ਬਠਿੰਡਾ 'ਚ ਇਲਾਜ ਅਧੀਨ ਅਣਪਛਾਤੇ ਨੌਜਵਾਨ ਦੀ ਮੌਤ: ਰੋਡ 'ਤੋਂ 11 ਦਿਨ ਪਹਿਲਾਂ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਸੀ ਮ੍ਰਿਤਕ
ਸਹਾਰਾ ਜਨ ਸੇਵਾ ਦੇ ਬੁਲਾਰੇ ਸੰਦੀਪ ਗੋਇਲ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਲਈ 1 ਅਗਸਤ ਤੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਪਰ ਅਜੇ ਤੱਕ ਕੋਈ ਸਫਲਤਾ ਨਹੀਂ ਮਿਲੀ।
Publish Date: Tue, 11 Aug 2026 04:15 PM (IST)
Updated Date: Tue, 11 Aug 2026 04:17 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ। ਹਾਜ਼ੀ ਰਤਨ ਰੋਡ ਤੋਂ 31 ਜੁਲਾਈ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਇੱਕ ਅਣਪਛਾਤੇ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਸ ਦੀ ਪਛਾਣ ਅਜੇ ਤਕ ਨਹੀਂ ਹੋ ਸਕੀ। ਪ੍ਰਾਪਤ ਜਾਣਕਾਰੀ ਅਨੁਸਾਰ 31 ਜੁਲਾਈ ਨੂੰ ਹਾਜ਼ੀ ਰਤਨ ਰੋਡ ਤੋਂ ਇੱਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਸੀ, ਜੋ ਬੋਲਣ ਤੋਂ ਵੀ ਅਸਮਰੱਥ ਸੀ। ਇਲਾਜ ਦੌਰਾਨ ਡਾਕਟਰਾਂ ਵੱਲੋਂ ਨੌਜਵਾਨ ਦੇ ਐਕਸ-ਰੇ ਅਤੇ ਐੱਮਆਰਆਈ ਸਮੇਤ ਹੋਰ ਜਾਂਚਾਂ ਕਰਵਾਈਆਂ ਗਈਆਂ।
ਜਾਣਕਾਰੀ ਅਨੁਸਾਰ ਨੌਜਵਾਨ ਐੱਚਆਈਵੀ ਅਤੇ ਟੀਬੀ ਦੀ ਬਿਮਾਰੀ ਤੋਂ ਪੀੜਤ ਸੀ। ਕਰੀਬ 11 ਦਿਨ ਤਕ ਉਸ ਦਾ ਇਲਾਜ ਚੱਲਦਾ ਰਿਹਾ ਪਰ ਉਸ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋਇਆ। ਅੱਜ ਸਵੇਰੇ ਕਰੀਬ 9 ਵਜੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਉਸ ਦੀ ਮੌਤ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਨੇ ਹਸਪਤਾਲ ਚੌਕੀ ਪੁਲਿਸ ਨੂੰ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਸੁਰੱਖਿਅਤ ਰਖਵਾ ਦਿੱਤਾ ਗਿਆ। ਸਹਾਰਾ ਜਨ ਸੇਵਾ ਦੇ ਬੁਲਾਰੇ ਸੰਦੀਪ ਗੋਇਲ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਲਈ 1 ਅਗਸਤ ਤੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਪਰ ਅਜੇ ਤੱਕ ਕੋਈ ਸਫਲਤਾ ਨਹੀਂ ਮਿਲੀ।