- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੇਰਕਾ ਆਊਟਸੋਰਸ ਮੁਲਾਜ਼ਮਾਂ ਵੱਲੋਂ ਪੂਰੇ ਪੰਜਾਬ ਵਿਚ ਸਰਕਾਰ ਅਤੇ ਵੇਰਕਾ ਮੈਨੇਜਮੈਂਟ ਦੇ ਫੂਕੇ ਪੁਤਲੇ

ਦੀਵਾਲੀ ਦਾ ਕੀਤਾ ਮੁਕੰਮਲ ਬਾਈਕਾਟ, ਮੰਗਾਂ ਨਾ ਮੰਨਣ ਦੀ ਸੂਰਤ ’ਚ 14 ਨਵੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਕੀਤਾ ਜਾਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਪੰਜਾਬ ਸਰਕਾਰ ਤੇ ਵੇਰਕਾ ਮੈਨੇਜਮੈਂਟ ਦੀ ਕਥਿਤ ਵਾਅਦਾ ਖ਼ਿਲਾਫ਼ੀ ਅਤੇ ਟਾਲ-ਮਟੋਲ ਦੀ ਨੀਤੀ ਵਿਰੁੱਧ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਦੀਵਾਲੀ ਵਾਲੇ ਦਿਨ ਪੂਰੇ ਸੂਬੇ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਅਤੇ ਮੈਨੇਜਮੈਂਟ ਦੇ ਪੁਤਲੇ ਫੂਕੇ ਗਏ। ਯੂਨੀਅਨ ਦੇ ਸੱਦੇ 'ਤੇ ਸਮੂਹ ਆਊਟਸੋਰਸ ਮੁਲਾਜ਼ਮਾਂ ਨੇ ਮੈਨੇਜਮੈਂਟ ਵੱਲੋਂ ਦਿੱਤੇ ਜਾਣ ਵਾਲੇ ਦੀਵਾਲੀ ਤੋਹਫ਼ਿਆਂ ਦਾ ਮੁਕੰਮਲ ਬਾਈਕਾਟ ਕੀਤਾ ਤੇ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ 'ਕਾਲੀ ਦੀਵਾਲੀ' ਮਨਾਉਂਦਿਆਂ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਅੱਜ ਦੇ ਇਸ ਪ੍ਰੋਗਰਾਮ ਨੂੰ ਸੂਬੇ ਭਰ ਦੇ ਵਰਕਰਾਂ ਵੱਲੋਂ ਭਰਵਾਂ ਹੁਲਾਰਾ ਅਤੇ ਸਮਰਥਨ ਮਿਲਿਆ।
ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਨੇ ਕਿਹਾ ਕਿ ਆਊਟਸੋਰਸ ਵਰਕਰਾਂ ਨੇ ਆਪਣੀ ਜ਼ਿੰਦਗੀ ਦੇ ਸਭ ਤੋਂ ਕੀਮਤੀ ਸਾਲ ਇਸ ਮਹਿਕਮੇ ਨੂੰ ਦਿੱਤੇ ਹਨ, ਪਰ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਮਹਿਕਮੇ ਵਿੱਚ ਸ਼ਾਮਲ (ਪੱਕਾ) ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ 'ਦ ਪੰਜਾਬ ਸਟੇਟ ਆਊਟਸੋਰਸ ਪਰਸੋਨਲ ਬਿੱਲ 2026' ਦੇ ਤਹਿਤ ਵੇਰਕਾ ’ਚ ਕੰਮ ਕਰਦੇ ਸਮੂਹ ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਵਿਭਾਗ ਵਿੱਚ ਸ਼ਾਮਲ ਕਰਕੇ ਰੁਜ਼ਗਾਰ ਪੱਕਾ ਕੀਤਾ ਜਾਵੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਸੱਚਾ ਮੁਲਾਜ਼ਮ ਸਾਥੀ ਇਸ ਵਾਰ ਕੋਈ ਵਧਾਈ ਸੰਦੇਸ਼ ਨਹੀਂ ਭੇਜ ਰਿਹਾ, ਕਿਉਂਕਿ ਕਾਮੇ ਆਪਣੇ ਰੁਜ਼ਗਾਰ ਨੂੰ ਪੱਕਾ ਕਰਵਾ ਕੇ ਹੀ ਅਸਲ ਖੁਸ਼ੀਆਂ ਮਨਾਉਣਗੇ। ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਅੱਜ ਦਾ ਇਹ ਅਰਥੀ ਫੂਕ ਪ੍ਰਦਰਸ਼ਨ ਸਿਰਫ਼ ਇੱਕ ਸ਼ੁਰੂਆਤ ਹੈ ਅਤੇ ਮੁਲਾਜ਼ਮਾਂ ਦੇ ਹੌਂਸਲੇ ਚਟਾਨ ਵਰਗੇ ਬੁਲੰਦ ਹਨ। ਜੇਕਰ ਸਰਕਾਰ ਨੇ ਤੁਰੰਤ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਆਉਣ ਵਾਲੀ 14 ਨਵੰਬਰ ਨੂੰ ਮੁੱਖ ਮੰਤਰੀ ਦੇ ਆਪਣੇ ਹਲਕੇ ਧੂਰੀ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਸੂਬਾ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜੀ ਜਾਵੇਗੀ।