ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ 17ਵੇਂ ਦਿਨ ਵੀ ਜਾਰੀ, ਆਗੂਆਂ ਨੇ ਪੰਜਾਬ ਸਰਕਾਰ ਤੋਂ ਕੀਤੀ ਇਹ ਮੰਗ
ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਆਊਟਸੋਰਸਡ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਸਤਾਰਵੇਂ ਦਿਨ ਵੀ ਜਾਰੀ ਹੈ।
Publish Date: Mon, 10 Aug 2026 04:49 PM (IST)
Updated Date: Mon, 10 Aug 2026 05:06 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ। ਪਾਵਰਕਾਮ ਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ’ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਸਤਾਰਵੇਂ ਦਿਨ ਵੀ ਜਾਰੀ ਹੈ।
ਇਸ ਸਮੇਂ ਆਗੂ ਹਰਦੀਪ ਤੱਗੜ, ਰਮਜ਼ਾਨ ਖਾਨ, ਕੁਲਵਿੰਦਰ ਸੈਦੋ, ਜਸਕਰਨ ਜੱਸੀ, ਜਗਸੀਰ ਧੂਰਕੋਟ, ਗੁਰਪ੍ਰੀਤ ਸਿੰਘ, ਕ੍ਰਿਸ਼ਨ ਕੁਮਾਰ, ਪ੍ਰਮਜੀਤ ਮਹਿਰਾਜ, ਮੱਖਣ ਮਲੂਕਾ, ਨਾਇਬ ਸਿੰਘ, ਹਰਜਿੰਦਰ ਰਾਜੂ, ਭਗਤ ਭੱਟੀ, ਜਗਤਾਰ ਸੰਧੂ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਵੱਲੋਂ ਆਪਣੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਵਿਚ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਸਬੰਧੀ ਕੋਈ ਵੀ ਨੀਤੀ ਨਹੀਂ ਬਣਾਈ ਗਈ।
ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਆਊਟਸੋਰਸਡ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਸਤਾਰਵੇਂ ਦਿਨ ਵੀ ਜਾਰੀ ਹੈ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕੀਤਾ ਜਾਵੇ। ਅੱਜ ਦੀ ਇਕੱਤਰਤਾ ਨੂੰ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਤੋਂ ਸਤਵਿੰਦਰ ਸਿੰਘ ਸੋਨੀ ਪੰਜਾਬ,ਮਜ਼ਦੂਰ ਮੁਕਤੀ ਮੋਰਚਾ ਤੋਂ ਡੀਸੀ ਸਿੰਘ ਨੇ ਵੀ ਸੰਬੋਧਨ ਕੀਤਾ।