ਸੰਗਤ ਮੰਡੀ ਦੇ ਬਾਜ਼ਾਰ ਨੂੰ ਜਾਣ ਵਾਲੀ ਸੜਕ ਦਾ ਬੁਰਾ ਹਾਲ ਸੰਗਤ ਮੰਡੀ ਦੇ ਬਾਜ਼ਾਰ ਨੂੰ ਜਾਣ ਵਾਲੀ ਸੜਕ ਦਾ ਬੁਰਾ ਹਾਲ
Publish Date: Sat, 05 Sep 2026 04:57 PM (IST)
Updated Date: Sat, 05 Sep 2026 04:58 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ ਸੰਗਤ ਮੰਡੀ ਦੇ ਮੇਨ ਬਾਜ਼ਾਰ ਨੂੰ ਜਾਣ ਵਾਲੀ ਮੁੱਖ ਸੜਕ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਹੈ। ਸੜਕ ’ਤੇ ਥਾਂ-ਥਾਂ ਪਏ ਡੂੰਘੇ ਖੱਡਿਆਂ ਕਾਰਨ ਮੀਂਹ ਪੈਣ ਸਮੇਂ ਇਨ੍ਹਾਂ ਵਿੱਚ ਪਾਣੀ ਭਰ ਜਾਂਦਾ ਹੈ, ਜਿਸ ਕਾਰਨ ਬਾਜ਼ਾਰ ਵੱਲ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੰਡੀ ਵਾਸੀਆਂ ਅਤੇ ਰਾਹਗੀਰਾਂ ਨੇ ਦੱਸਿਆ ਕਿ ਸੂਬੇ ਵਿੱਚ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਆਈਆਂ ਪਰ ਇਸ ਸੜਕ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸੰਗਤ ਮੰਡੀ ਦੇ ਬਾਜ਼ਾਰ ਨੂੰ ਜਾਣ ਲਈ ਮੁੱਖ ਤੌਰ ’ਤੇ ਇਹੀ ਰਸਤਾ ਹੈ, ਪਰ ਸੜਕ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਰੋਜ਼ਾਨਾ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ । ਲੋਕਾਂ ਅਨੁਸਾਰ ਸੰਗਤ ਮੰਡੀ ਦੇ ਬਾਜ਼ਾਰ ਵਿੱਚ ਬੇਕਰੀ ਦੀ ਦੁਕਾਨ ਕੋਲ ਸੜਕ ’ਤੇ ਵੱਡੇ ਖੱਡੇ ਪਏ ਹੋਏ ਹਨ। ਇਸੇ ਤਰ੍ਹਾਂ ਦੂਜੇ ਪਾਸੇ ਸਰਾਂ ਹਸਪਤਾਲ ਮੋੜ ਨੇੜੇ ਵੀ ਸੜਕ ਦਾ ਬਹੁਤ ਬੁਰਾ ਹਾਲ ਹੈ। ਮੀਂਹ ਦੌਰਾਨ ਖੱਡਿਆਂ ਵਿੱਚ ਪਾਣੀ ਭਰ ਜਾਣ ਕਾਰਨ ਰਾਹਗੀਰਾਂ ਨੂੰ ਇਹ ਖੱਡੇ ਦਿਖਾਈ ਨਹੀਂ ਦਿੰਦੇ, ਜਿਸ ਨਾਲ ਉਨ੍ਹਾਂ ਲਈ ਆਉਣ-ਜਾਣ ਵਿਚ ਹੋਰ ਵੀ ਮੁਸ਼ਕਲ ਪੈਦਾ ਹੁੰਦੀ ਹੈ। ਮੰਡੀ ਵਾਸੀਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਸੜਕ ਦੀ ਖਸਤਾ ਹਾਲਤ ਵੱਲ ਕਿਸੇ ਵੱਲੋਂ ਵੀ ਧਿਆਨ ਨਹੀਂ ਦਿੱਤਾ ਗਿਆ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੇ ਕੰਨਾਂ ’ਤੇ ਜੂੰ ਨਹੀਂ ਸਰਕ ਰਹੀ ਤੇ ਸੜਕ ਦੀ ਤੁਰੰਤ ਮੁਰੰਮਤ ਕੀਤੀ ਜਾਣੀ ਚਾਹੀਦੀ ਹੈ। ਅਇਸ ਸਬੰਧੀ ਜਦੋਂ ਹਲਕਾ ਇੰਚਾਰਜ ਗੋਪਾਲ ਸਿੰਘ ਕੋਟ ਫੱਤਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੰਗਤ ਮੰਡੀ ਦੇ ਮੇਨ ਬਾਜ਼ਾਰ ਵਾਲੀ ਸੜਕ ਦਾ ਕੰਮ ਜਲਦੀ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਬਲਾਕ ਸੰਗਤ ਅਧੀਨ ਬਾਕੀ ਰਹਿੰਦਾ ਸੜਕਾਂ ਦਾ ਕੰਮ ਵੀ ਜਲਦ ਸ਼ੁਰੂ ਕਰਵਾਇਆ ਜਾਵੇਗਾ।