ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
Publish Date: Mon, 23 Nov 2026 05:09 PM (IST)
Updated Date: Mon, 23 Nov 2026 05:10 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਕੂਲ ਦੀ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਇਸ ਉਪਰੰਤ ਸਕੂਲ ਦੇ ਧਾਰਮਿਕ ਅਧਿਆਪਕ ਸ. ਗੁਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫ਼ੇ ਤੇ ਮਹਾਨ ਸਿੱਖਿਆਵਾਂ ਬਾਰੇ ਵਿਸਥਾਰਪੂਰਵਕ ਕਥਾ-ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣ ਦੇ ਨਾਲ-ਨਾਲ ਸੱਚਾਈ, ਬਰਾਬਰਤਾ, ਆਪਸੀ ਸਾਂਝ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਬੜੀ ਸ਼ਰਧਾ ਤੇ ਭਾਵਨਾ ਨਾਲ ਗੁਰਬਾਣੀ ਦੇ ਸ਼ਬਦਾਂ ਦਾ ਕੀਰਤਨ ਕੀਤਾ ਗਿਆ। ਇਸ ਦੀ ਤਿਆਰੀ ਸੰਗੀਤ ਅਧਿਆਪਕ ਸੁਖਜਿੰਦਰ ਸਿੰਘ ਵੱਲੋਂ ਕਰਵਾਈ ਗਈ। ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਰਾਹੀਂ ਸਮੁੱਚੇ ਮਾਹੌਲ ਨੂੰ ਗੁਰਮਈ ਰੰਗ ਵਿੱਚ ਰੰਗ ਦਿੱਤਾ ਅਤੇ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ। ਸਮੁੱਚੇ ਸਮਾਗਮ ਦਾ ਆਯੋਜਨ ਐਕਟੀਵਿਟੀ ਇੰਚਾਰਜ ਅਮਨਦੀਪ ਕੌਰ ਦੀ ਦੇਖ-ਰੇਖ ਹੇਠ ਕੀਤਾ ਗਿਆ। ਅੰਤ ਵਿੱਚ ਇਹ ਸਮਾਗਮ ਵਿਦਿਆਰਥੀਆਂ ਲਈ ਧਾਰਮਿਕ, ਨੈਤਿਕ ਅਤੇ ਅਧਿਆਤਮਿਕ ਸਿੱਖਿਆ ਪ੍ਰਾਪਤ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਨਾ ਦੇਣ ਵਾਲਾ ਸਾਬਤ ਹੋਇਆ।