ਸਮੂਹਿਕ ਛੁੱਟੀ ਦੇ ਦੂਜੇ ਦਿਨ ਵੀ ਹਜ਼ਾਰਾਂ ਮੁਲਾਜ਼ਮਾਂ ਅਤੇ ਵੱਲੋਂ ਵਿਸ਼ਾਲ ਧਰਨਾ ਅਤੇ ਰੋਸ ਮਾਰਚ ਸਮੂਹਿਕ ਛੁੱਟੀ ਦੇ ਦੂਜੇ ਦਿਨ ਵੀ ਹਜ਼ਾਰਾਂ ਮੁਲਾਜ਼ਮਾਂ ਅਤੇ ਵੱਲੋਂ ਵਿਸ਼ਾਲ ਧਰਨਾ ਅਤੇ ਰੋਸ ਮਾਰਚ
Publish Date: Thu, 22 Oct 2026 05:34 PM (IST)
Updated Date: Thu, 22 Oct 2026 05:36 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਅਤੇ ਪੰਜਾਬ ਸਰਕਾਰ ਦੀਆਂ ਵਾਅਦਾ-ਖ਼ਿਲਾਫ਼ੀਆਂ ਵਿਰੁੱਧ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਦੂਜੇ ਦਿਨ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਟੀਚਰ ਹੋਮ ਬਠਿੰਡਾ ਵਿਖੇ ਵਿਸ਼ਾਲ ਧਰਨਾ ਦਿੱਤਾ। ਇਸ ਮੌਕੇ ਜ਼ਿਲ੍ਹੇ ਭਰ ਵਿਚੋਂ ਪਹੁੰਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਰੋਸ ਮਾਰਚ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਪ੍ਰੈੱਸ ਬਿਆਨ ਜਾਰੀ ਕਰਦਿਆਂ ਤਾਲਮੇਲ ਕਮੇਟੀ ਦੇ ਸੂਬਾ ਕਨਵੀਨਰ ਗਗਨਦੀਪ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਹੜਤਾਲ ਸਬੰਧੀ ਧਮਕੀ ਪੱਤਰ ਜਾਰੀ ਕਰਨ ਦੀ ਬਜਾਏ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਗੁਰਮੇਲ ਸਿੰਘ ਖਾਲਸਾ, ਬਲਰਾਜ ਮੌੜ, ਬਲਦੇਵ ਸਿੰਘ, ਕਰਮਜੀਤ ਸਿੰਘ ਸਿੱਧੂ, ਅਰੁਣ ਕੁਮਾਰ, ਐੱਸ.ਐੱਸ. ਯਾਦਵ, ਧੰਨਾ ਸਿੰਘ, ਆਤਮ ਤੇਜ ਸਿੰਘ, ਅਜੀਤ ਪਾਲ ਸਿੰਘ, ਗੁਰਤੇਜ ਸਿੰਘ ਗਿੱਲ, ਰਾਜਵੀਰ ਸਿੰਘ ਮਾਨ, ਸੁਖਮਿੰਦਰ ਸਿੰਘ ਬਰਾੜ, ਬਲਜਿੰਦਰ ਸਿੰਘ, ਹਰਨੇਕ ਗਹਿਰੀ ਅਤੇ ਪ੍ਰਿੰਸੀਪਲ ਰਣਜੀਤ ਸਿੰਘ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ। ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ, ਏ.ਸੀ.ਪੀ. ਸਕੀਮ ਬਹਾਲ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖ਼ਾਹ ਸਕੇਲ ਦੇਣ ਅਤੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਦੇਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਪੈਨਸ਼ਨਰਾਂ ਅਤੇ ਅਣ-ਰਿਵਾਈਜ਼ਡ ਕੈਟਾਗਰੀਆਂ ਦੇ ਮੁਲਾਜ਼ਮਾਂ ਲਈ 2.59 ਦਾ ਗੁਣਾਂਕ ਲਾਗੂ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਨ ਅਤੇ 16 ਮਈ 2023 ਦੀ ਨੀਤੀ ਰੱਦ ਕਰਕੇ ਸਪੈਸ਼ਲ ਕਾਡਰ ਦੇ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਉੱਤੇ ਸਿਵਲ ਸਰਵਿਸਿਜ਼ ਰੂਲਜ਼ ਅਤੇ ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਕਰਨ ਦੀ ਮੰਗ ਵੀ ਉਠਾਈ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਸਿਰਫ਼ 8 ਫ਼ੀਸਦੀ ਮਹਿੰਗਾਈ ਭੱਤਾ ਦੇ ਕੇ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਰੇ ਮਸਲੇ ਹੱਲ ਹੋ ਗਏ ਹਨ, ਜਦਕਿ ਅਸਲ ਵਿੱਚ ਕਈ ਮੰਗਾਂ ਅਜੇ ਵੀ ਲੰਬਿਤ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਤਾਲਮੇਲ ਕਮੇਟੀ ਦੀਆਂ ਸਮੁੱਚੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।