ਅਕਾਲ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਕਾਲ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Publish Date: Wed, 25 Nov 2026 05:25 PM (IST)
Updated Date: Wed, 25 Nov 2026 05:25 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਅਕਾਲ ਯੂਨੀਵਰਸਿਟੀ ਵਿਖੇ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਪੂਰਨ ਗੁਰਮਤਿ ਮਰਯਾਦਾ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਸਰਬ-ਸਾਂਝੇ ਉਪਦੇਸ਼ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਇਸ ਦੌਰਾਨ ਸਮੁੱਚਾ ਯੂਨੀਵਰਸਿਟੀ ਕੈਂਪਸ ਇਲਾਹੀ ਗੁਰਬਾਣੀ ਦੇ ਕੀਰਤਨ ਨਾਲ ਰੂਹਾਨੀ ਰੰਗ ਵਿਚ ਰੰਗਿਆ ਰਿਹਾ। ਸਮਾਗਮ ਦੇ ਮੁੱਖ ਦਿਨ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਅਤੇ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵਿਤਾ, ਵਾਰ ਅਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਰਵਿੰਦਰ ਸਿੰਘ, ਅਰਸ਼ਦੀਪ ਕੌਰ, ਸੁਮਨਪ੍ਰੀਤ ਕੌਰ, ਮਨਜੋਤ ਕੌਰ, ਕਿਰਨਦੀਪ ਕੌਰ ਅਤੇ ਕੰਵਲਨੈਨ ਸਿੰਘ ਸਮੇਤ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਵੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ ਕਵੀਸ਼ਰੀ ਪੇਸ਼ ਕੀਤੀ। ਗਿਆਨੀ ਗੁਰਚਰਨ ਸਿੰਘ ਨੇ ‘ਗੁਰੂ ਨਾਨਕ ਬਾਣੀ ਵਿਚ ਸਹਿਜ’ ਵਿਸ਼ੇ ’ਤੇ ਕਥਾ ਵਿਚਾਰਾਂ ਕੀਤੀਆਂ। ਇਸੇ ਤਰ੍ਹਾਂ ਸੈਂਟਰਲ ਯੂਨੀਵਰਸਿਟੀ ਪੰਜਾਬ ਤੋਂ ਪਹੁੰਚੇ ਡਾ. ਰਮਨਪ੍ਰੀਤ ਕੌਰ ਨੇ ਗੁਰੂ ਸਾਹਿਬ ਦੀ ਬਾਣੀ ਦੇ ਹਵਾਲੇ ਨਾਲ ਗੁਰਮਤਿ ਵਿਚਾਰਧਾਰਾ ਅਤੇ ਅਜੋਕੇ ਸਮੇਂ ਵਿਚ ਇਸ ਦੀ ਸਾਰਥਕਤਾ ਬਾਰੇ ਚਾਨਣਾ ਪਾਇਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਵੱਲੋਂ ਪ੍ਰਭਾਤ ਫੇਰੀਆਂ, ਭਾਸ਼ਣ ਮੁਕਾਬਲੇ, ਖ਼ੂਨਦਾਨ ਕੈਂਪ ਅਤੇ ਇਕ ਰੋਜ਼ਾ ਸੈਮੀਨਾਰ ਵੀ ਕਰਵਾਇਆ ਗਿਆ। ਇਸ ਮੌਕੇ ਕੰਧ ਪੱਤ੍ਰਿਕਾ ‘ਆਗ਼ਾਜ਼’ ਦਾ ਨਵਾਂ ਅੰਕ ਵੀ ਰਿਲੀਜ਼ ਕੀਤਾ ਗਿਆ। ਅੰਤ ਵਿਚ ਵਾਈਸ ਚਾਂਸਲਰ ਪ੍ਰੋ. ਗੁਰਮੇਲ ਸਿੰਘ ਅਤੇ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸ੍ਰੀ ਅਨੰਦ ਸਾਹਿਬ ਦੇ ਪਾਠ, ਅਰਦਾਸ ਤੇ ਹੁਕਮਨਾਮੇ ਉਪਰੰਤ ਸਮਾਗਮ ਦੀ ਸਮਾਪਤੀ ਹੋਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ਵਿਚ ਅਧਿਆਪਕਾਂ, ਵਿਦਿਆਰਥੀਆਂ, ਸਟਾਫ਼ ਅਤੇ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।