‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੋ ਪਿੰਡਾਂ ’ਚ ਵੰਡੇ ਪ੍ਰਾਪਰਟੀ ਕਾਰਡ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੋ ਪਿੰਡਾਂ ’ਚ ਵੰਡੇ ਪ੍ਰਾਪਰਟੀ ਕਾਰਡ
Publish Date: Sun, 25 Oct 2026 05:26 PM (IST)
Updated Date: Sun, 25 Oct 2026 05:28 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਅੱਜ ਹਲਕਾ ਰਾਮਪੁਰਾ ਫੂਲ ਦੇ ਪਿੰਡ ਹਾਕਮ ਸਿੰਘ ਵਾਲਾ ਅਤੇ ਕੋਇਰ ਸਿੰਘ ਵਾਲਾ ਵਿਖੇ ਲਾਭਪਾਤਰੀ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਹ ਕਾਰਡ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨਾ ਹੈ, ਤਾਂ ਜੋ ਪਰਿਵਾਰਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਸੁਰੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲਾਭਪਾਤਰੀ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਅਧਿਕਾਰਤ ਸਬੂਤ ਮਿਲਦਾ ਹੈ, ਜੋ ਉਨ੍ਹਾਂ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਇਸ ਯੋਜਨਾ ਤਹਿਤ ਹਲਕਾ ਰਾਮਪੁਰਾ ਫੂਲ ਦੇ ਕਈ ਹੋਰ ਪਿੰਡਾਂ ਵਿਚ ਵੀ ਪਹਿਲਾਂ ਪ੍ਰਾਪਰਟੀ ਕਾਰਡ ਵੰਡੇ ਜਾ ਚੁੱਕੇ ਹਨ, ਜਿਸ ਨਾਲ ਖ਼ਾਸ ਕਰਕੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕ ਸਬੰਧੀ ਦਸਤਾਵੇਜ਼ ਹਾਸਲ ਕਰਨ ਵਿਚ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਦਾ ਅਸਲ ਮਕਸਦ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਸੁਰੱਖਿਅਤ ਬਣਾਉਣਾ ਅਤੇ ਸਰਕਾਰੀ ਸਹੂਲਤਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਹੈ।