26 ਦੀ ਮਹਾ ਰੈਲੀ ਪੰਜਾਬ ’ਚ ਨਵਾਂ ਇਤਿਹਾਸ ਸਿਰਜੇਗੀ : ਬਲਕਾਰ ਸਿੱਧੂ 26 ਦੀ ਮਹਾ ਰੈਲੀ ਪੰਜਾਬ ’ਚ ਨਵਾਂ ਇਤਿਹਾਸ ਸਿਰਜੇਗੀ : ਬਲਕਾਰ ਸਿੱਧੂ
Publish Date: Mon, 23 Nov 2026 05:00 PM (IST)
Updated Date: Mon, 23 Nov 2026 05:01 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਪਿੰਡ ਮਟਵਾਣੀ, ਮੋਗਾ ਵਿਖੇ ਹੋਣ ਜਾ ਰਹੀ ਖੁਸ਼ਹਾਲ ਪੰਜਾਬ ਮਹਾ ਰੈਲੀ ਵਿੱਚ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾ ਰੁਕਾਂਗੇ, ਨਾ ਥੱਕਾਂਗੇ, ਖੁਸ਼ਹਾਲ ਪੰਜਾਬ ਲਈ ਮਿਲ ਕੇ ਚੱਲਾਂਗੇ ਦੇ ਸੰਕਲਪ ਨਾਲ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੱਕ ਲਿਜਾਣ ਲਈ ਆਮ ਆਦਮੀ ਪਾਰਟੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਹ ਮਹਾ ਰੈਲੀ 26 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਮਟਵਾਣੀ, ਮੋਗਾ ਵਿਖੇ ਕਰਵਾਈ ਜਾ ਰਹੀ ਹੈ। ਇਸ ਮੌਕੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਹਾਈਕਮਾਂਡ ਦੇ ਹੋਰ ਸੀਨੀਅਰ ਆਗੂ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਇਤਿਹਾਸ ਦਾ ਇਕ ਯਾਦਗਾਰੀ ਸਮਾਗਮ ਸਾਬਤ ਹੋਵੇਗੀ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ ਅਤੇ ਖੁਸ਼ਹਾਲੀ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਮੌਜੂਦਾ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਨਾਲ ਖੇਤੀਬਾੜੀ ਖੇਤਰ ਨੂੰ ਵੱਡਾ ਲਾਭ ਮਿਲ ਰਿਹਾ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਸਮੇਤ ਸਿਹਤ, ਸਿੱਖਿਆ ਅਤੇ ਲੋਕ ਭਲਾਈ ਦੇ ਖੇਤਰਾਂ ਵਿਚ ਕਈ ਅਹਿਮ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਵਰਗ ਦੀ ਭਲਾਈ ਕਰਨਾ ਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਹੈ। ਉਨ੍ਹਾਂ ਸਮੂਹ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 26 ਨਵੰਬਰ ਨੂੰ ਸਵੇਰੇ 11 ਵਜੇ ਪਿੰਡ ਮਟਵਾਣੀ, ਮੋਗਾ ਵਿਖੇ ਹੋਣ ਵਾਲੀ ਖੁਸ਼ਹਾਲ ਪੰਜਾਬ ਮਹਾ ਰੈਲੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਪੰਜਾਬ ਦੀ ਤਰੱਕੀ ਦੇ ਇਸ ਸਫ਼ਰ ਵਿੱਚ ਆਪਣਾ ਯੋਗਦਾਨ ਪਾਉਣ।