ਬੀਆਰਸੀ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ ਬੀਆਰਸੀ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ
Publish Date: Wed, 12 Aug 2026 04:30 PM (IST)
Updated Date: Wed, 12 Aug 2026 04:32 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਬੀਆਰਸੀ ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਦੀ ਝਲਕ ਪੇਸ਼ ਕਰਦਾ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਚਾਅ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ। ਤੀਆਂ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਪੰਜਾਬੀ ਪਹਿਰਾਵੇ ਪਾ ਕੇ ਸਮਾਗਮ ਦੀ ਰੌਣਕ ਵਧਾਈ। ਸਕੂਲ ਵਿਚ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥਣਾਂ ਨੇ ਗਿੱਧਾ, ਪੰਜਾਬੀ ਲੋਕ-ਗੀਤ, ਬੋਲੀਆਂ ਅਤੇ ਲੋਕ-ਨਾਚ ਪੇਸ਼ ਕਰਕੇ ਖੂਬ ਵਾਹ-ਵਾਹ ਖੱਟੀ। ਮਹਿੰਦੀ ਲਾਉਣ, ਪੰਜਾਬੀ ਸੱਭਿਆਚਾਰ ਨਾਲ ਸਬੰਧਤ ਸਜਾਵਟ ਅਤੇ ਰਵਾਇਤੀ ਗਤੀਵਿਧੀਆਂ ਨੇ ਵੀ ਵਿਦਿਆਰਥੀਆਂ ਵਿਚ ਖਾਸ ਉਤਸ਼ਾਹ ਪੈਦਾ ਕੀਤਾ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਵਿਰਸੇ ਦੀਆਂ ਰਵਾਇਤੀ ਝਲਕੀਆਂ ਪੇਸ਼ ਕਰਦਿਆਂ ਪੁਰਾਣੀਆਂ ਲੋਕ-ਪਰੰਪਰਾਵਾਂ ਨੂੰ ਜੀਵੰਤ ਕੀਤਾ। ਅਧਿਆਪਕਾਵਾਂ ਨੇ ਵੀ ਵਿਦਿਆਰਥਣਾਂ ਨਾਲ ਮਿਲ ਕੇ ਗਿੱਧੇ ਅਤੇ ਬੋਲੀਆਂ ਵਿਚ ਭਾਗ ਲਿਆ, ਜਿਸ ਨਾਲ ਸਮਾਗਮ ਹੋਰ ਵੀ ਯਾਦਗਾਰ ਬਣ ਗਿਆ। ਸਕੂਲ ਦੀ ਪ੍ਰਿੰਸੀਪਲ ਕਿਰਨਾ ਰਾਣੀ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦੀ ਵਿਲੱਖਣ ਪਹਿਚਾਣ ਹੈ ਤੇ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ, ਲੋਕ-ਕਲਾਵਾਂ ਅਤੇ ਪਰੰਪਰਾਵਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਦੇ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਲਈ ਅਜਿਹੇ ਸਮਾਗਮ ਕਰਵਾਉਂਦੇ ਰਹਿਣਾ ਬਹੁਤ ਜ਼ਰੂਰੀ ਹੈ। ਅੰਤ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਤੀਆਂ ਦੇ ਤਿਉਹਾਰ ਦਾ ਖੂਬ ਆਨੰਦ ਮਾਣਿਆ। ਸਮੁੱਚਾ ਸਮਾਗਮ ਪੰਜਾਬੀ ਸੱਭਿਆਚਾਰ, ਖੁਸ਼ੀਆਂ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ।