ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਤੀਜਾ ਵੋਟਰ ਰਜਿਸਟ੍ਰੇਸ਼ਨ ਕੈਂਪ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਤੀਜਾ ਵੋਟਰ ਰਜਿਸਟ੍ਰੇਸ਼ਨ ਕੈਂਪ
Publish Date: Sat, 12 Sep 2026 06:41 PM (IST)
Updated Date: Sat, 12 Sep 2026 06:44 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵਿਦਿਆਰਥਣਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਯੋਗ ਵਿਦਿਆਰਥਣਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਦੇ ਉਦੇਸ਼ ਨਾਲ ਤੀਜਾ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇਹ ਕੈਂਪ ਸੋਸ਼ਲ ਸਟੱਡੀਜ਼ ਵਿਭਾਗ ਅਤੇ ਐਨਐਸਐਸ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ। ਕੈਂਪ ਦੌਰਾਨ ਪਹੁੰਚੀ ਸਵੀਪ ਟੀਮ ਵੱਲੋਂ ਵਿਦਿਆਰਥਣਾਂ ਨੂੰ ਵੋਟ ਦੀ ਮਹੱਤਤਾ, ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਅਤੇ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਵੀਪ ਟੀਮ ਦੇ ਕਨਵੀਨਰ ਮਦਨ ਛਾਬੜਾ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਹਰੇਕ ਨਾਗਰਿਕ ਦਾ ਮਹੱਤਵਪੂਰਨ ਅਧਿਕਾਰ ਹੋਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਸੂਝ-ਬੂਝ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਕੈਂਪ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਯੋਗ ਵਿਦਿਆਰਥਣਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਮੌਕੇ SVEEP ਟੀਮ ਵੱਲੋਂ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਨੌਜਵਾਨ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤ ਨੀਂਹ ਹਨ। ਅਜਿਹੇ ਜਾਗਰੂਕਤਾ ਕੈਂਪ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਅਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਕਾਲਜ ਪ੍ਰਿੰਸੀਪਲ ਵੱਲੋਂ ਸਵੀਪ ਟੀਮ ਨੂੰ ਸਨਮਾਨਿਤ ਕੀਤਾ ਗਿਆ ਅਤੇ ਕਾਲਜ ਸਟਾਫ਼ ਤੇ ਵਿਦਿਆਰਥਣਾਂ ਵੱਲੋਂ ਟੀਮ ਦਾ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਡਾ. ਮਨੋਰਮਾ ਸਮਾਘ, ਪ੍ਰੋ. ਸ਼ਾਲਿਨੀ ਸਾਹਿਗਲ, ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਰਮਨਦੀਪ ਕੌਰ, ਐਨਐਸਐਸ ਵਿਭਾਗ ਦੇ ਡਾ. ਅਮਨਪਾਲ ਅਤੇ ਪ੍ਰੋ. ਕਿਰਨ ਬਾਲਾ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।