522 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ ਨਸ਼ੀਲੇ ਪਦਾਰਥਾਂ ਸਮੇਤ ਦੋ ਵਿਅਕਤੀ 522 ਗ੍ਰਾਮ ਹੈਰੋਇਨ ਸਮੇਤ ਕਾਬੂ
Publish Date: Fri, 30 Oct 2026 05:56 PM (IST)
Updated Date: Sat, 31 Oct 2026 04:02 AM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਥਾਣਾ ਮੌੜ ਨੂੰ ਇਕ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਦੋ ਵਿਅਕਤੀਆਂ ਜਗਦੀਪ ਸਿੰਘ ਅਤੇ ਬੰਟੂ ਸਿੰਘ ਪੁੱਤਰ ਗੁਰਮੀਤ ਸਿੰਘ, ਵਾਸੀ ਮੌੜ ਕਲਾਂ ਨੂੰ ਨਸ਼ੀਲੇ ਪਦਾਰਥ ਅਤੇ ਨਗਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀਐੱਸਪੀ ਮੌੜ ਜਸ਼ਵਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਕਨਫਰੰਸ ਕਰਦੇ ਹੋਏ ਦੱਸਿਆ ਕਿ ਐੱਸਐੱਸਪੀ ਬਠਿੰਡਾ ਸੁਹੇਲ ਕਾਸਿਮ ਮੀਰ ਦੀਆਂ ਹਦਾਇਤਾਂ ਤੇ ਨਸ਼ੇ ਦੇ ਸੌਦਾਗਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ, ਥਾਣਾ ਮੌੜ ਦੇ ਮੁੱਖੀ ਤਰੁਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਬੱਸ ਸਟੈਂਡ ਕੋਲ ਗਸ਼ਤ ਤੋਂ ਬਾਅਦ ਮੇਨ ਬਾਜ਼ਾਰ ਵੱਲ ਆ ਰਹੀ ਸੀ। ਇਸ ਦੌਰਾਨ ਇਕ ਚਿੱਟੇ ਰੰਗ ਦੀ ਸਵਿਫ਼ਤ ਗੱਡੀ ਪੀਬੀ 03 ਬੀ ਦੇ 2405 ਵਿਚ ਸਵਾਰ ਦੋ ਵਿਅਕਤੀ ਇਕ ਪਾਰਦਰਸ਼ੀ ਪਲਾਸਟਿਕ ਦੇ ਲਿਫ਼ਾਫ਼ੇ ਦੀ ਛਾਣਬੀਣ ਕਰ ਰਹੇ ਸਨ।ਪੁਲਿਸ ਨੂੰ ਦੇਖ ਕੇ ਉਨ੍ਹਾਂ ਨੇ ਲਿਫ਼ਾਫ਼ਾ ਲੁਕਾਉਣ ਦੀ ਕੋਸ਼ਿਸ਼ ਕੀਤੀ। ਸ਼ੱਕ ਦੇ ਆਧਾਰ ਤੇ ਸਬ-ਇੰਸਪੈਕਟਰ ਨੇ ਫੁਰਤੀ ਨਾਲ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਦੋਵਾਂ ਨੂੰ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਡੀਐਸਪੀ ਮੌੜ ਜਸਵਰਿੰਦਰ ਸਿੰਘ ਦੀ ਹਾਜ਼ਰੀ ਵਿਚ ਕੀਤੀ ਗਈ ਤਲਾਸ਼ੀ ਦੌਰਾਨ ਗੱਡੀ ਚੋਂ 522 ਗ੍ਰਾਮ ਹੈਰੋਇਨ ਅਤੇ 22,000 ਰੁਪਏ ਦੀ ਭਾਰਤੀ ਕਰੰਸੀ ਨਗਦੀ ਬਰਾਮਦ ਹੋਈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 21 (ਸੀ) ਅਤੇ ਧਾਰਾ 50 ਤਹਿਤ ਐਫਆਈਆਰ ਨੰਬਰ 223 ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀਐੱਸਪੀ ਜਸਵਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਮੌੜ ਹਲਕੇ ਅੰਦਰ ਕਿਸੇ ਵੀ ਵਿਅਕਤੀ ਨੂੰ ਨਸ਼ੀਲੇ ਪਦਾਰਥ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂ ਬਿਲਕੁਲ ਗੁਪਤ ਰੱਖਿਆ ਜਾਵੇਗਾ।