ਸੁਖਦੇਵ ਸਿੰਘ ਚਹਿਲ ਦੀਆਂ ਸਿਆਸੀ ਸਰਗਰਮੀਆਂ ਤੇਜ਼ ਸੁਖਦੇਵ ਸਿੰਘ ਚਹਿਲ ਦੀਆਂ ਸਿਆਸੀ ਸਰਗਰਮੀਆਂ ਤੇਜ਼
Publish Date: Sun, 18 Oct 2026 04:48 PM (IST)
Updated Date: Sun, 18 Oct 2026 04:51 PM (IST)
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ; ਬਾਬਾ ਕਾਕਾ ਸਿੰਘ ਨਾਲ ਮੁਲਾਕਾਤ ਨੇ ਹਲਕੇ ਦੀ ਸਿਆਸਤ ’ਚ ਛੇੜੀ ਨਵੀਂ ਚਰਚਾ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ। ਹਲਕਾ ਤਲਵੰਡੀ ਸਾਬੋ ਤੋਂ ਸੀਨੀਅਰ ਆਗੂ ਸੁਖਦੇਵ ਸਿੰਘ ਚਹਿਲ ਦੀਆਂ ਪਿਛਲੇ ਦਿਨਾਂ ਤੋਂ ਵਧੀਆਂ ਸਿਆਸੀ ਸਰਗਰਮੀਆਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਉਨ੍ਹਾਂ ਨੇ ਆਪਣੀ ਟੀਮ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਮੱਥਾ ਟੇਕਿਆ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਬੁੰਗਾ ਮਸਤੂਆਣਾ ਸਾਹਿਬ ਦੇ ਮੁਖੀ ਬਾਬਾ ਕਾਕਾ ਸਿੰਘ ਨਾਲ ਵੀ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਚਹਿਲ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿਚ ਹਲਕਾ ਤਲਵੰਡੀ ਸਾਬੋ ਤੋਂ ਆਪਣੀ ਪਛਾਣ ਬਣਾਈ ਸੀ। ਟਿਕਟ ਨਾ ਮਿਲਣ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਲ ਹੋ ਗਏ ਸਨ, ਪਰ ਬਾਅਦ ਵਿਚ ਮੁੜ ਕਾਂਗਰਸ ਵੱਲ ਸਰਗਰਮ ਹੁੰਦੇ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਅਤੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿੱਚ ਮੁਲਾਕਾਤ ਦੌਰਾਨ ਵੀ ਨਜ਼ਰ ਆਏ ਸਨ। ਹਾਲ ਹੀ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪ੍ਰਗਟ ਸਿੰਘ ਦੇ ਬਠਿੰਡਾ ਤੇ ਮਾਨਸਾ ਦੌਰਿਆਂ ਦੌਰਾਨ ਵੀ ਉਨ੍ਹਾਂ ਦੀ ਮੌਜੂਦਗੀ ਚਰਚਾ ਵਿੱਚ ਰਹੀ। ਹਾਲਾਂਕਿ, ਸੁਖਦੇਵ ਸਿੰਘ ਚਹਿਲ ਵੱਲੋਂ ਕਾਂਗਰਸ ਵਿੱਚ ਮੁੜ ਸ਼ਾਮਲ ਹੋਣ ਸਬੰਧੀ ਕੋਈ ਅਧਿਕਾਰਤ ਐਲਾਨ ਸਾਹਮਣੇ ਨਹੀਂ ਆਇਆ, ਪਰ ਉਨ੍ਹਾਂ ਦੀਆਂ ਲਗਾਤਾਰ ਸਿਆਸੀ ਸਰਗਰਮੀਆਂ ਨੇ ਹਲਕਾ ਤਲਵੰਡੀ ਸਾਬੋ ਦੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀ ਸਿਆਸੀ ਭੂਮਿਕਾ ਕੀ ਰਹਿੰਦੀ ਹੈ, ਇਸ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।