ਪਥਰਾਲਾ ਦੀ ਪੰਚਾਇਤ ਵੱਲੋਂ ਨਸ਼ੇ ਦੇ ਸੌਦਾਗਰਾਂ ਵਿਰੁੱਧ ਸਖ਼ਤ ਫ਼ੈਸਲਾ ਪਿੰਡ ਪਥਰਾਲਾ ਦੀ ਪੰਚਾਇਤ ਵੱਲੋਂ ਨਸ਼ੇ ਦੇ ਸੌਦਾਗਰਾਂ ਵਿਰੁੱਧ ਸਖ਼ਤ ਫ਼ੈਸਲਾ
Publish Date: Fri, 23 Oct 2026 07:11 PM (IST)
Updated Date: Sat, 24 Oct 2026 04:01 AM (IST)
ਨਸ਼ਾ ਵੇਚਣ ਵਾਲਿਆਂ ਨੂੰ ਪਿੰਡ ਛੱਡਣ ਦੀ ਚਿਤਾਵਨੀ ਸਰਪੰਚ ਚਰਨਜੀਤ ਕੌਰ ਦੀ ਅਗਵਾਈ ਹੇਠ ਪੰਚਾਇਤ ਦਾ ਐਲਾਨ ਨਸ਼ਾ ਵੇਚਣ ਵਾਲਿਆਂ ਦੀ ਨਹੀਂ ਕਰਵਾਈ ਜਾਵੇਗੀ ਜ਼ਮਾਨਤ ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ : ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਭਿਆਨਕ ਸਮਾਜਿਕ ਬੁਰਾਈ ਤੋਂ ਬਚਾਉਣ ਲਈ ਪਿੰਡ ਪਥਰਾਲਾ ਦੀ ਗ੍ਰਾਮ ਪੰਚਾਇਤ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਸਰਪੰਚ ਚਰਨਜੀਤ ਕੌਰ ਦੀ ਅਗਵਾਈ ਹੇਠ ਪੰਚਾਇਤ ਵੱਲੋਂ ਪਿੰਡ ਵਿਚ ਨਸ਼ਿਆਂ ਦੀ ਵਿਕਰੀ ’ਤੇ ਰੋਕ ਲਾਉਣ ਲਈ ਅਹਿਮ ਮਤਾ ਪਾਸ ਕੀਤਾ ਗਿਆ। ਪੰਚਾਇਤ ਨੇ ਸਪੱਸ਼ਟ ਕੀਤਾ ਕਿ ਪਿੰਡ ਦੀ ਕਿਸੇ ਵੀ ਦੁਕਾਨ, ਘਰ ਜਾਂ ਮੈਡੀਕਲ ਸਟੋਰ ’ਤੇ ਕਿਸੇ ਵੀ ਕਿਸਮ ਦਾ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਚਾਇਤ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਜੇਕਰ ਕੋਈ ਵਿਅਕਤੀ ਪਿੰਡ ਵਿਚ ਨਸ਼ਾ ਵੇਚਦਾ ਫੜਿਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਪੰਚਾਇਤ ਨੇ ਐਲਾਨ ਕੀਤਾ ਕਿ ਨਸ਼ਾ ਵੇਚਣ ਦੇ ਮਾਮਲੇ ਵਿਚ ਫੜੇ ਗਏ ਕਿਸੇ ਵੀ ਵਿਅਕਤੀ ਦੀ ਜ਼ਮਾਨਤ ਕਰਵਾਉਣ ਲਈ ਪੰਚਾਇਤ ਜਾਂ ਪਿੰਡ ਦਾ ਕੋਈ ਵੀ ਵਿਅਕਤੀ ਅੱਗੇ ਨਹੀਂ ਆਵੇਗਾ। ਪੰਚਾਇਤ ਨੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ਾ ਵੇਚਣਾ ਬੰਦ ਕਰ ਦੇਣ, ਨਹੀਂ ਤਾਂ ਪਿੰਡ ਛੱਡ ਦੇਣ। ਪੰਚਾਇਤ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਫ਼ੈਸਲੇ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਣ ਤੋਂ ਬਚਾਉਣਾ ਅਤੇ ਪਿੰਡ ਵਿਚ ਸਿਹਤਮੰਦ ਸਮਾਜਿਕ ਮਾਹੌਲ ਸਿਰਜਣਾ ਹੈ। ਪਿੰਡ ਵਾਸੀਆਂ ਦਾ ਮੰਨਣਾ ਹੈ ਕਿ ਨਸ਼ਿਆਂ ਕਾਰਨ ਕਈ ਪਰਿਵਾਰਾਂ ਨੂੰ ਆਰਥਿਕ ਅਤੇ ਸਮਾਜਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਹਾਲਾਤ ਵਿਚ ਪੰਚਾਇਤ ਦਾ ਇਹ ਕਦਮ ਨਸ਼ਿਆਂ ਵਿਰੁੱਧ ਸਮੂਹਿਕ ਲੜਾਈ ਨੂੰ ਮਜ਼ਬੂਤ ਕਰ ਸਕਦਾ ਹੈ। ਪੰਚਾਇਤ ਨੇ ਪਿੰਡ ਵਾਸੀਆਂ ਨੂੰ ਵੀ ਇਸ ਮੁਹਿੰਮ ਵਿਚ ਸਹਿਯੋਗ ਦੇਣ ਅਤੇ ਨਸ਼ਿਆਂ ਦੀ ਵਿਕਰੀ ਸਬੰਧੀ ਜਾਣਕਾਰੀ ਪੁਲਿਸ ਤੇ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਚਰਨਜੀਤ ਕੌਰ, ਪੰਚ ਜਸਵੰਤ ਸਿੰਘ, ਜਗਦੇਵ ਸਿੰਘ ਕਾਕਾ, ਬੰਸੀ ਰਾਮ, ਗੁਰਚਰਨ ਸਿੰਘ, ਅੰਗਰੇਜ਼, ਪ੍ਰਮਜੀਤ ਕੌਰ, ਬਲਜੀਤ ਕੌਰ ਅਤੇ ਲਖਵਿੰਦਰ ਕੌਰ ਸਮੇਤ ਪਿੰਡ ਦੇ ਮੋਹਤਵਰ ਵਿਅਕਤੀ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।