ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਰਕਾਰੀ ਹਾਈ ਸਕੂਲ ਭਾਈ ਬਖ਼ਤੌਰ ਦੀ ਅਚਨਚੇਤ ਚੈਕਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਰਕਾਰੀ ਹਾਈ ਸਕੂਲ ਭਾਈ ਬਖ਼ਤੌਰ ਦੀ ਅਚਨਚੇਤ ਚੈਕਿੰਗ
Publish Date: Tue, 08 Sep 2026 05:17 PM (IST)
Updated Date: Tue, 08 Sep 2026 05:19 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਸਕੂਲਾਂ ਵਿਚ ਸਿੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਠਿੰਡਾ ਮਮਤਾ ਖੁਰਾਣਾ ਸੇਠੀ ਨੇ ਆਪਣੀ ਟੀਮ ਸਮੇਤ ਸਰਕਾਰੀ ਹਾਈ ਸਕੂਲ ਭਾਈ ਬਖ਼ਤੌਰ ਦੀ ਅਚਨਚੇਤ ਚੈਕਿੰਗ ਕੀਤੀ। ਸਕੂਲ ਪਹੁੰਚਣ ’ਤੇ ਹੈੱਡ ਮਾਸਟਰ ਮਹਿੰਦਰ ਪਾਲ ਅਤੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਚੈਕਿੰਗ ਦੌਰਾਨ ਖੁਰਾਣਾ ਸੇਠੀ ਨੇ ਮਿਡ-ਡੇ ਮੀਲ ਦੀ ਗੁਣਵੱਤਾ, ਸਫ਼ਾਈ ਅਤੇ ਵਿਦਿਆਰਥੀਆਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਬਾਥਰੂਮਾਂ, ਸਫ਼ਾਈ ਪ੍ਰਬੰਧਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਉਨ੍ਹਾਂ ਵੱਖ-ਵੱਖ ਕਲਾਸਾਂ ਵਿਚ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਪੜ੍ਹਾਈ, ਵਿਸ਼ਾ-ਗਿਆਨ ਤੇ ਸਿੱਖਣ ਦੇ ਪੱਧਰ ਬਾਰੇ ਜਾਣਕਾਰੀ ਹਾਸਲ ਕੀਤੀ। ਵਿਦਿਆਰਥੀਆਂ ਦੀ ਕਾਰਗੁਜ਼ਾਰੀ ਅਤੇ ਕਲਾਸਰੂਮ ਵਿਚ ਚੱਲ ਰਹੀ ਪੜ੍ਹਾਈ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸਟਾਫ ਮੀਟਿੰਗ ਦੌਰਾਨ ਉਨ੍ਹਾਂ ਨੇ ਗੁਣਾਤਮਕ ਸਿੱਖਿਆ, ਨਤੀਜਿਆਂ ਵਿਚ ਵਾਧੇ ਅਤੇ ਮੈਰਿਟ ਵਿਚ ਸਥਾਨ ਹਾਸਲ ਕਰਨ ਲਈ ਹੋਰ ਯੋਜਨਾਬੱਧ ਤੇ ਸਮੂਹਿਕ ਯਤਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਸਮਰੱਥਾਵਾਂ ਨੂੰ ਪਛਾਣ ਕੇ ਉਨ੍ਹਾਂ ਨੂੰ ਸਹੀ ਦਿਸ਼ਾ ਅਤੇ ਨਿਰੰਤਰ ਮਾਰਗਦਰਸ਼ਨ ਦੇਣਾ ਅਧਿਆਪਕਾਂ ਦੀ ਅਹਿਮ ਜ਼ਿੰਮੇਵਾਰੀ ਹੈ। ਇਸ ਮੌਕੇ ਨਮਨੀਤ ਕੌਰ, ਰੀਨਾ ਰਾਣੀ, ਜੈਮੀਨਲਜੀਤ ਕੌਰ, ਜਸਪ੍ਰੀਤ ਕੌਰ, ਰਾਣੀ ਕੌਰ, ਗੁਰਮੀਤ ਕੌਰ, ਕੁਲਦੀਪ ਕੁਮਾਰ, ਸੁਖਵੀਰ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸੀ।