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਫੋਟੋ : 32 ਕੈਪ਼ਸਲ : ਸ਼ੁਕਰਾਨੇ ਦੀ ਅਰਦਾਸ ’ਚ ਸ਼ਾਮਲ ਹੁੰਦੇ ਹੋਏ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂ। ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਮੰਗਲਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਸੁਖਬੀਰ ਬਾਦਲ ਆਪਣੇ ’ਤੇ ਹੋਏ ਹਮਲੇ ਤੋਂ ਬਾਅਦ ਸ਼ੁਕਰਾਨਾ ਕਰਨ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਪੰਜਾਬ ਦੀ ਅਮਨ-ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਅਤੇ ਉਨ੍ਹਾਂ ਦੀ ਸਲਾਮਤੀ ਲਈ ਅਰਦਾਸਾਂ ਕਰਨ ਵਾਲੀ ਸੰਗਤ ਦਾ ਧੰਨਵਾਦ ਕੀਤਾ। ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਪੰਜਾਬ ’ਚ ਕੁਝ ਅਜਿਹੀਆਂ ਤਾਕਤਾਂ ਸਰਗਰਮ ਹੋ ਗਈਆਂ ਹਨ, ਜੋ ਪੰਜਾਬ ਨੂੰ ਆਪਣਾ ਘਰ ਨਹੀਂ ਸਮਝਦੀਆਂ ਅਤੇ ਪੰਜਾਬ ਦੀ ਲੀਡਰਸ਼ਿਪ ਨੂੰ ਖ਼ਤਮ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਲੀਡਰਸ਼ਿਪ ਨੂੰ ਕਮਜ਼ੋਰ ਕਰਨਾ ਤੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਇਨ੍ਹਾਂ ਤਾਕਤਾਂ ਦਾ ਨਿਸ਼ਾਨਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਪੰਜਾਬ ਦੇ ਪੁਰਾਣੇ ਮਾੜੇ ਦੌਰ ਨੂੰ ਮੁੜ ਲਿਆਉਣਾ ਚਾਹੁੰਦੇ ਹਨ ਪਰ ਅਕਾਲੀ ਦਲ ਕਿਸੇ ਵੀ ਕੀਮਤ ’ਤੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ, ਪੰਜਾਬ ਤੇ ਖਾਲਸਾ ਪੰਥ ਦੀ 105 ਸਾਲ ਪੁਰਾਣੀ ਜਥੇਬੰਦੀ ਹੈ, ਜਿਸ ਨੇ ਆਜ਼ਾਦੀ ਤੋਂ ਪਹਿਲਾਂ ਅੰਗਰੇਜ਼ਾਂ ਵਿਰੁੱਧ ਤੇ ਬਾਅਦ ’ਚ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਉਹ ਪੰਜਾਬ ਦੀ ਸ਼ਾਂਤੀ, ਭਾਈਚਾਰੇ ਤੇ ਖੁਸ਼ਹਾਲੀ ਲਈ ਹਰ ਸੰਭਵ ਯਤਨ ਕਰਨਗੇ। ਸਾਰੇ ਧਰਮਾਂ ਦਾ ਸਤਿਕਾਰ ਤੇ ਪੰਜਾਬ ਦੀ ਖੁਸ਼ਹਾਲੀ ਅਕਾਲੀ ਦਲ ਦਾ ਮੁੱਖ ਮਿਸ਼ਨ ਹੈ। ਪਰਮਾਤਮਾ ਨੇ ਹਰ ਵਾਰ ਸੁਖਬੀਰ ਬਾਦਲ ਦੀ ਰੱਖਿਆ ਕੀਤੀ : ਬੀਬੀ ਬਾਦਲ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਜ਼ਖ਼ਮਾਂ ਦੇ ਟਾਂਕੇ ਖੁੱਲ੍ਹ ਚੁੱਕੇ ਹਨ ਤੇ ਹੁਣ ਪ੍ਰਭਾਵਿਤ ਸਥਾਨ ’ਤੇ ਪਲਾਸਟਰ ਲੱਗਾ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸੇ ਕਾਰਨ ਵਿਰੋਧੀ ਤਾਕਤਾਂ ਵੱਲੋਂ ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਸੁਖਬੀਰ ਬਾਦਲ ’ਤੇ ਜਿੰਨੇ ਵੀ ਹਮਲੇ ਹੋਏ, ਹਰ ਵਾਰ ਪਰਮਾਤਮਾ ਨੇ ਉਨ੍ਹਾਂ ਦੀ ਰੱਖਿਆ ਕੀਤੀ ਹੈ। ਹਰਸਿਮਰਤ ਕੌਰ ਨੇ ਸੁਖਬੀਰ ਬਾਦਲ ਦੀ ਸਲਾਮਤੀ ਲਈ ਅਰਦਾਸ ਕਰਨ ਵਾਲੀ ਸੰਗਤ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ’ਚ ਅਕਾਲੀ ਦਲ ਦੇ ਆਗੂ, ਵਰਕਰ ਤੇ ਸੰਗਤ ਮੌਜੂਦ ਸੀ।