ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਬੂਟੇ ਲਾਉਣ ਦੀ ਮੁਹਿੰਮ ਜਾਰੀ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਬੂਟੇ ਲਾਉਣ ਦੀ ਮੁਹਿੰਮ ਜਾਰੀ
Publish Date: Tue, 04 Aug 2026 04:51 PM (IST)
Updated Date: Tue, 04 Aug 2026 04:52 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਸ਼੍ਰੋਮਣੀ ਸੰਤ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਭਾਜਪਾ ਵੱਲੋਂ ਚਲਾਈ ਜਾ ਰਹੀ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਵਾਰਾਣਸੀ ਤੋਂ ਲਿਆਂਦੀ ਗਈ ਪਵਿੱਤਰ ਮਿੱਟੀ ਨਾਲ ਤਲਵੰਡੀ ਸਾਬੋ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਬੂਟੇ ਲਗਾਉਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਭਾਜਪਾ ਦੇ ਸੀਨੀਅਰ ਨੌਜਵਾਨ ਆਗੂ ਅਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਉਪ ਪ੍ਰਧਾਨ ਨਵਜੋਤ ਸਿੰਘ ਗੁਣੀ ਆਪਣੇ ਸਾਥੀਆਂ ਸਮੇਤ ਪਿੰਡ ਪੱਕਾ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਨਵਜੋਤ ਸਿੰਘ ਗੁਣੀ ਵੱਲੋਂ ਗੁਰੂ ਘਰ ਵਿਖੇ ਵਾਰਾਣਸੀ ਤੋਂ ਲਿਆਂਦੀ ਗਈ ਪਵਿੱਤਰ ਮਿੱਟੀ ਨਾਲ ਬੂਟਾ ਲਗਾਇਆ ਗਿਆ ਅਤੇ ਮਿੱਟੀ ਰੋਪਣ ਦੀ ਰਸਮ ਵੀ ਅਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਸਿਰਫ਼ ਸਮਾਗਮਾਂ ਤੱਕ ਸੀਮਤ ਰੱਖਣ ਦੀ ਬਜਾਏ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਲੋੜ ਹੈ। ਨਵਜੋਤ ਸਿੰਘ ਗੁਣੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਬਰਾਬਰਤਾ, ਸਾਂਝੀਵਾਲਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਨਵਜੋਤ ਗੁਣੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400ਵੀਂ ਪ੍ਰਕਾਸ਼ ਸ਼ਤਾਬਦੀ ਦੇ ਸਮਾਗਮ ਦੇਸ਼ ਭਰ ਵਿਚ ਕਰਵਾਏ ਗਏ ਸਨ ਅਤੇ ਹੁਣ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਵੀ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵਾਰਾਣਸੀ ਲਈ ਵਿਸ਼ੇਸ਼ ਰੇਲ ਗੱਡੀ ਵੀ ਚਲਾਈ ਗਈ ਹੈ ਅਤੇ ਹਰ ਸਾਲ ਵਾਰਾਣਸੀ ਜਾਣ ਵਾਲੀ ਸੰਗਤ ਲਈ ਵਿਸ਼ੇਸ਼ ਰੇਲ ਗੱਡੀਆਂ ਦੀ ਸਹੂਲਤ ਦਿੱਤੀ ਜਾਂਦੀ ਹੈ। ਨਵਜੋਤ ਸਿੰਘ ਗੁਣੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਤਲਵੰਡੀ ਸਾਬੋ ਹਲਕੇ ਦੇ ਵੱਧ ਤੋਂ ਵੱਧ ਪਿੰਡਾਂ ਵਿਚ ਇਸ ਮੁਹਿੰਮ ਤਹਿਤ ਪਵਿੱਤਰ ਮਿੱਟੀ ਨਾਲ ਬੂਟੇ ਲਗਾਏ ਜਾਣਗੇ ਅਤੇ ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਜਾਰੀ ਰਹੇਗਾ। ਇਸ ਮੌਕੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੁਣੀ ਤੋਂ ਇਲਾਵਾ ਭਾਜਪਾ ਆਗੂ ਅਤੇ ਹਲਕਾ ਤਲਵੰਡੀ ਸਾਬੋ ਦੀ ਭਾਜਪਾ ਟੀਮ ਦੇ ਹੋਰ ਮੈਂਬਰ ਵੀ ਮੌਜੂਦ ਸਨ।