- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਜੀਲੈਂਸ ਬਿਊਰੋ ਦੀ ਮੋਹਾਲੀ ਟੀਮ ਨੇ ਬੁੱਧਵਾਰ ਨੂੰ ਬਠਿੰਡਾ ਸਾਈਬਰ ਥਾਣੇ ਦੇ ਇਕ ਏਐੱਸਆਈ ਅਤੇ ਐੱਸਐੱਚਓ ਦੇ ਰੀਡਰ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਵਿਜੀਲੈਂਸ ਬਿਊਰੋ ਦੀ ਮੋਹਾਲੀ ਟੀਮ ਨੇ ਬੁੱਧਵਾਰ ਨੂੰ ਬਠਿੰਡਾ ਸਾਈਬਰ ਥਾਣੇ ਦੇ ਇਕ ਏਐੱਸਆਈ ਅਤੇ ਐੱਸਐੱਚਓ ਦੇ ਰੀਡਰ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਹ ਕਾਰਵਾਈ ਪ੍ਰਤਾਪ ਨਗਰ ਵਾਸੀ ਰੀਤੂ ਰਾਣੀ ਪਤਨੀ ਅਵਿਨਾਸ਼ ਕੁਮਾਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ। ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਪੁੱਛਗਿੱਛ ਅਤੇ ਕਾਨੂੰਨੀ ਕਾਰਵਾਈ ਲਈ ਟੀਮ ਮੋਹਾਲੀ ਲੈ ਗਈ।
ਮਿਲੀ ਜਾਣਕਾਰੀ ਅਨੁਸਾਰ ਰੀਤੂ ਰਾਣੀ ਨੇ ਵਿਜੀਲੈਂਸ ਬਿਊਰੋ ਦੇ ਆਨਲਾਈਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਇਕ ਮਾਮਲੇ ਵਿਚ ਉਸਦੇ ਪੁੱਤਰ ਦਾ ਨਾਮ ਕੇਸ ਵਿਚੋਂ ਕੱਢਣ ਦੇ ਬਦਲੇ ਪੁਲਿਸ ਕਰਮਚਾਰੀਆਂ ਵੱਲੋਂ ਇਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ। ਸ਼ਿਕਾਇਤਕਰਤਾ ਮੁਤਾਬਕ ਪੁਲਿਸ ਕਰਮਚਾਰੀਆਂ ਨਾਲ ਸੌਦਾ ਤੈਅ ਹੋ ਗਿਆ ਸੀ, ਪਰ ਉਸ ਨੇ ਰਿਸ਼ਵਤ ਦੇਣ ਦੀ ਬਜਾਏ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਪੂਰੇ ਮਾਮਲੇ ਦੀ ਸ਼ਿਕਾਇਤ ਦਰਜ ਕਰਵਾ ਦਿੱਤੀ। ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ।
ਬੁੱਧਵਾਰ ਨੂੰ ਜਿਵੇਂ ਹੀ ਰੀਤੂ ਰਾਣੀ ਨੇ ਤੈਅ ਕੀਤੀ ਗਈ ਰਕਮ ਪੁਲਿਸ ਕਰਮਚਾਰੀਆਂ ਨੂੰ ਸੌਂਪੀ, ਪਹਿਲਾਂ ਤੋਂ ਤਾਇਨਾਤ ਵਿਜੀਲੈਂਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਏਐੱਸਆਈ ਅਤੇ ਐੱਸਐੱਚਓ ਦੇ ਰੀਡਰ ਨੂੰ ਮੌਕੇ 'ਤੇ ਹੀ ਰਿਸ਼ਵਤ ਸਮੇਤ ਕਾਬੂ ਕਰ ਲਿਆ। ਸ਼ਿਕਾਇਤਕਰਤਾ ਰੀਤੂ ਰਾਣੀ ਨੇ ਦੋਸ਼ ਲਗਾਇਆ ਹੈ ਕਿ ਇਸ ਮਾਮਲੇ ਵਿਚ ਐੱਸਐੱਚਓ ਅਤੇ ਇਕ ਹੋਰ ਪੁਲਿਸ ਕਰਮਚਾਰੀ ਵੀ ਸ਼ਾਮਲ ਹਨ, ਪਰ ਹੁਣ ਤੱਕ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਸ ਨੇ ਕਿਹਾ ਕਿ ਉਹ ਵਿਜੀਲੈਂਸ ਅਧਿਕਾਰੀਆਂ ਕੋਲ ਇਨ੍ਹਾਂ ਦੋਵਾਂ ਦੀ ਭੂਮਿਕਾ ਦੀ ਵੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰੇਗੀ। ਰੀਤੂ ਰਾਣੀ ਨੇ ਦੱਸਿਆ ਕਿ ਉਸ ਦਾ ਪਰਿਵਾਰ ਆਰਥਿਕ ਤੌਰ 'ਤੇ ਕਾਫ਼ੀ ਕਮਜ਼ੋਰ ਹੈ। ਉਸ ਦਾ ਪਤੀ ਅਵਿਨਾਸ਼ ਕੁਮਾਰ ਆਟੋ ਚਲਾ ਕੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ। ਪੁੱਤਰ ਨੂੰ ਕੇਸ ਵਿਚੋਂ ਬਚਾਉਣ ਦੇ ਨਾਂ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਮੰਗੇ ਜਾਣ ਕਾਰਨ ਉਹ ਬਹੁਤ ਪਰੇਸ਼ਾਨ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੇ ਵਿਜੀਲੈਂਸ ਦੀ ਮਦਦ ਲੈਣ ਦਾ ਫ਼ੈਸਲਾ ਕੀਤਾ।