- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰ ਵਿਧਾਨ ਸਭਾ ਹਲਕੇ ਵਿੱਚ ਮੈਰੀਟੋਰੀਅਸ ਸਕੂਲ ਸਥਾਪਤ ਕਰਨ ਦੀ ਵੀ ਗੱਲ ਕਹੀ ਗਈ। ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜਨ ਲਈ ਉਨ੍ਹਾਂ ਨੇ 10 ਲੱਖ ਰੁਪਏ ਤਕ ਬਿਨਾਂ ਵਿਆਜ ਕਰਜ਼ਾ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਵਿਸ਼ਵ ਪੱਧਰੀ ਸਕਿੱਲ ਟ੍ਰੇਨਿੰਗ ਸੈਂਟਰ ਸਥਾਪਤ ਕਰਕੇ ਵੱਖ-ਵੱਖ ਕੰਪਨੀਆਂ ਨਾਲ ਮਿਲ ਕੇ ਨੌਜਵਾਨਾਂ ਨੂੰ ਸਰਟੀਫਾਈਡ ਸਿਖਲਾਈ ਦੇਣ ਦੀ ਯੋਜਨਾ ਵੀ ਦੱਸੀ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ। ਪੰਜਾਬ ਦੀ ਤਰੱਕੀ ਲਈ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਸੰਭਾਲਣਾ, ਉਨ੍ਹਾਂ ਨੂੰ ਮਿਆਰੀ ਸਿੱਖਿਆ ਅਤੇ ਖੇਡਾਂ ਦੀਆਂ ਸਹੂਲਤਾਂ ਦੇਣਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਜੇਕਰ ਪੰਜਾਬ ਆਪਣੀ ਨੌਜਵਾਨੀ ਦੀ ਤਾਕਤ ਨੂੰ ਸਹੀ ਦਿਸ਼ਾ ਦੇਵੇ ਤਾਂ ਸੂਬਾ ਮੁੜ ਤਰੱਕੀ ਦੀਆਂ ਲੀਹਾਂ ’ਤੇ ਆ ਸਕਦਾ ਹੈ। ਇਹ ਗੱਲ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਦਿਆਰਕੀਆਂ ਨਾਲ ਸੰਵਾਦ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਅਮਰੀਕਾ, ਚੀਨ ਅਤੇ ਯੂਰਪ ਦੇ ਕਈ ਦੇਸ਼ਾਂ ਨੇ ਸਿੱਖਿਆ, ਖੇਡਾਂ ਅਤੇ ਹੁਨਰ ਵਿਕਾਸ ਨੂੰ ਤਰਜੀਹ ਦੇ ਕੇ ਤਰੱਕੀ ਕੀਤੀ ਹੈ।
ਇਨ੍ਹਾਂ ਦੇਸ਼ਾਂ ਵਿੱਚ ਬੱਚਿਆਂ ਨੂੰ ਮਿਆਰੀ ਸਕੂਲ, ਕਾਲਜ ਅਤੇ ਉੱਚ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਗਈਆਂ, ਜਿਸ ਕਾਰਨ ਅੱਜ ਦੁਨੀਆ ਭਰ ਤੋਂ ਵਿਦਿਆਰਥੀ ਉੱਥੇ ਪੜ੍ਹਾਈ ਕਰਨ ਲਈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚਿਆਂ ਵਿੱਚ ਵੀ ਬੇਹੱਦ ਹੁਨਰ ਹੈ, ਪਰ ਉਨ੍ਹਾਂ ਨੂੰ ਸਹੀ ਟ੍ਰੇਨਿੰਗ, ਆਧੁਨਿਕ ਤਕਨਾਲੋਜੀ ਅਤੇ ਲੋੜੀਂਦੀਆਂ ਸਹੂਲਤਾਂ ਦੀ ਜ਼ਰੂਰਤ ਹੈ।
ਅਕਾਲੀ ਆਗੂ ਨੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਤੀਯੋਗੀ ਅਤੇ ਭਰਤੀ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਹੋਣ ਨਾਲ ਲੱਖਾਂ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਕੇ ਸਰਕਾਰ ਨੂੰ ਜਵਾਬਦੇਹ ਬਣਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਕਈ ਭਰਤੀ ਅਤੇ ਪ੍ਰੀਖਿਆਵਾਂ ਨਾਲ ਸਬੰਧਤ ਮਾਮਲਿਆਂ ਵਿੱਚ ਨੌਜਵਾਨਾਂ ਨੂੰ ਇਨਸਾਫ਼ ਲਈ ਸੜਕਾਂ ’ਤੇ ਉਤਰਨਾ ਪਿਆ ਹੈ। ਪੰਜਾਬ ਅੰਦਰ 10 ਪੇਪਰ ਲੀਕ ਹੋਏ ਹਨ ਪਰ ਆਪ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।
ਉਨ੍ਹਾਂ ਦਿੱਲੀ ਵਿੱਚ ਧਰਨਾ ਦੇਣ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਦੇ ਨੌਜਵਾਨਾਂ ਦੇ ਹੱਕਾਂ ਲਈ ਆਵਾਜ਼ ਉਠਾਈ ਜਾ ਸਕਦੀ ਹੈ ਤਾਂ ਪੰਜਾਬ ਦੇ ਨੌਜਵਾਨਾਂ ਦੇ ਪੇਪਰ ਲੀਕ ਅਤੇ ਰੁਜ਼ਗਾਰ ਨਾਲ ਜੁੜੇ ਮਸਲਿਆਂ ’ਤੇ ਵੀ ਆਵਾਜ਼ ਉਠਾਈ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਪਹਿਲ ਦੇਣ ਲਈ ਕਾਨੂੰਨ ਬਣਾਇਆ ਜਾਵੇਗਾ। ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਲਈ ਨਿੱਜੀ ਸਕੂਲਾਂ ਅਤੇ ਕਾਲਜਾਂ ਵਿੱਚ ਸੀਟਾਂ ਰਾਖਵੀਆਂ ਕਰਨ ਦੀ ਯੋਜਨਾ ਬਣਾਈ ਜਾਵੇਗੀ ਅਤੇ ਉਨ੍ਹਾਂ ਦੀ ਫੀਸ ਸਰਕਾਰ ਵੱਲੋਂ ਅਦਾ ਕਰਨ ਦਾ ਪ੍ਰਬੰਧ ਕੀਤਾ ਜਾਵੇਗਾ।
ਹਰ ਵਿਧਾਨ ਸਭਾ ਹਲਕੇ ਵਿੱਚ ਮੈਰੀਟੋਰੀਅਸ ਸਕੂਲ ਸਥਾਪਤ ਕਰਨ ਦੀ ਵੀ ਗੱਲ ਕਹੀ ਗਈ। ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜਨ ਲਈ ਉਨ੍ਹਾਂ ਨੇ 10 ਲੱਖ ਰੁਪਏ ਤਕ ਬਿਨਾਂ ਵਿਆਜ ਕਰਜ਼ਾ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਵਿਸ਼ਵ ਪੱਧਰੀ ਸਕਿੱਲ ਟ੍ਰੇਨਿੰਗ ਸੈਂਟਰ ਸਥਾਪਤ ਕਰਕੇ ਵੱਖ-ਵੱਖ ਕੰਪਨੀਆਂ ਨਾਲ ਮਿਲ ਕੇ ਨੌਜਵਾਨਾਂ ਨੂੰ ਸਰਟੀਫਾਈਡ ਸਿਖਲਾਈ ਦੇਣ ਦੀ ਯੋਜਨਾ ਵੀ ਦੱਸੀ।
ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਉਨ੍ਹਾਂ ਦਾ ਆਪਣਾ ਘਰ ਹੈ ਅਤੇ ਸੂਬੇ ਦੀ ਤਰੱਕੀ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਪੰਜਾਬ ਨੂੰ ਬਰਬਾਦ ਕਰਨ ਦੇ ਦੋਸ਼ ਲਗਾਏ। ਇਸ ਮੌਕੇ ਐਸਓਆਈ ਦੇ ਪ੍ਰਧਾਨ ਰਾਜਦੀਪ ਸਿੰਘ ਸਾਹੂ ਹਾਜ਼ਰ ਸਨ।