ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਖ਼ਿਲਾਫ਼ ਥਰਮਲ ਕਾਮਿਆਂ ਵੱਲੋਂ ਗੇਟ ਰੈਲੀ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਖ਼ਿਲਾਫ਼ ਥਰਮਲ ਕਾਮਿਆਂ ਵੱਲੋਂ ਗੇਟ ਰੈਲੀ
Publish Date: Mon, 28 Sep 2026 04:29 PM (IST)
Updated Date: Mon, 28 Sep 2026 04:30 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ। ਜੀਐੱਚਟੀਪੀ ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵੱਲੋਂ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦਿੱਤੇ ਜਾਣ ਦੇ ਰੋਸ ਵਜੋਂ ਅੱਜ ਪਲਾਂਟ ਦੇ ਮੁੱਖ ਗੇਟ ਅੱਗੇ ਗੇਟ ਰੈਲੀ ਕੀਤੀ ਗਈ। ਇਸ ਮੌਕੇ ਮੁਲਾਜ਼ਮਾਂ ਨੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਿਵਲ ਸਰਕਲ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਨਿਯੁਕਤੀ ਪੱਤਰ ਦੇਣ ਦੀ ਮੰਗ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ, ਜਨਰਲ ਸਕੱਤਰ ਜਗਸੀਰ ਭੰਗੂ, ਮੀਤ ਪ੍ਰਧਾਨ ਬਲਜਿੰਦਰ ਮਾਨ ਅਤੇ ਵਿੱਤ ਸਕੱਤਰ ਲਛਮਣ ਰਾਮਪੁਰਾ ਨੇ ਕਿਹਾ ਕਿ ਥਰਮਲ ਪਲਾਂਟ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਤੋਂ ਠੇਕਾ ਮੁਲਾਜ਼ਮ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਮੈਨੇਜਮੈਂਟ ਵੱਲੋਂ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਫੈਸਲੇ ਤਹਿਤ ਥਰਮਲ ਪਲਾਂਟ ਦੇ ਸਿਵਲ ਸਰਕਲ ਨਾਲ ਸਬੰਧਤ ਠੇਕਾ ਮੁਲਾਜ਼ਮਾਂ ਨੂੰ ਆਫਰ ਲੈਟਰ ਜਾਰੀ ਕਰਨ ਦੇ ਬਾਵਜੂਦ ਹੁਣ ਨਿਯੁਕਤੀ ਪੱਤਰ ਦੇਣ ’ਤੇ ਰੋਕ ਲਗਾ ਦਿੱਤੀ ਗਈ ਹੈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਿਵਲ ਸਰਕਲ ਦੇ ਸਾਰੇ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨਿਯੁਕਤੀ ਪੱਤਰ ਸੌਂਪੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਮਸਲਾ ਜਲਦ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਸ਼ਹੀਦਾਂ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਨੂੰ ਯਾਦ ਕੀਤਾ ਗਿਆ।