‘ਆਪ’ ਸਰਕਾਰ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਸੂਬੇ ’ਚ ਗੁੰਡਾ ਰਾਜ ਸਥਾਪਤ ਕੀਤਾ: ਪ੍ਰੋ. ਰੁਪਿੰਦਰ ਕੌਰ ਰੂਬੀ ‘ਆਪ’ ਸਰਕਾਰ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਸੂਬੇ ’ਚ ਗੁੰਡਾ ਰਾਜ ਸਥਾਪਤ ਕੀਤਾ: ਪ੍ਰੋ. ਰੁਪਿੰਦਰ ਕੌਰ ਰੂਬੀ
Publish Date: Tue, 13 Oct 2026 05:07 PM (IST)
Updated Date: Tue, 13 Oct 2026 05:08 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਨੂੰ ਲੈ ਕੇ ਬਠਿੰਡਾ ਦਿਹਾਤੀ ਦੀ ਸਾਬਕਾ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ’ਚ ਨਾਕਾਮ ਰਹਿਣ ਕਾਰਨ ਸੂਬੇ ’ਚ ਗੁੰਡਾ ਰਾਜ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਰੂਬੀ ਨੇ ਕਿਹਾ ਕਿ ਪੰਜਾਬ ’ਚ ਇਹ ਪਹਿਲੀ ਘਟਨਾ ਨਹੀਂ ਹੈ, ਜਦੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਹਾਲੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਮੋਹਨਜੀਤ ਸਿੰਘ ਦੀ ਕਥਿਤ ਕੁੱਟਮਾਰ ਤੇ ਗੁਲਜ਼ਾਰ ਸਿੰਘ ਦੀ ਮੌਤ ਦੇ ਸਦਮੇ ਵਿੱਚੋਂ ਬਾਹਰ ਨਹੀਂ ਆਇਆ ਸੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਸਾਹਮਣੇ ਆ ਗਈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੇ ਨਸ਼ਿਆਂ ਖ਼ਿਲਾਫ਼ ਲੜਾਈ ਲੜ ਰਹੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਅਨੁਸਾਰ, ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਬਠਿੰਡਾ ਦੇ ਐੱਸਐੱਸਪੀ ਵੱਲੋਂ ਪਿੰਡ ਪਥਰਾਲਾ ਸਮੇਤ ਹੋਰ ਪਿੰਡਾਂ ਵਿੱਚ ਚਲਾਈ ਗਈ ਨਸ਼ਾ ਵਿਰੋਧੀ ਸਰਚ ਮੁਹਿੰਮ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਨੇੜੇ ਆਉਣ ਕਾਰਨ ਅਜਿਹੀਆਂ ਮੁਹਿੰਮਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।