ਕਿਸਾਨ ਮੋਰਚੇ ਦਾ ਤੀਜਾ ਦਿਨ: 4 ਸਤੰਬਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਸਮਰਪਿਤ ਹੋਵੇਗਾ ਮੋਰਚਾ ਕਿਸਾਨ ਮੋਰਚੇ ਦਾ ਤੀਜਾ ਦਿਨ: 4 ਸਤੰਬਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਸਮਰਪਿਤ ਹੋਵੇਗਾ ਮੋਰਚਾ
Publish Date: Tue, 01 Sep 2026 05:12 PM (IST)
Updated Date: Tue, 01 Sep 2026 05:13 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ, ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਾਇਆ ਗਿਆ ਕਿਸਾਨ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਮੋਰਚੇ ਦੌਰਾਨ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਐਲਾਨ ਕੀਤਾ ਕਿ 4 ਸਤੰਬਰ ਦਾ ਮੋਰਚਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਸਮਰਪਿਤ ਹੋਵੇਗਾ। ਝੰਡਾ ਸਿੰਘ ਜੇਠੂਕੇ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਹੱਲ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਆਪਣੇ ਅੜੀਅਲ ਰਵੱਈਏ ਤਹਿਤ ਮੁਲਾਜ਼ਮ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਗੂਆਂ ਦੀਆਂ ਦੂਰ-ਦੁਰਾਡੇ ਬਦਲੀਆਂ ਕਰਨ, ਤਨਖਾਹਾਂ ਰੋਕਣ ਅਤੇ ਵਿਭਾਗੀ ਤੇ ਕਾਨੂੰਨੀ ਕਾਰਵਾਈ ਵਰਗੇ ਢੰਗ ਅਪਣਾ ਕੇ ਉਨ੍ਹਾਂ ਨੂੰ ਜਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਦਾਲਤਾਂ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਕੀਤੇ ਫੈਸਲਿਆਂ ਖ਼ਿਲਾਫ਼ ਸਰਕਾਰ ਵੱਲੋਂ ਉੱਚ ਅਦਾਲਤਾਂ ਵਿੱਚ ਅਪੀਲਾਂ ਦਾਇਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ, ਪੈਨਸ਼ਨਰਾਂ, ਠੇਕਾ ਮੁਲਾਜ਼ਮਾਂ ਅਤੇ ਹੋਰ ਸੰਘਰਸ਼ਸ਼ੀਲ ਲੋਕਾਂ ਨੂੰ ਅਪੀਲ ਕੀਤੀ ਕਿ ਉਹ 4 ਸਤੰਬਰ ਨੂੰ ਪੰਜਾਬ ਭਰ ਵਿੱਚ ਚੱਲ ਰਹੇ ਕਿਸਾਨ ਮੋਰਚਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੀ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਕਿਰਤੀ ਲੋਕਾਂ ਦੀ ਲੁੱਟ ਵਧ ਰਹੀ ਹੈ ਅਤੇ ਉਨ੍ਹਾਂ ਦੇ ਕੰਮ-ਕਾਜ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਦੁਕਾਨਦਾਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਇਕਜੁੱਟ ਹੋ ਕੇ ਸਾਂਝੇ ਸੰਘਰਸ਼ ਵਿੱਢਣ ਦੀ ਲੋੜ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਭਾਰਤ ਵਿਸ਼ਵ ਵਪਾਰ ਸੰਸਥਾ ਤੋਂ ਬਾਹਰ ਆਵੇ ਅਤੇ ਅਮਰੀਕਾ-ਭਾਰਤ ਸਮਝੌਤਾ ਵਾਰਤਾ ਰੱਦ ਕੀਤੀ ਜਾਵੇ। ਉਨ੍ਹਾਂ ਸਾਰੀਆਂ ਫ਼ਸਲਾਂ ’ਤੇ ਸੀ-2 ਫਾਰਮੂਲੇ ਤਹਿਤ ਐੱਮਐੱਸਪੀ ਅਤੇ ਸਰਕਾਰੀ ਖਰੀਦ ਦੀ ਕਾਨੂੰਨੀ ਗਾਰੰਟੀ, ਖੇਤੀ ਅਤੇ ਵੱਖ-ਵੱਖ ਅਦਾਰਿਆਂ ਦੇ ਨਿੱਜੀਕਰਨ ਨਾਲ ਸਬੰਧਤ ਕਾਨੂੰਨ ਤੇ ਬਿੱਲ ਰੱਦ ਕਰਨ ਅਤੇ ਪਾਣੀਆਂ ’ਤੇ ਵਿਸ਼ਵ ਵਪਾਰ ਸੰਸਥਾ ਦਾ ਕਬਜ਼ਾ ਰੋਕਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਲਿਆਉਣ ਦੀਆਂ ਕੋਸ਼ਿਸ਼ਾਂ ਬੰਦ ਕਰਨ ਅਤੇ 60 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਘੱਟੋ-ਘੱਟ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੇਣ ਦੀ ਮੰਗ ਵੀ ਕੀਤੀ ਗਈ। ਇਸ ਦੌਰਾਨ ਇਕੱਠ ਵੱਲੋਂ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਗਏ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਮਜ਼ਦੂਰ ਸਾਂਝੇ ਮੋਰਚੇ ਦੇ ਪ੍ਰਮੁੱਖ ਆਗੂ ਸਾਥੀ ਗੁਰਨਾਮ ਸਿੰਘ ਦਾਊਦ ਦੀ ਬੇਵਕਤ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।