ਭਾਈ ਸੁੱਖਾ ਸਿੰਘ ਤੇ ਮਹਿਤਾਬ ਸਿੰਘ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਭਾਈ ਸੁੱਖਾ ਸਿੰਘ ਤੇ ਮਹਿਤਾਬ ਸਿੰਘ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਸ਼ਰਧਾ ਨਾਲ ਮਨਾਇਆ
Publish Date: Sat, 12 Sep 2026 04:38 PM (IST)
Updated Date: Sat, 12 Sep 2026 04:41 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਬੁੱਢਾ ਜੋਹੜ ਵਿਖੇ ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਿਰਦੇਸ਼ਾਂ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਸੇ ਰੰਗੜ ਦਾ ਸਿਰ ਕਲਮ ਕਰਨ ਵਾਲੇ ਸੂਰਮੇ ਸਿੰਘ ਬੁੱਢਾ ਦਲ ਨਾਲ ਸਬੰਧਤ ਸਨ ਅਤੇ ਇਸੇ ਧਰਤੀ ਤੋਂ ਗੁਰਮਤਾ ਕਰਕੇ ਰਵਾਨਾ ਹੋਏ ਸਨ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਕੀਰਤੀਮਾਨ ਸਥਾਪਿਤ ਕਰਨ ਵਾਲੇ ਸੂਰਬੀਰਾਂ ਦੇ ਸ਼ਹੀਦੀ ਦਿਹਾੜੇ ਉਨ੍ਹਾਂ ਨਾਲ ਸਬੰਧਤ ਯਾਦਗਾਰੀ ਸਥਾਨਾਂ ’ਤੇ ਮਨਾਉਣਾ ਸਿੱਖ ਕੌਮ ਦੇ ਇਤਿਹਾਸ ਪ੍ਰਤੀ ਸਤਿਕਾਰ ਅਤੇ ਚੰਗੇ ਵਾਰਸ ਹੋਣ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਰਾਜਸਥਾਨ ਵਿੱਚ ਨਸ਼ਿਆਂ ਦੀ ਵਿਕਰੀ ਤੇ ਵਰਤੋਂ ਨੇ ਨੌਜਵਾਨੀ ਨੂੰ ਤਬਾਹੀ ਵੱਲ ਧੱਕਿਆ ਹੈ। ਸਰਕਾਰਾਂ ਵੱਲੋਂ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਪਰ ਨਸ਼ਿਆਂ ਦੀ ਰੋਕਥਾਮ ਲਈ ਹੋਰ ਪ੍ਰਭਾਵਸ਼ਾਲੀ ਉਪਰਾਲਿਆਂ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਸਰੀਰ ਦੀ ਸੰਭਾਲ ਕਰਨ ਅਤੇ ਸਿੱਖ ਇਤਿਹਾਸ ਦੇ ਸੂਰਬੀਰਾਂ ਨੂੰ ਆਪਣਾ ਰੋਲ ਮਾਡਲ ਬਣਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਨੇ ਮਨੋਹਰ ਗੁਰਬਾਣੀ ਕੀਰਤਨ ਕੀਤਾ। ਭਾਈ ਸੋਭਾ ਸਿੰਘ ਅਤੇ ਬਾਬਾ ਲਖਵਿੰਦਰ ਸਿੰਘ ਪਾਰਸ ਦੇ ਢਾਡੀ ਜਥਿਆਂ ਨੇ ਢਾਡੀ ਵਾਰਾਂ ਤੇ ਗੁਰਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ ਸਮੇਤ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਅਤੇ ਸੰਗਤਾਂ ਹਾਜ਼ਰ ਸਨ।