ਪੰਜਾਬੀ ਜਾਗਰਣ ਟੀਮ, ਬਠਿੰਡਾ : ਕਰਜ਼ੇ ਅਤੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਜਿਲ੍ਹੇ ਦੇ ਦੋ ਕਿਸਾਨਾਂ ਨੇ ਖ਼ੁਦਕੁਸ਼ੀ ਕਰ ਲਈ। ਖ਼ੁਦਕਸ਼ੀ ਕਰਨ ਵਾਲੇ ਪਿੰਡ ਮੱਲਵਾਲਾ ਦੇ ਕਿਸਾਨ ਸਿਰ ਅੱਠ ਲੱਖ ਰੁਪਏ ਦਾ ਕਰਜ਼ਾ ਦੱਸਿਆ ਜਾਂਦਾ ਹੈ ਜਦੋਂ ਕਿ ਪਿੰਡ ਵਾਸੀਆਂ ਦੇ ਕਿਸਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਫਾਹਾ ਲਗਾ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਲਜੀਤ ਸਿੰਘ ਪੈਂਤੀ ਸਾਲ ਪੁੱਤਰ ਗੁਰਦੀਪ ਸਿੰਘ ਕੋਲ ਇੱਕ ਏਕੜ ਜੱਦੀ ਜ਼ਮੀਨ ਹੈ ਉਕਤ ਕਿਸਾਨ ਸਿਰ ਸਰਕਾਰੀ ਤੇ ਗ਼ੈਰ ਸਰਕਾਰੀ ਅੱਠ ਲੱਖ ਰੁਪਏ ਦਾ ਕਰਜ਼ਾ ਚੜ੍ਹ ਗਿਆ।

ਉਕਤ ਕਿਸਾਨ ਨੇ ਕਰਜ਼ਾ ਉਤਾਰਨ ਲਈ ਹੱਡ ਭੰਨਵੀਂ ਮਿਹਨਤ ਕੀਤੀ ਪਰ ਕਰਜ਼ੇ ਦੀ ਪੰਡ ਦਿਨੋਂ ਦਿਨ ਭਾਰੀ ਹੁੰਦੀ ਗਈ ਆਖਰ ਬਲਜੀਤ ਸਿੰਘ ਨੇ ਪੱਚੀ ਜਨਵਰੀ ਨੂੰ ਕੋਈ ਜ਼ਹਿਰੀਲੀ ਵਸਤੂ ਖਾ ਲਈ ਜਿਸ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿਥੇ ਅੱਜ ਉਸ ਦੀ ਮੌਤ ਹੋ ਗਈ। ਥਾਣਾ ਸੰਗਤ ਦੇ ਸਬ ਇੰਸਪੈਕਟਰ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਭਰਾ ਗੁਰਸੇਵਕ ਸਿੰਘ ਦੇ ਬਿਆਨਾਂ ਤੇ ਇੱਕ ਸੌ ਚਹੱਤਰ ਦੀ ਕਾਰਵਾਈ ਕਰਨ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਇਸ ਤਰ੍ਹਾਂ ਹੀ ਜ਼ਿਲ੍ਹੇ ਦੇ ਪਿੰਡ ਸਿਵੀਆਂ ਦੇ ਕਿਸਾਨ ਅੰਗਰੇਜ਼ ਸਿੰਘ ਪੈਂਤੀ ਪੁੱਤਰ ਨਾਜਰ ਸਿੰਘ ਨੇ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਤਨੀ ਪਿੰਡ ਸਿਵੀਆਂ ਦੀ ਪੰਚਾਇਤ ਮੈਂਬਰ ਹੈ ਪਰ ਘਰ ਦੇ ਆਰਥਿਕ ਹਾਲਾਤ ਬਹੁਤੇ ਚੰਗੇ ਨਹੀਂ ਹਨ। ਇਸ ਗੱਲ ਤੋਂ ਕਿਸਾਨ ਅੰਗਰੇਜ਼ ਸਿੰਘ ਮਾਨਸਿਕ ਤੌਰ ਤੇ ਪ੍ਰੇਸ਼ਾਨ ਚੱਲ ਰਿਹਾ ਸੀ ਜਿਸ ਨੇ ਅੱਜ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਥਾਣਾ ਨੇਹੀਆਂ ਵਾਲਾ ਦੀ ਪੁਲਸ ਨੇ ਇੱਕ ਸੌ ਚਹੱਤਰ ਦੀ ਕਾਰਵਾਈ ਕਰਨ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

Posted By: Amita Verma