ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ 3 ਨਵੰਬਰ ਨੂੰ ਮਨਾਇਆ ਜਾਵੇਗਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ 3 ਨਵੰਬਰ ਨੂੰ ਮਨਾਇਆ ਜਾਵੇਗਾ
Publish Date: Mon, 26 Oct 2026 04:31 PM (IST)
Updated Date: Mon, 26 Oct 2026 04:34 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਖ਼ਾਲਸੇ ਦੀ ਮਾਤਾ ਮਾਤਾ ਸਾਹਿਬ ਕੌਰ ਜੀ ਦਾ ਪਾਵਨ ਜਨਮ ਦਿਹਾੜਾ 3 ਨਵੰਬਰ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸਮੁੱਚੀ ਸਿੱਖ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਪਵਿੱਤਰ ਦਿਹਾੜੇ ਮੌਕੇ ਤਖ਼ਤ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣਗੀਆਂ। ਸਮਾਗਮ ਦੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਵੱਲੋਂ ਤਖ਼ਤ ਸਾਹਿਬ ਦੇ ਪ੍ਰਬੰਧਕੀ ਸਟਾਫ਼, ਸੇਵਾਦਾਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਥਾਨਕ ਸੰਗਤ ਤੋਂ ਸੁਝਾਅ ਲਏ ਗਏ। ਇਸ ਦੇ ਨਾਲ ਹੀ ਪ੍ਰਬੰਧਕੀ ਸਟਾਫ਼ ਨੂੰ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਅਤੇ ਤਿਆਰੀਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਮੈਨੇਜਰ ਨਰਿੰਦਰਜੀਤ ਸਿੰਘ ਨੇ ਕਿਹਾ ਕਿ ਜਨਮ ਦਿਹਾੜੇ ਮੌਕੇ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼, ਲੰਗਰ, ਪੀਣ ਵਾਲੇ ਸਾਫ਼ ਪਾਣੀ, ਸਫ਼ਾਈ ਅਤੇ ਆਵਾਜਾਈ ਸਮੇਤ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਲਾਕੇ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਹਰ ਸਾਲ ਦੀ ਤਰ੍ਹਾਂ ਇਸ ਪਾਵਨ ਦਿਹਾੜੇ ਮੌਕੇ ਵੱਖ-ਵੱਖ ਸੇਵਾਵਾਂ ਵਿਚ ਵੱਧ-ਚੜ੍ਹ ਕੇ ਸਹਿਯੋਗ ਦੇਣ ਅਤੇ ਧਾਰਮਿਕ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਮੀਟਿੰਗ ਵਿਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ, ਸਥਾਨਕ ਸੰਗਤ ਅਤੇ ਤਖ਼ਤ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਸਟਾਫ਼ ਹਾਜ਼ਰ ਸੀ।