ਗੁਰਤੇਜ ਸਿੰਧੂ, ਬਠਿੰਡਾ : ਥਾਣਾ ਕੋਟਫੱਤਾ ਦੇ ਪਿੰਡ ਕੋਟਭਾਰਾ ਵਿਖੇ ਜ਼ਮੀਨ ਦੀ ਵੰਡ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਵਿਅਕਤੀ ਨੇ ਆਪਣੇ ਪਿਤਾ ਨੂੰ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ, ਪਰ ਉਕਤ ਵਿਅਕਤੀ ਦੇ ਪਿਤਾ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਲਈ। ਇਸ ਸਬੰਧੀ ਸ਼ਿਕਾਇਤ ਮਿਲਣ 'ਤੇ ਪੁਲਸ ਨੇ ਗੋਲੀਆਂ ਚਲਾਉਣ ਵਾਲੇ ਵਿਅਕਤੀ ਖ਼ਿਲਾਫ਼ ਇਰਾਦਾ ਕਤਲ ਅਤੇ ਅਸਲਾ ਐਕਟ ਦੇ ਅਧੀਨ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਪਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਤੇਜ ਸਿੰਘ ਵਾਸੀ ਪਿੰਡ ਕੋਟਭਾਰਾ ਨੇ ਸ਼ਿਕਾਇਤ ਦਰਜ ਕਰਾਈ ਹੈ ਕਿ ਉਸ ਦਾ ਲੜਕਾ ਸੰਦੀਪ ਸਿੰਘ ਸ਼ਾਦੀਸ਼ੁਦਾ ਹੈ ਤੇ ਅਲੱਗ ਰਹਿੰਦਾ ਹੈ। ਪੀੜਤ ਵਿਅਕਤੀ ਨੇ ਦੱਸਿਆ ਕਿ ਦਸ ਜੁਲਾਈ ਨੂੰ ਸੰਦੀਪ ਉਸਦੇ ਘਰ ਆਇਆ ਤੇ ਉਸ ਕੋਲੋਂ ਅੱਧੀ ਜ਼ਮੀਨ ਦੀ ਮੰਗ ਕਰਨ ਲੱਗ ਪਿਆ, ਉਸ ਵੱਲੋਂ ਇਨਕਾਰ ਕਰਨ 'ਤੇ ਸੰਦੀਪ ਨੇ ਝਗੜਾ ਸ਼ੁਰੂ ਕਰ ਦਿੱਤਾ ਤੇ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਤਿੰਨ ਗੋਲੀਆਂ ਚਲਾ ਦਿੱਤੀਆਂ। ਗੁਰਤੇਜ ਸਿੰਘ ਨੇ ਦੱਸਿਆ ਕਿ ਉਸ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ। ਇਸ ਦੌਰਾਨ ਸੰਦੀਪ ਮੌਕੇ ਤੋਂ ਭੱਜ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਰਤੇਜ ਸਿੰਘ ਦੀ ਸ਼ਿਕਾਇਤ 'ਤੇ ਕਥਿਤ ਦੋਸ਼ੀ ਸੰਦੀਪ ਸਿੰਘ ਖ਼ਿਲਾਫ਼ ਇਰਾਦਾ ਕਤਲ ਦਾ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਰੂਪਾਪੱਤੀ ਗਈ ਹੈ ।

Posted By: Ramanjit Kaur