ਸਵਰਨ ਸਿੰਘ ਪੂਹਲੀ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸਵਰਨ ਸਿੰਘ ਪੂਹਲੀ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ
Publish Date: Mon, 14 Sep 2026 05:30 PM (IST)
Updated Date: Mon, 14 Sep 2026 05:32 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਨਵੇਂ ਚੇਅਰਮੈਨ ਵਜੋਂ ਸਵਰਨ ਸਿੰਘ ਪੂਹਲੀ ਅਤੇ ਵਾਈਸ ਚੇਅਰਮੈਨ ਵਜੋਂ ਜਸਕਰਨ ਕੌਰ ਨੇ ਆਪਣੇ ਅਹੁਦੇ ਸੰਭਾਲ ਲਏ ਹਨ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਦੋਵਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਕੁਰਸੀਆਂ ’ਤੇ ਬਿਠਾਇਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਨਵ-ਨਿਯੁਕਤ ਚੇਅਰਮੈਨ ਸਵਰਨ ਸਿੰਘ ਪੂਹਲੀ ਨੂੰ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਅਧੀਨ ਆਉਂਦੇ ਪੇਂਡੂ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਦੀਆਂ ਯੋਜਨਾਵਾਂ ਤਿਆਰ ਕੀਤੀਆਂ ਜਾਣ ਅਤੇ ਉਨ੍ਹਾਂ ਨੂੰ ਸਿਰਫ਼ ਕਾਗਜ਼ਾਂ ਤਕ ਸੀਮਤ ਨਾ ਰੱਖ ਕੇ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਦਿੱਤਾ ਜਾਵੇ। ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਪ੍ਰੀਸ਼ਦ ਦੇ ਨਵ-ਨਿਯੁਕਤ ਚੇਅਰਮੈਨ ਸਵਰਨ ਸਿੰਘ ਪੂਹਲੀ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੀ ਸਮੁੱਚੀ ਹਾਈ ਕਮਾਂਡ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦਾ ਮੁੱਖ ਧਿਆਨ ਪਿੰਡਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਰਹੇਗਾ। ਪੂਹਲੀ ਨੇ ਕਿਹਾ ਕਿ ਗਰੀਬ ਬਸਤੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਕੂਲਾਂ, ਡਿਸਪੈਂਸਰੀਆਂ, ਗਲੀਆਂ ਅਤੇ ਨਾਲੀਆਂ ਨਾਲ ਸਬੰਧਤ ਕੰਮਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪੇਂਡੂ ਲੋਕਾਂ ਨੂੰ ਦਰਪੇਸ਼ ਹੋਰ ਬੁਨਿਆਦੀ ਸਮੱਸਿਆਵਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਹੱਲ ਲਈ ਵੀ ਯਤਨ ਕੀਤੇ ਜਾਣਗੇ। ਨਵ-ਨਿਯੁਕਤ ਚੇਅਰਮੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨਾਲ ਤਾਲਮੇਲ ਕਰਕੇ ਪਿੰਡਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪੇਂਡੂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦਾ ਵਿਕਾਸ ਹਮੇਸ਼ਾ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪਿੰਡਾਂ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡਾਂ ਵਿੱਚ ਵਿਕਾਸ ਲਈ ਇਕ ਇੱਟ ਤਕ ਨਹੀਂ ਲਾਈ ਗਈ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹਾ ਪ੍ਰੀਸ਼ਦ ਦੀ ਨਵੀਂ ਟੀਮ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਕੰਮ ਕਰੇਗੀ। ਪਾਰਟੀ ਆਗੂਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਵੱਲੋਂ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਹਲਕਾ ਭੁੱਚੋ ਮੰਡੀ ਦੇ ਇੰਚਾਰਜ਼ ਡਾ. ਦਲਜੀਤ ਸਿੰਘ ਗੁਰੂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਸਦੇ ਹਲਕੇ ਭੁੱਚੋ ਦਾ ਆਗੂ ਸਰਵਨ ਸਿੰਘ ਪੂਹਲੀ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਚੁਣਿਆ ਗਿਆ ਹੈ।