ਸੰਨੀ ਬਰਾੜ ਤੇ ਗੁਰਮੀਤ ਬਾਂਡੀ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਲ ਸੰਨੀ ਬਰਾੜ ਤੇ ਗੁਰਮੀਤ ਬਾਂਡੀ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਲ
Publish Date: Wed, 09 Sep 2026 06:31 PM (IST)
Updated Date: Thu, 10 Sep 2026 04:02 AM (IST)
* ਸਰੂਪ ਚੰਦ ਸਿੰਗਲਾ ਨੇ ਕੀਤਾ ਵਰਕਰਾਂ ਦਾ ਸਵਾਗਤ ਫੋਟੋ : 6 ਕੈਪਸਨ-ਭਾਜਪਾ ਵਿਚ ਸਾਮਲ ਹੋਏ ਆਗੂਆਂ ਨਾਲ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸੇ ਲੜੀ ਤਹਿਤ ਵਿਰੋਧੀ ਧਿਰ ਕਾਂਗਰਸ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਟਕਸਾਲੀ ਕਾਂਗਰਸੀ ਆਗੂ ਅਵਤਾਰ ਸਿੰਘ ਸੰਨੀ ਬਰਾੜ ਅਤੇ ਗੁਰਮੀਤ ਸਿੰਘ ਬਾਂਡੀ ਆਪਣੇ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ਭਾਜਪਾ ਪਰਿਵਾਰ ਵਿਚ ਸਵਾਗਤ ਕੀਤਾ। ਇਸ ਮੌਕੇ ਭਾਜਪਾ ਵਿਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਦੇਸ਼ ਭਰ ਵਿਚ ਹੋ ਰਹੇ ਵਿਕਾਸ ਕਾਰਜਾਂ ਅਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਬਠਿੰਡਾ ਵਿਚ ਕੀਤੀ ਜਾ ਰਹੀ ਜਨ-ਸੇਵਾ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ। ਇਨ੍ਹਾਂ ਆਗੂਆਂ ਨੂੰ ਭਾਜਪਾ ਵਿਚ ਸ਼ਾਮਲ ਕਰਵਾਉਣ ਲਈ ਹਿੰਮਤ ਬੇਦੀ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ, ਜਿਸ ਲਈ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਰੂਪ ਚੰਦ ਸਿੰਗਲਾ ਨੇ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਦੇ ਹਰ ਵਰਗ ਦੇ ਵਿਕਾਸ ਅਤੇ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਲਾਭ ਮਿਲ ਰਿਹਾ ਹੈ। ਸਿੰਗਲਾ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉੱਜਵਲਾ ਯੋਜਨਾ ਤਹਿਤ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਅਤੇ ਮਾਨਧਨ ਯੋਜਨਾਵਾਂ ਰਾਹੀਂ ਮਜ਼ਦੂਰਾਂ ਤੇ ਛੋਟੇ ਵਪਾਰੀਆਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੀ ਕਥਿਤ ਝੂਠੀ ਦੂਸ਼ਣਬਾਜ਼ੀ ਤੋਂ ਅੱਕ ਚੁੱਕੇ ਹਨ ਅਤੇ ਹੁਣ ਉਹ ਸੂਬੇ ਦੇ ਵਿਕਾਸ, ਅਮਨ-ਸ਼ਾਂਤੀ, ਸੁਸ਼ਾਸਨ ਅਤੇ ਮਜ਼ਬੂਤ ਭਵਿੱਖ ਲਈ ਭਾਜਪਾ ਵੱਲ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਟਕਸਾਲੀ ਆਗੂਆਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਸੂਬੇ ਵਿੱਚ ਪਾਰਟੀ ਪ੍ਰਤੀ ਵਧ ਰਹੇ ਭਰੋਸੇ ਦਾ ਪ੍ਰਮਾਣ ਹੈ। ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਾਰੇ ਮਿਲ ਕੇ ਬਠਿੰਡਾ ਜ਼ਿਲ੍ਹੇ ਦੇ ਵਿਕਾਸ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕੰਮ ਕਰਨਗੇ।