ਨਾਮਵਰ ਨੌਜਵਾਨਾਂ ਦੇ ਕਤਲ ਚਿੰਤਾ ਦਾ ਵਿਸ਼ਾ ਬਣੇ ਨਾਮਵਰ ਨੌਜਵਾਨਾਂ ਦੇ ਕਤਲ ਚਿੰਤਾ ਦਾ ਵਿਸ਼ਾ ਬਣੇ
Publish Date: Sat, 17 Oct 2026 04:25 PM (IST)
Updated Date: Sat, 17 Oct 2026 04:27 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਪੰਜਾਬ ਵਿਚ ਆਏ ਦਿਨ ਹੋਏ ਹੋ ਰਹੇ ਨਾਮਵਰ ਨੌਜਵਾਨਾਂ ਦੇ ਕਤਲ ਚਿੰਤਾ ਦਾ ਵਿਸ਼ਾ ਬਣ ਚੁੱਕੇ ਹਨ, ਜਿਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜ਼ਮੀਨੀ ਹਕੀਕਤ ਵੱਲ ਧਿਆਨ ਦੇਵੇ ਅਤੇ ਸੂਬੇ ਦੇ ਲੋਕਾਂ ਦੀ ਰੱਖਿਆ ਲਈ ਸਖਤ ਕਦਮ ਚੁੱਕ ਕੇ ਪੰਜਾਬ ਵਿਚ ਸਾਂਤਮਈ ਵਾਲਾ ਮਾਹੋਲ ਪੈਦਾ ਕਰੇ। ਪੰਜਾਬ ਵਿਚ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਸਬੰਧੀ ਵੱਖ ਵੱਖ ਸ਼ਖਸੀਅਤਾਂ ਵਿਚਾਰ ਪਾਠਕਾਂ ਦੇ ਰੂ ਬ ਰੂ ਕਰ ਰਹੇ ਹਾਂ। ਸਰਕਾਰ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਏ ਬੂਟਾ ਸਿੰਘ ਸਿੱਧੂ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ ਭਾਈ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਨੌਜਵਾਨਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਨੰਗਲ ਅੰਬੀਆਂ ਤੇ ਹੁਣ ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨਾਂ ਦੇ ਕਤਲਾਂ ਨਾਲ ਜੁੜੀਆਂ ਦੁਖਦਾਈ ਘਟਨਾਵਾਂ ਸਰਕਾਰ ਦੀ ਕਾਨੂੰਨ ਵਿਵਸਥਾ ਬਾਰੇ ਚਿੰਤਾ ਵਧਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਬਿਆਨਾਂ ਤੇ ਇਸ਼ਤਿਹਾਰਾਂ ਤੱਕ ਸੀਮਤ ਰਹਿਣ ਦੀ ਬਜਾਏ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਚਾਹੀਦਾ ਹੈ। ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਨਸ਼ਿਆਂ ਵਿਰੁੱਧ ਮੁਹਿੰਮ ਦੇ ਦਾਅਵਿਆਂ ਦੀ ਜ਼ਮੀਨੀ ਹਕੀਕਤ ਨਾਲ ਪਰਖ ਹੋਵੇ ਨੌਜਵਾਨ ਆਗੂ ਪ੍ਰਮਾਤਮਾ ਸਿੰਘ ਹਮੀਰਗੜ੍ਹ ਕੈਨੇਡਾ ਨੇ ਨਸ਼ਿਆਂ ਦੀ ਰੋਕਥਾਮ ਸਬੰਧੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦਾ ਭਵਿੱਖ ਖ਼ਤਰੇ ਵਿਚ ਪੈ ਰਿਹਾ ਹੈ। ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਲੋਕਾਂ ਦੀ ਉਮੀਦ ਹੈ ਕਿ ਇਨ੍ਹਾਂ ਦਾਅਵਿਆਂ ਦਾ ਅਸਰ ਜ਼ਮੀਨੀ ਪੱਧਰ ’ਤੇ ਵੀ ਦਿਖਾਈ ਦੇਵੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ ਕਾਰਵਾਈ, ਪੁਲਿਸ ਪ੍ਰਬੰਧ ਵਿਚ ਜਵਾਬਦੇਹੀ ਤੇ ਨਸ਼ੇ ਦੇ ਆਦੀ ਨੌਜਵਾਨਾਂ ਦੇ ਇਲਾਜ ਲਈ ਠੋਸ ਪ੍ਰਬੰਧ ਲਾਜ਼ਮੀ ਹਨ। ਸਿਰਫ਼ ਇਸ਼ਤਿਹਾਰਬਾਜ਼ੀ ਜਾਂ ਝੂਠੀ ਬਿਆਨਬਾਜ਼ੀ ਨਾਲ ਸਮੱਸਿਆ ਹੱਲ ਨਹੀਂ ਹੋਣਾ। ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਦੀ ਅਵਾਜ ਸੁਣ ਕੇ ਨਸ਼ਿਆਂ ਨੂੰ ਰੋਕਣ ਲਈ ਯਤਨ ਕਰੇ, ਤਾਂ ਜੋ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਲੋਕਾਂ ਦਾ ਭਰੋਸਾ ਬਣ ਸਕੇ। ਸਿੱਧੂ ਮੂਸੇਵਾਲਾ ਤੋਂ ਝੋਟਾ ਤੱਕ ਦੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਨੌਜਵਾਨ ਆਗੂ ਰਮਨਦੀਪ ਸਿੰਘ ਸਲਾਬਤਪੁਰਾ ਕੈਨੇਡਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਪਰਵਿੰਦਰ ਸਿੰਘ ਝੋਟਾ ਨਾਲ ਜੁੜੀਆਂ ਕਤਲ ਦੀਆਂ ਘਟਨਾਵਾਂ ਨੇ ਪੰਜਾਬ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਜਿਹੀਆਂ ਵਾਰਦਾਤਾਂ ਤੋਂ ਬਾਅਦ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਕਾਰਜਕਾਲ ਦੀ ਕਾਰਗੁਜ਼ਾਰੀ ਨੂੰ ਲੋਕਾਂ ਸਾਹਮਣੇ ਰੱਖਣਾ ਚਾਹੁੰਦੀ ਹੈ ਤਾਂ ਉਸ ਨੂੰ ਸੁਰੱਖਿਆ ਪ੍ਰਬੰਧਾਂ, ਜਾਂਚਾਂ ਤੇ ਦੋਸ਼ੀਆਂ ਵਿਰੁੱਧ ਕੀਤੀ ਕਾਰਵਾਈ ਦੇ ਸਪੱਸ਼ਟ ਨਤੀਜੇ ਦਿਖਾਉਣੇ ਚਾਹੀਦੇ ਹਨ। ਲੋਕਾਂ ਨੂੰ ਸਿਰਫ਼ ਭਰੋਸੇ ਨਹੀਂ, ਸੁਰੱਖਿਆ ਦੀ ਗਾਰੰਟੀ ਚਾਹੀਦੀ ਹੈ। ਸਰਕਾਰ ਨੂੰ ਰਾਜਨੀਤਿਕ ਪ੍ਰਚਾਰ ਤੋਂ ਉੱਪਰ ਉੱਠ ਕੇ ਅਪਰਾਧਾਂ ਦੀ ਰੋਕਥਾਮ ਅਤੇ ਨਿਆਂ ਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਸੱਚ ਸੁਣਨ ਦੀ ਆਦਤ ਹੀ ਚੰਗੇ ਸ਼ਾਸਨ ਦੀ ਨਿਸ਼ਾਨੀ ਹੈ ਕਾਂਗਰਸ ਆਗੂ ਜਗਜੀਤ ਸਿੰਘ ਕੋਇਰ ਸਿੰਘ ਵਾਲਾ ਨੇ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੀ ਆਲੋਚਨਾ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਉਠਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ। ਜੇਕਰ ਕੋਈ ਵਿਅਕਤੀ ਨਸ਼ਿਆਂ ਜਾਂ ਕਾਨੂੰਨ ਵਿਵਸਥਾ ਸਬੰਧੀ ਮੁੱਦੇ ਉਠਾਉਂਦਾ ਹੈ ਤਾਂ ਸਰਕਾਰ ਨੂੰ ਉਸ ਦੀ ਗੱਲ ਸੁਣ ਕੇ ਤੱਥਾਂ ਦੇ ਆਧਾਰ ’ਤੇ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫੋਕੀ ਇਸ਼ਤਿਹਾਰਬਾਜ਼ੀ ਤੇ ਬਿਆਨਬਾਜ਼ੀ ਨਾਲ ਲੋਕਾਂ ਦੇ ਮਨਾਂ ਵਿੱਚ ਪੈਦਾ ਹੋਈ ਚਿੰਤਾ ਦੂਰ ਨਹੀਂ ਕੀਤੀ ਜਾ ਸਕਦੀ। ਪਰਵਿੰਦਰ ਸਿੰਘ ਝੋਟਾ ਦੇ ਕਤਲ ਵਰਗੀਆਂ ਘਟਨਾਵਾਂ ਤੋਂ ਬਾਅਦ ਸਰਕਾਰ ਨੂੰ ਆਤਮ-ਮੰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਵੱਲੋਂ ਦਿੱਤੀ ਜਾਣਕਾਰੀ ਦੀ ਨਿਰਪੱਖ ਜਾਂਚ ਕੀਤੀ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਸੱਚ ਸੁਣਨ ਦੀ ਆਦਤ ਹੀ ਚੰਗੇ ਸ਼ਾਸਨ ਦੀ ਨਿਸ਼ਾਨੀ ਹੈ। ਪੰਜਾਬ ਦੀ ਨੌਜਵਾਨੀ ਸੂਬੇ ਦਾ ਸਭ ਤੋਂ ਕੀਮਤੀ ਸਰਮਾਇਆ ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਭਗਤਾ ਭਾਈ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਸੂਬੇ ਦਾ ਸਭ ਤੋਂ ਕੀਮਤੀ ਸਰਮਾਇਆ ਹੈ, ਪਰ ਨਸ਼ਿਆਂ ਅਤੇ ਅਪਰਾਧਾਂ ਨਾਲ ਜੁੜੀਆਂ ਘਟਨਾਵਾਂ ਮਾਪਿਆਂ ਦੀ ਚਿੰਤਾ ਵਧਾ ਰਹੀਆਂ ਹਨ। ਸਿੱਧੂ ਮੂਸੇਵਾਲਾ, ਨੰਗਲ ਅੰਬੀਆਂ ਅਤੇ ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨਾਂ ਨਾਲ ਵਾਪਰੀਆਂ ਦੁਖਦਾਈ ਘਟਨਾਵਾਂ ਤੋਂ ਬਾਅਦ ਸਰਕਾਰ ਨੂੰ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਰੋਕਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ, ਖੇਡਾਂ ਤੇ ਸਿਹਤਮੰਦ ਗਤੀਵਿਧੀਆਂ ਦੇ ਮੌਕੇ ਵਧਾਉਣੇ ਵੀ ਜ਼ਰੂਰੀ ਹਨ। ਸਰਕਾਰ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨੀਆਂ ਚਾਹੀਦੀਆਂ ਹਨ। ਸੂਬੇ ਦਾ ਭਵਿੱਖ ਸਿਰਫ਼ ਨਾਅਰਿਆਂ ਨਾਲ ਨਹੀਂ, ਸਗੋਂ ਪ੍ਰਭਾਵਸ਼ਾਲੀ ਨੀਤੀਆਂ ਅਤੇ ਜਵਾਬਦੇਹ ਪ੍ਰਸ਼ਾਸਨ ਨਾਲ ਸੁਰੱਖਿਅਤ ਹੋਵੇਗਾ। ਨਤੀਜੇ ਹੀ ਚੰਗੇ ਸ਼ਾਸਨ ਦੀ ਅਸਲ ਪਛਾਣ ਹਨ ਬਵਲੇਸ ਕੁਮਾਰ ਬੌਬੀ ਸਿੰਗਲਾ ਸੀਨੀਅਰ ਆਗੂ ਭਾਜਪਾ ਮੰਡਲ ਭਗਤਾ ਭਾਈ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਨੂੰ ਆਪਣੀ ਸਫ਼ਲਤਾ ਦਾ ਪ੍ਰਚਾਰ ਕਰਨ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ। ਨਸ਼ਿਆਂ ਦੀ ਰੋਕਥਾਮ ਤੇ ਕਾਨੂੰਨ ਵਿਵਸਥਾ ਵਰਗੇ ਗੰਭੀਰ ਮੁੱਦਿਆਂ ’ਤੇ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣਾ ਸਰਕਾਰ ਦੀ ਪਹਿਲ ਹੋਣੀ ਚਾਹੀਦੀ ਹੈ। ਸਿੱਧੂ ਮੂਸੇਵਾਲਾ ਅਤੇ ਨੰਗਲ ਅੰਬੀਆਂ ਦੇ ਮਾਮਲਿਆਂ ਤੋਂ ਵੀ ਸਬਕ ਲੈਂਦਿਆਂ ਅਪਰਾਧਾਂ ਦੀ ਰੋਕਥਾਮ ਲਈ ਲੰਬੇ ਸਮੇਂ ਦੀ ਯੋਜਨਾ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਜਿੱਤਣ ਲਈ ਸਰਕਾਰ ਨੂੰ ਸੱਚਾਈ ਸਵੀਕਾਰ ਕਰਕੇ ਕਮੀਆਂ ਦੂਰ ਕਰਨੀਆਂ ਪੈਣਗੀਆਂ। ਜਵਾਬਦੇਹੀ ਤੇ ਨਤੀਜੇ ਹੀ ਚੰਗੇ ਸ਼ਾਸਨ ਦੀ ਅਸਲ ਪਛਾਣ ਹਨ। ਉਨ੍ਹਾਂ ਕਿਹਾ ਕਿ ਇਸ਼ਤਿਹਾਰਾਂ ਦੀ ਬਜਾਏ ਕਾਰਗੁਜ਼ਾਰੀ ਦੇ ਆਧਾਰ ’ਤੇ ਹੀ ਪੰਜਾਬ ਸਰਕਾਰ ਪਰਖੀ ਜਾਵੇਗੀ।