ਦੀਪਕ ਸ਼ਰਮਾ, ਬਠਿੰਡਾ : ਥਾਣਾ ਮੌੜ ਦੀ ਪੁਲਿਸ ਨੇ ਪਾਬੰਦੀਸ਼ੁਦਾ ਗੋਲ਼ੀਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਹੋਇਆਂ ਕਾਰ ਸਵਾਰ ਦੋ ਵਿਅਕਤੀਆਂ ਨੂੰ ਗਿ੍ਫਤਾਰ ਕਰਕੇ 34 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਕਤ ਗਿਰੋਹ ਦੇ ਦੋ ਮੈਂਬਰਾਂ ਦੀ ਗਿ੍ਫਤਾਰੀ ਹੋਣੀ ਅਜੇ ਬਾਕੀ ਹੈ। ਇਸ ਸਬੰਧੀ ਸਬ ਇੰਸਪੈਕਟਰ ਜਸਪ੍ਰਰੀਤ ਕੌਰ ਨੇ ਦੱਸਿਆ ਕਿ ਏਐੱਸਆਈ ਗਿਆਨ ਚੰਦ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਮੌੜ ਮੰਡੀ ਵਿਖੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਹਰਿਆਣਾ ਨੰਬਰ ਦੀ ਇਕ ਅਲਟੋ ਕਾਰ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਵਿਚੋਂ 34 ਹਜ਼ਾਰ ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ। ਇਸ ਅਧਾਰ 'ਤੇ ਕਾਰ ਸਵਾਰ ਗੁਰਸੇਵਕ ਸਿੰਘ ਵਾਸੀ ਪਿੰਡ ਮਾਨਖੇੜਾ ਜ਼ਿਲ੍ਹਾ ਮਾਨਸਾ ਅਤੇ ਸੰਦੀਪ ਸਿੰਘ ਵਾਸੀ ਪਿੰਡ ਰਿਉਂਦ ਕਲਾਂ ਜ਼ਿਲ੍ਹਾ ਮਾਨਸਾ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਕਥਿਤ ਦੋਸ਼ੀਆਂ ਨੇ ਮੰਨਿਆ ਕਿ ਉਹ ਅੰਮਿ੍ਤਪਾਲ ਸਿੰਘ ਵਾਸੀ ਨੰਗਲਾ ਕਲਾਂ ਤੇ ਇਸ ਸ਼ਿੰਦਰ ਸਿੰਘ ਵਾਸੀ ਪਿੰਡ ਫੱਤੂਵਾਲਾ ਕਰਨਾਲ ਹਰਿਆਣਾ ਦੇ ਨਾਲ ਮਿਲ ਕੇ ਨਸ਼ੀਲੀਆਂ ਗੋਲ਼ੀਆਂ ਦੀ ਤਸਕਰੀ ਕਰਦੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਗੁਰਸੇਵਕ ਸਿੰਘ ਅਤੇ ਸੰਦੀਪ ਸਿੰਘ ਸਾਲ 2017 ਤੋਂ ਨਸ਼ੀਲੀਆਂ ਗੋਲ਼ੀਆਂ ਦੀ ਤਸਕਰੀ ਕਰ ਰਹੇ ਹਨ। ਕਥਿਤ ਦੋਸ਼ੀਆਂ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਐਨਡੀਪੀਐਸ ਐਕਟ ਦੇ ਕਈ ਮਾਮਲੇ ਦਰਜ ਹਨ। ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋ ਦੇ ਏਐੱਸਆਈ ਗੁਰਮੇਜ ਸਿੰਘ ਨੇ ਦੱਸਿਆ ਕਿ ਪਿੰਡ ਸੀਂਗੋ ਤੋਂ ਜਗਦੇਵ ਸਿੰਘ ਵਾਸੀ ਸੀਂਗੋ ਨੂੰ ਗਿ੍ਫ਼ਤਾਰ ਕਰਕੇ ਚਾਰ ਕਿੱਲੋ ਭੁੱਕੀ ਬਰਾਮਦ ਕੀਤੀ ਗਈ ਹੈ। ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।