ਤਸ਼ਵਿੰਦਰ ਸਿੰਘ ਮਾਨ ‘ਰਤਨ ਪੰਜਾਬ ਦੇ’ ਐਵਾਰਡ ਨਾਲ ਸਨਮਾਨਿਤ ਤਸ਼ਵਿੰਦਰ ਸਿੰਘ ਮਾਨ ‘ਰਤਨ ਪੰਜਾਬ ਦੇ ’ ਐਵਾਰਡ ਨਾਲ ਸਨਮਾਨਿਤ
Publish Date: Wed, 30 Sep 2026 04:15 PM (IST)
Updated Date: Wed, 30 Sep 2026 04:16 PM (IST)
ਗਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਮਾਲਵਾ ਖੇਤਰ ਦੇ ਪ੍ਰਸਿੱਧ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਪ੍ਰਿੰਸੀਪਲ ਤਸ਼ਵਿੰਦਰ ਸਿੰਘ ਮਾਨ ਨੂੰ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਲਈ ‘ਰਤਨ ਪੰਜਾਬ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਚੰਡੀਗੜ੍ਹ ਦੇ ਹੋਟਲ ਲਲਿਤ ਵਿਖੇ ਪੰਜਾਬੀ ਜਾਗਰਣ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਜਾਗਰਣ ਗਰੁੱਪ ਦੇ ਸੀਜੀਐਮ ਮੋਹਿੰਦਰ ਕੁਮਾਰ ਅਤੇ ਪੰਜਾਬੀ ਜਾਗਰਣ ਦੇ ਸੰਪਾਦਕ ਇੰਦਰਪ੍ਰੀਤ ਸਿੰਘ ਵੱਲੋਂ ਉਨ੍ਹਾਂ ਨੂੰ ਇਹ ਸਨਮਾਨ ਪ੍ਰਦਾਨ ਕੀਤਾ ਗਿਆ। ਤਸ਼ਵਿੰਦਰ ਸਿੰਘ ਮਾਨ ਸਕੂਲ ਦੇ ਐਮਡੀ ਸਵ. ਡਾ. ਰਵਿੰਦਰ ਸਿੰਘ ਮਾਨ ਦੇ ਸਪੁੱਤਰ ਹਨ। ਉਨ੍ਹਾਂ ਦੇ ਪਿਤਾ ਦਾ ਵੀ ਸਮਾਜ ਸੇਵਾ ਅਤੇ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਰਿਹਾ ਹੈ। ਤਸ਼ਵਿੰਦਰ ਸਿੰਘ ਮਾਨ ਆਪਣੇ ਪਿਤਾ ਦੇ ਪਾਏ ਪੂਰਨਿਆਂ ’ਤੇ ਚੱਲਦਿਆਂ ਸਿੱਖਿਆ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੀ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿਤਾ ਦਾ ਸੁਪਨਾ ਸੀ ਕਿ ਵਿੱਦਿਆ ਦਾ ਚਾਨਣ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾਵੇ। ਇਸੇ ਉਦੇਸ਼ ਨਾਲ ਦਸ਼ਮੇਸ਼ ਪਬਲਿਕ ਸਕੂਲ ਦੀ ਸਥਾਪਨਾ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਕੂਲ ਨੂੰ ਮੁਨਾਫ਼ਾ ਕਮਾਉਣ ਦੀ ਬਜਾਏ ਇੱਕ ਮਿਸ਼ਨਰੀ ਭਾਵਨਾ ਨਾਲ ਚਲਾਇਆ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਦੇ ਮਾਪਿਆਂ ਤੋਂ ਵਾਜਬ ਤੇ ਘੱਟ ਫੀਸਾਂ ਲਈਆਂ ਜਾਂਦੀਆਂ ਹਨ। ਸਕੂਲ ਵਿੱਚ ਵਿਦਿਆਰਥੀਆਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਤਿੰਨ ਮੰਜ਼ਿਲਾ ਇਮਾਰਤ ਨੂੰ ਏਅਰਕੰਡੀਸ਼ਨ ਕੀਤਾ ਗਿਆ ਹੈ ਅਤੇ ਉੱਪਰਲੀਆਂ ਮੰਜ਼ਿਲਾਂ ’ਤੇ ਜਾਣ ਲਈ ਲਿਫਟ ਦੀ ਸਹੂਲਤ ਵੀ ਉਪਲਬਧ ਹੈ। ਸਕੂਲ ਵਿੱਚ ਫਿਜ਼ਿਕਸ, ਕੈਮਿਸਟਰੀ ਅਤੇ ਮੈਥ ਸਮੇਤ ਵੱਖ-ਵੱਖ ਵਿਸ਼ਿਆਂ ਦੀਆਂ ਲੈਬਾਰਟਰੀਆਂ ਸਥਾਪਿਤ ਕੀਤੀਆਂ ਗਈਆਂ ਹਨ, ਜਿੱਥੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਹਰ ਸਾਲ ਵਿੱਦਿਅਕ ਨਤੀਜਿਆਂ ਵਿੱਚ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਂਦੇ ਹਨ। ਸਕੂਲ ਦੇ ਕਈ ਵਿਦਿਆਰਥੀ ਆਈਏਐਸ ਸਮੇਤ ਵੱਖ-ਵੱਖ ਉੱਚ ਅਹੁਦਿਆਂ ’ਤੇ ਪਹੁੰਚ ਕੇ ਲੋਕ ਸੇਵਾ ਕਰ ਰਹੇ ਹਨ। ਇਸ ਤੋਂ ਇਲਾਵਾ ਖੇਡਾਂ ਦੇ ਖੇਤਰ ਵਿੱਚ ਵੀ ਸਕੂਲ ਦੇ ਖਿਡਾਰੀ ਰਾਸ਼ਟਰੀ ਪੱਧਰ ਤੱਕ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਚੁੱਕੇ ਹਨ। ਸਿੱਖਿਆ ਦੇ ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਵੀ ਤਰਜੀਹ ਦੇਣ ਕਾਰਨ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਵਿੱਦਿਅਕ ਤੌਰ ’ਤੇ ਹੀ ਨਹੀਂ, ਸਗੋਂ ਚੰਗੇ ਇਨਸਾਨ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ।