ਹਰਮੇਲ ਸਾਗਰ, ਭੁੱਚੋ ਮੰਡੀ : ਟੋਲ ਪਲਾਜ਼ਾ ਲਹਿਰਾ ਬੇਗਾ ਦੇ ਕਰਮਚਾਰੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਹਾਇਤਾ ਨਾਲ ਬਠਿੰਡਾ-ਚੰਡੀਗ੍ਹੜ ਮੱੁਖ ਮਾਰਗ 'ਤੇ ਭੁੱਚੋ ਮੰਡੀ ਕੋਲ ਟੋਲ ਪਲਾਜ਼ਾ ਲਹਿਰਾ ਬੇਗਾ 'ਤੇ ਸੜਕ ਨੂੰ ਤਿੰਨ ਘੰਟੇ ਜਾਮ ਕਰ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਰਮਚਾਰੀ ਯੀਨੀਅਨ ਦੇ ਆਗੂ ਜਸਵੀਰ ਸਿੰਘ ਅਤੇ ਰੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਕੰਪਨੀ ਵੱਲੋਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਦੋਂਕਿ ਪੰਜਾਬ ਅੰਦਰ ਜੋ ਫਰੀ ਟੋਲ ਪਲਾਜ਼ੇ ਚੱਲ ਰਹੇ ਹਨ, ਦੇ ਮੁਲਾਜ਼ਮਾਂ ਨੂੰ ਕੰਪਨੀ ਵੱਲੋਂ ਪੂਰੀਆਂ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਬੀਕੇਯੂ ਦੇ ਆਗੂ ਮੋਠਾ ਸਿੰਘ, ਸੁਖਦੇਵ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀਆਂ ਸਰਕਾਰਾਂ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਤਾਂ ਕੀ ਦੇਣਾ ਸੀ, ਸਗੋਂ ਪਹਿਲਾਂ ਜੋ ਮਾੜਾ ਮੋਟਾ ਮਿਲਿਆ ਰੁਜ਼ਗਾਰ ਵੀ ਖੋਹਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਵਿਚ ਮਿਲਿਆ ਰੁਜ਼ਗਾਰ ਵੀ ਨਵੇਂ ਤਿੰਨ ਖੇਤੀ ਕਾਨੂੰਨ ਲਿਆ ਕੇ ਜ਼ਮੀਨਾਂ ਖੋਹਣ ਦੀ ਤਿਆਰੀ ਕਰ ਰਹੀ ਹੈ, ਜਿਸ ਨਾਲ ਬੇਰੁਜ਼ਗਾਰੀ ਹੋਰ ਵੱਡੇ ਪੱਧਰ 'ਤੇ ਵਧੇਗੀ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਮੁਲਾਜ਼ਮਾਂ ਦੀ ਬਣਦੀ ਤਨਖਾਹ ਦਿੱਤੀ ਜਾਵੇ ਅਤੇ ਇਨ੍ਹਾਂ ਦੀ ਨੌਕਰੀ ਬਰਕਰਾਰ ਰੱਖੀ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਉਹ ਮੁਲਾਜ਼ਮਾਂ ਨਾਲ ਖੜੇ੍ਹ ਹਨ, ਜੋ ਵੀ ਇਨ੍ਹਾਂ ਵੱਲੋਂ ਸੰਘਰਸ਼ ਉਲੀਕਿਆ ਜਾਵੇਗਾ, ਪੂਰਾ ਸਾਥ ਦਿੱਤਾ ਜਾਵੇਗਾ। ਇਸ ਮੌਕੇ ਚੱਲ ਰਹੇ ਪੱਕੇ ਧਰਨੇ 'ਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।