ਥਰਮਲ ਪਲਾਂਟ ਦੇ ਮੁਲਾਜ਼ਮਾਂ ਵੱਲੋਂ ਦੋ ਰੋਜ਼ਾ ਹੜਤਾਲ ’ਚ ਸ਼ਮੂਲੀਅਤ, ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ ਥਰਮਲ ਪਲਾਂਟ ਦੇ ਮੁਲਾਜ਼ਮਾਂ ਵੱਲੋਂ ਦੋ ਰੋਜ਼ਾ ਹੜਤਾਲ ਵਿੱਚ ਸ਼ਮੂਲੀਅਤ, ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
Publish Date: Wed, 21 Oct 2026 05:04 PM (IST)
Updated Date: Wed, 21 Oct 2026 05:06 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ, ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸਾਂਝੇ ਧੜੇ ਦੇ ਸੱਦੇ ’ਤੇ ਥਰਮਲ ਪਲਾਂਟ ਲਹਿਰਾ ਮੁਹੱਬਤ ਵਿਖੇ ਕੰਮ ਕਰਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਮੈਂਬਰਾਂ ਨੇ 21 ਅਤੇ 22 ਅਕਤੂਬਰ ਦੀ ਦੋ ਰੋਜ਼ਾ ਹੜਤਾਲ ਵਿਚ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਮੁਲਾਜ਼ਮਾਂ ਨੇ ਥਰਮਲ ਪਲਾਂਟ ਦੇ ਮੁੱਖ ਗੇਟ ’ਤੇ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਉਠਾਈ। ਰੈਲੀ ਨੂੰ ਸੰਬੋਧਨ ਕਰਦਿਆਂ ਇੰਪਲਾਈਜ਼ ਫੈਡਰੇਸ਼ਨ ਚਾਹਲ ਗਰੁੱਪ ਦੇ ਪ੍ਰਧਾਨ ਰਘਬੀਰ ਸਿੰਘ ਸੈਣੀ, ਜਨਰਲ ਸਕੱਤਰ ਰਜਿੰਦਰ ਸਿੰਘ ਨਿੰਮਾ, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ, ਸੂਬਾਈ ਆਗੂ ਅਵਤਾਰ ਸਿੰਘ ਬਰਾੜ ਅਤੇ ਮਟੀਰੀਅਲ ਸਰਵਿਸ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਆਪਣੀਆਂ ਮੰਗਾਂ ਲਈ ਧਰਨੇ ਅਤੇ ਪ੍ਰਦਰਸ਼ਨ ਨਹੀਂ ਕਰਨੇ ਪੈਣਗੇ। ਮੁਲਾਜ਼ਮਾਂ ਦੇ ਸਾਰੇ ਮਸਲੇ ਗੱਲਬਾਤ ਰਾਹੀਂ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ ਅਤੇ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਅਨੁਸਾਰ ਕੰਮ ਕਰੇਗੀ। ਆਗੂਆਂ ਨੇ ਕਿਹਾ ਕਿ ਇਨ੍ਹਾਂ ਵਾਅਦਿਆਂ ’ਤੇ ਭਰੋਸਾ ਕਰਦਿਆਂ ਮੁਲਾਜ਼ਮਾਂ ਨੇ ਮਾਰਚ 2022 ਵਿੱਚ ਭਗਵੰਤ ਮਾਨ ਸਰਕਾਰ ਦਾ ਫੁੱਲਾਂ ਨਾਲ ਸਵਾਗਤ ਕੀਤਾ ਸੀ, ਪਰ ਹੁਣ ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਦੇ ਸੰਘਰਸ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਰੋਸ ਪ੍ਰਦਰਸ਼ਨਾਂ ਦੌਰਾਨ ਮੁਲਾਜ਼ਮਾਂ ’ਤੇ ਲਾਠੀਚਾਰਜ ਕੀਤਾ ਜਾਂਦਾ ਹੈ ਤੇ ਮਹਿਲਾ ਮੁਲਾਜ਼ਮਾਂ ਨੂੰ ਵੀ ਸੰਘਰਸ਼ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਕੱਚੇ ਕਾਮਿਆਂ, ਆਂਗਣਵਾੜੀ ਵਰਕਰਾਂ ਅਤੇ ਮਨਰੇਗਾ ਵਰਕਰਾਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕਰਨ ਦੀ ਬਜਾਏ ਬਿਆਨਬਾਜ਼ੀ ਤੱਕ ਸੀਮਤ ਰਹਿ ਗਈ ਹੈ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਰੈਲੀ ਦੌਰਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰੇ, ਮਾਨਯੋਗ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਮਹਿੰਗਾਈ ਭੱਤੇ (ਡੀ.ਏ.) ਦਾ ਬਕਾਇਆ ਜਾਰੀ ਕਰੇ ਅਤੇ ਕੇਂਦਰ ਸਰਕਾਰ ਦੇ ਸੱਤਵੇਂ ਪੇਅ ਕਮਿਸ਼ਨ ਦੀ ਬਜਾਏ ਪੰਜਾਬ ਸਰਕਾਰ ਦੇ ਤਨਖ਼ਾਹ ਸਕੇਲ ਲਾਗੂ ਕਰੇ। ਇਸ ਤੋਂ ਇਲਾਵਾ ਮੁਲਾਜ਼ਮਾਂ ਦਾ ਪਰਖਕਾਲ ਇੱਕ ਸਾਲ ਕਰਨ, ਪਰਖਕਾਲ ਦੌਰਾਨ ਪੂਰੀ ਤਨਖ਼ਾਹ ਅਤੇ ਸਾਰੇ ਭੱਤੇ ਦੇਣ, ਛੇਵੇਂ ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਪੇਂਡੂ ਭੱਤਾ ਬਹਾਲ ਕਰਨ ਦੀਆਂ ਮੰਗਾਂ ਵੀ ਉਠਾਈਆਂ ਗਈਆਂ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਾਂ ਰਹਿੰਦਿਆਂ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇਕਜੁੱਟ ਹਨ ਅਤੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਰੈਲੀ ਵਿੱਚ ਰਕੇਸ਼ ਕੁਮਾਰ ਸ਼ਰਮਾ, ਸੁਖਦੀਪ ਸਿੰਘ, ਅਜੈਬ ਸਿੰਘ, ਗੁਰਲਾਲ ਸਿੰਘ, ਵਰਿੰਦਰ ਕੁਮਾਰ, ਰਾਮਜੀਤ ਸਿੰਘ, ਗੁਰਪ੍ਰੀਤ ਸਿੰਘ, ਵਿਸ਼ਵਕਰਮਜੀਤ ਸਿੰਘ, ਸੁਮਿਤ ਸਿੰਗਲਾ, ਨਿਰਭੈ ਸਿੰਘ, ਜਗਮਿੰਦਰ ਸਿੰਘ, ਇਕਬਾਲ ਸਿੰਘ ਅਤੇ ਜਸਵੀਰ ਸਿੰਘ ਸਮੇਤ ਥਰਮਲ ਪਲਾਂਟ ਦੇ ਹੋਰ ਮੁਲਾਜ਼ਮ ਹਾਜ਼ਰ ਸਨ।