ਜ਼ਿਲ੍ਹਾ ਪੁਲਿਸ ਨਗਰ ਨਿਗਮ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਵਕ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ। ਆਉਂਦੀ 26 ਮਈ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਸ਼ਹਿਰ ਅੰਦਰ ਵੱਡੇ ਪੱਧਰ ’ਤੇ ਫਲੈਗ ਮਾਰਚ ਕੱਢਿਆ ਗਿਆ, ਜਦਕਿ ਦੇਰ ਰਾਤ ਪੂਰੇ ਜ਼ਿਲ੍ਹੇ ਵਿਚ ਵਿਸ਼ੇਸ਼ ਨਾਕਾਬੰਦੀ ਕਰਕੇ ਸੁਰੱਖਿਆ ਇੰਤਜ਼ਾਮਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਪੁਲਿਸ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਦੌਰਾਨ ਕਿਸੇ ਵੀ ਕੀਮਤ ’ਤੇ ਕਾਨੂੰਨ ਵਿਵਸਥਾ ਨੂੰ ਵਿਗੜਨ ਨਹੀਂ ਦਿੱਤਾ ਜਾਵੇਗਾ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨਗਰ ਨਿਗਮ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਵਕ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ। ਆਉਂਦੀ 26 ਮਈ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਸ਼ਹਿਰ ਅੰਦਰ ਵੱਡੇ ਪੱਧਰ ’ਤੇ ਫਲੈਗ ਮਾਰਚ ਕੱਢਿਆ ਗਿਆ, ਜਦਕਿ ਦੇਰ ਰਾਤ ਪੂਰੇ ਜ਼ਿਲ੍ਹੇ ਵਿਚ ਵਿਸ਼ੇਸ਼ ਨਾਕਾਬੰਦੀ ਕਰਕੇ ਸੁਰੱਖਿਆ ਇੰਤਜ਼ਾਮਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਪੁਲਿਸ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਦੌਰਾਨ ਕਿਸੇ ਵੀ ਕੀਮਤ ’ਤੇ ਕਾਨੂੰਨ ਵਿਵਸਥਾ ਨੂੰ ਵਿਗੜਨ ਨਹੀਂ ਦਿੱਤਾ ਜਾਵੇਗਾ। ਐੱਸਐੱਸਪੀ ਡਾ. ਜਯੋਤੀ ਯਾਦਵ ਨੇ ਖ਼ੁਦ ਪੁਲਿਸ ਅਧਿਕਾਰੀਆਂ, ਐੱਸਪੀ, ਡੀਐੱਸਪੀ, ਥਾਣਾ ਮੁਖੀਆਂ ਅਤੇ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਫਲੈਗ ਮਾਰਚ ਕੀਤਾ। ਇਸ ਦੌਰਾਨ ਆਮ ਲੋਕਾਂ ਨੂੰ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਕਿ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਪੁਖ਼ਤਾ ਰਹਿਣਗੇ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਫਲੈਗ ਮਾਰਚ ਦੌਰਾਨ ਸ਼ਹਿਰ ਦੇ ਮੁੱਖ ਬਾਜ਼ਾਰਾਂ, ਚੌਕਾਂ ਅਤੇ ਸੰਵੇਦਨਸ਼ੀਲ ਖੇਤਰਾਂ ਵਿਚ ਵਿਸ਼ੇਸ਼ ਨਿਗਰਾਨੀ ਰੱਖੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਅਲਰਟ ’ਤੇ ਹੈ। ਚੋਣਾਂ ਦੀ ਡਿਊਟੀ ਲਈ ਲਗਭਗ 2 ਹਜ਼ਾਰ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਭਰ ਵਿੱਚ 44 ਪੈਟਰੋਲਿੰਗ ਪਾਰਟੀਆਂ ਲਗਾਤਾਰ ਗਸ਼ਤ ਕਰ ਰਹੀਆਂ ਹਨ। ਪੁਲਿਸ ਵੱਲੋਂ 35 ਮੁੱਖ ਥਾਵਾਂ ’ਤੇ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਦੇਰ ਰਾਤ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਖ਼ੁਦ ਐੱਸਐੱਸਪੀ ਨੇ ਵੱਖ-ਵੱਖ ਨਾਕਿਆਂ ਦਾ ਨਿਰੀਖਣ ਕੀਤਾ ਅਤੇ ਉੱਥੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ।
ਪੁਲਿਸ ਪ੍ਰਸ਼ਾਸਨ ਅਨੁਸਾਰ ਨਗਰ ਨਿਗਮ ਚੋਣਾਂ ਲਈ ਜ਼ਿਲ੍ਹੇ ਵਿਚ 124 ਲੋਕੇਸ਼ਨਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ, ਜਿੱਥੇ ਕੁੱਲ 387 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿਚੋਂ ਕਰੀਬ 100 ਬੂਥਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਇਨ੍ਹਾਂ ਬੂਥਾਂ ’ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਜਾਣਗੇ। ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸੰਵੇਦਨਸ਼ੀਲ ਬੂਥਾਂ ਦੀ ਹਰ ਗਤੀਵਿਧੀ ’ਤੇ ਪੈਨੀ ਨਜ਼ਰ ਰੱਖੀ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜੀ ਦੀ ਗੁੰਜਾਇਸ਼ ਨਾ ਰਹੇ। ਉਨ੍ਹਾਂ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਵਿਸ਼ੇਸ਼ ਆਪ੍ਰੇਸ਼ਨ ਲਗਾਤਾਰ ਜਾਰੀ ਹਨ। “ਯੁੱਧ ਨਸ਼ੇ ਦੇ ਵਿਰੁੱਧ” ਅਤੇ “ਗੈਂਗਸਟਰਾਂ ’ਤੇ ਵਾਰ” ਮੁਹਿੰਮ ਤਹਿਤ ਜ਼ਿਲ੍ਹੇ ਵਿਚ ਸ਼ੱਕੀ ਵਿਅਕਤੀਆਂ, ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਨੇ ਕਈ ਇਲਾਕਿਆਂ ਵਿਚ ਸਰਚ ਆਪ੍ਰੇਸ਼ਨ ਵੀ ਤੇਜ਼ ਕਰ ਦਿੱਤੇ ਹਨ, ਤਾਂ ਜੋ ਚੋਣਾਂ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਨੂੰ ਰੋਕਿਆ ਜਾ ਸਕੇ।
ਐੱਸਐੱਸਪੀ ਨੇ ਸਖ਼ਤ ਚੇਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਕੋਈ ਵੀ ਵਿਅਕਤੀ ਚੋਣ ਪ੍ਰਕਿਰਿਆ ਵਿਚ ਵਿਘਨ ਪਾਉਣ, ਵੋਟਰਾਂ ਨੂੰ ਡਰਾਉਣ, ਭੈਅ ਦਾ ਮਾਹੌਲ ਬਣਾਉਣ ਜਾਂ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਤਾਂ ਉਸ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸੋਸ਼ਲ ਮੀਡੀਆ ’ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਨਾਗਰਿਕ ਬਿਨਾਂ ਕਿਸੇ ਡਰ ਅਤੇ ਦਬਾਅ ਦੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਨ। ਜੇਕਰ ਕਿਤੇ ਵੀ ਕੋਈ ਸ਼ੱਕੀ ਹਰਕਤ ਨਜ਼ਰ ਆਉਂਦੀ ਹੈ, ਤਾਂ ਤੁਰੰਤ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ। ਚੋਣਾਂ ਦੌਰਾਨ ਸ਼ਾਂਤੀ, ਸੁਰੱਖਿਆ ਅਤੇ ਨਿਰਪੱਖਤਾ ਬਣਾਈ ਰੱਖਣਾ ਪੁਲਿਸ ਦੀ ਮੁੱਖ ਤਰਜੀਹ ਹੈ ਅਤੇ ਇਸ ਲਈ ਹਰ ਜ਼ਰੂਰੀ ਕਦਮ ਉਠਾਇਆ ਜਾ ਰਿਹਾ ਹੈ।