ਐਸੋਸੀਏਸ਼ਨ ਨੇ ਡੀਸੀ ਰਾਹੀਂ ਮੁੱਖ ਮੰਤਰੀ ਦੇ ਨਾਂ ਭੇਜਿਆ ਚੇਤਾਵਨੀ ਪੱਤਰ ਐਸੋਸੀਏਸ਼ਨ ਨੇ ਡੀਸੀ ਰਾਹੀਂ ਮੁੱਖ ਮੰਤਰੀ ਦੇ ਨਾਂ ਭੇਜਿਆ ਚੇਤਾਵਨੀ ਪੱਤਰ
Publish Date: Thu, 19 Nov 2026 05:06 PM (IST)
Updated Date: Thu, 19 Nov 2026 05:07 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਜ਼ਿਲ੍ਹਾ ਬਠਿੰਡਾ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ. ਮੇਵਾ ਸਿੰਘ ਬਰਾੜ, ਜ਼ਿਲ੍ਹਾ ਜਨਰਲ ਸਕੱਤਰ ਡਾ. ਮਨਪ੍ਰੀਤ ਸਿੰਘ ਬੁਰਜ ਡੱਲਾ, ਸਟੇਟ ਮੀਤ ਪ੍ਰਧਾਨ ਡਾ. ਗੁਰਦੀਪ ਸਿੰਘ ਘੁੱਦਾ ਅਤੇ ਜਿਲ੍ਹਾ ਕੈਸ਼ੀਅਰ ਭੁਪਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਚੇਤਾਵਨੀ ਪੱਤਰ ਸੌਂਪਿਆ ਗਿਆ। ਇਸ ਮੌਕੇ ਡਾ. ਮੇਵਾ ਸਿੰਘ ਬਰਾੜ ਅਤੇ ਡਾ. ਮਨਪ੍ਰੀਤ ਸਿੰਘ ਬੁਰਜ ਡੱਲਾ ਨੇ ਕਿਹਾ ਕਿ ਪੰਜਾਬ ਦੇ ਲਗਭਗ ਡੇਢ ਲੱਖ ਅਨਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕੰਮ ਕਰਨ ਦੇ ਕਾਨੂੰਨੀ ਅਧਿਕਾਰ ਦੀ ਮੰਗ ਨੂੰ ਲੈ ਕੇ ਜਥੇਬੰਦੀ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ। ਪਿਛਲੀਆਂ ਸਰਕਾਰਾਂ ਵੱਲੋਂ ਇਸ ਮੰਗ ਨੂੰ ਜਾਇਜ਼ ਮੰਨਦਿਆਂ ਹੱਲ ਕਰਨ ਦੇ ਵਾਅਦੇ ਕੀਤੇ ਗਏ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਹੋਇਆ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਇਸ ਮਸਲੇ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ 26 ਨਵੰਬਰ 2024 ਨੂੰ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਅਗਵਾਈ ਹੇਠ ਸੂਬਾ ਲੀਡਰਸ਼ਿਪ ਨਾਲ ਹੋਈ ਪੈਨਲ ਮੀਟਿੰਗ ਅਤੇ 16 ਅਪ੍ਰੈਲ 2026 ਨੂੰ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਅਗਵਾਈ ਹੇਠ ਹੋਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਵੀ ਇਸ ਮੰਗ ਨੂੰ ਜਲਦੀ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ ਵੱਲੋਂ 21 ਜੁਲਾਈ 2026 ਨੂੰ ਸਿਵਲ ਸਰਜਨਾਂ ਨੂੰ ਪੱਤਰ ਜਾਰੀ ਕਰਕੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਵਿੱਦਿਅਕ ਯੋਗਤਾ ਅਤੇ ਤਜਰਬੇ ਸਬੰਧੀ ਸਵੈ-ਘੋਸ਼ਣਾ ਪੱਤਰ ਇਕੱਠੇ ਕਰਨ ਦੀ ਹਦਾਇਤ ਕੀਤੀ ਗਈ ਸੀ। ਇਸ ਦੇ ਤਹਿਤ ਜਥੇਬੰਦੀ ਦੇ ਹਜ਼ਾਰਾਂ ਮੈਂਬਰਾਂ ਵੱਲੋਂ ਆਪਣੇ ਲੋੜੀਂਦੇ ਦਸਤਾਵੇਜ਼ ਸਿਵਲ ਸਰਜਨ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਪਰ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਟ੍ਰੇਨਿੰਗ ਸ਼ੁਰੂ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨਾਲ ਵੀ ਸੂਬਾਈ ਵਫ਼ਦ ਵੱਲੋਂ ਮੁਲਾਕਾਤ ਕੀਤੀ ਗਈ ਸੀ। ਉਨ੍ਹਾਂ ਨੇ ਸਿਹਤ ਮੰਤਰੀ, ਵਿੱਤ ਮੰਤਰੀ ਅਤੇ ਸਿਹਤ ਵਿਭਾਗ ਦੇ ਡਾਇਰੈਕਟਰ ਨਾਲ ਗੱਲਬਾਤ ਕਰਕੇ ਟ੍ਰੇਨਿੰਗ ਜਲਦੀ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਸੀ। ਜ਼ਿਲ੍ਹਾ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 25 ਨਵੰਬਰ ਤੱਕ ਟ੍ਰੇਨਿੰਗ ਸ਼ੁਰੂ ਕਰਨ ਸਬੰਧੀ ਕੋਈ ਸਾਰਥਕ ਕਦਮ ਨਾ ਚੁੱਕਿਆ ਗਿਆ ਤਾਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਸੂਬਾ ਕਮੇਟੀ ਦੇ ਸੱਦੇ ਤੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਟ੍ਰੇਨਿੰਗ ਸ਼ੁਰੂ ਨਹੀਂ ਹੁੰਦੀ, ਜਥੇਬੰਦੀ ਵੱਲੋਂ ਸੰਘਰਸ਼ ਦੇ ਉਲੀਕੇ ਪ੍ਰੋਗਰਾਮ ਲਗਾਤਾਰ ਜਾਰੀ ਰਹਿਣਗੇ। ਇਸ ਮੋਕੇ ਹਾਜਰ ਰਹੇ ਡਾ. ਬੂਟਾ ਸਿੰਘ ਸਿਵੀਆ ਜਿਲ੍ਹਾ ਸਰਪ੍ਰਸਤ, ਡਾ. ਨਛੱਤਰ ਸਿੰਘ ਨਥੇਹਾ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ, ਡਾ. ਚਰਨਜੀਤ ਸਿੰਘ ਮੋੜ ਜ਼ਿਲ੍ਹਾ ਸਹਾਇਕ ਸਕੱਤਰ, ਡਾ. ਨਿਰਭੈ ਸਿੰਘ ਭਗਤਾ ਬਲਾਕ ਪ੍ਰਧਾਨ ਭਗਤਾ, ਡਾ. ਨਾਨਕ ਚੰਦ ਬਲਾਕ ਪ੍ਰਧਾਨ ਮੌੜ ਮੰਡੀ, ਡਾ. ਗੁਰਦੀਪ ਸਿੰਘ ਘੁੱਦਾ ਬਲਾਕ ਪ੍ਰਧਾਨ ਸੰਗਤ ਮੰਡੀ, ਡਾ. ਹਰਜੀਤ ਸਿੰਘ ਪੂਹਲਾ ਬਲਾਕ ਪ੍ਰਧਾਨ ਨਥਾਣਾ, ਡਾ. ਜਸਵੀਰ ਸਿੰਘ ਸੰਧੂ ਬਲਾਕ ਪ੍ਰਧਾਨ ਭੁੱਚੋ ਮੰਡੀ , ਡਾ. ਰੇਸ਼ਮ ਸਿੰਘ ਸੰਧੂ ਬਲਾਕ ਪ੍ਰਧਾਨ ਬਠਿੰਡਾ, ਡਾ. ਨਿਰਮਲ ਸਿੰਘ ਚੌਕੇ ਬਲਾਕ ਪ੍ਰਧਾਨ ਰਾਮਪੁਰਾ, ਡਾ. ਗੁਰਤੇਜ ਸਿੰਘ ਜੀਦਾ ਬਲਾਕ ਜਰਨਲ ਸਕੱਤਰ ਗੋਨਿਆਣਾ ਆਦਿ ਹਾਜਰ ਸਨ।