ਹਰਕ੍ਰਿਸ਼ਨ ਸ਼ਰਮਾ, ਬਠਿੰਡਾ : ਕੇਂਦਰੀ ਮੰਤਰੀ ਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਬਿਆਸ ਸਥਿਤ ਪ੍ਰਾਈਵੇਟ ਸਕੂਲ 'ਚ ਦੂਜੀ ਜਮਾਤ ਦੀ ਪੜ੍ਹਦੀ ਅੱਠ ਸਾਲ ਦੀ ਬੱਚੀ ਨਾਲ ਸਕੂਲ ਦੇ ਹੀ ਦਸਵੀਂ ਜਮਾਤ ਦੇ ਲੜਕੇ ਵਲੋਂ ਜਬਰ ਜਨਾਹ ਕੀਤੇ ਜਾਣ ਦੇ ਮਾਮਲੇ ਸਬੰਧੀ ਟਵੀਟ ਕੀਤਾ ਕਿ ਸਕੂਲ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਪਰਾਧਕ ਮਾਮਲਾ ਦਰਜ ਕੀਤੇ ਜਾਣ।

ਉਨ੍ਹਾਂ ਮੰਗ ਕੀਤੀ ਹੈ, ਜਿਹੜੇ ਲੋਕ ਉਕਤ ਨਾਬਾਲਗ ਸਕੂਲੀ ਬੱਚੇ ਨੂੰ ਬਚਾਉਣ ਦੀ ਕੋਸ਼ਿਸ ਕਰ ਰਹੇ ਹਨ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਫੇਲ੍ਹ ਕਰਾਰ ਦਿੰਦੇ ਹੋਏ ਕਿਹਾ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਪੀੜਤ ਬੱਚੀ ਦੇ ਮਾਪਿਆਂ ਨੂੰ ਨਿਆਂ ਮੰਗਣ 'ਤੇ ਡਰਾਇਆ-ਧਮਕਾਇਆ ਜਾ ਰਿਹਾ ਹੈ। ਸੂਬੇ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਤੇ ਕਿਸੇ ਨੂੰ ਇਨਸਾਫ਼ ਨਹੀਂ ਮਿਲ ਰਿਹਾ।