ਪਿੰਡ ਪੂਹਲੀ ਵਿਖੇ ਨਹਿਰੀ ਪੁਲ ਢਾਹੁਣ ਦੇ ਵਿਰੋਧ ’ਚ ਧਰਨਾ ਪਿੰਡ ਪੂਹਲੀ ਵਿਖੇ ਨਹਿਰੀ ਪੁਲ ਢਾਹੁਣ ਦੇ ਵਿਰੋਧ ’ਚ ਪਿੰਡ ਵਾਸੀਆਂ ਵੱਲੋਂ ਧਰਨਾ
Publish Date: Fri, 23 Oct 2026 06:10 PM (IST)
Updated Date: Sat, 24 Oct 2026 04:01 AM (IST)
ਝੋਨੇ ਦੇ ਸੀਜ਼ਨ ਤੋਂ ਬਾਅਦ ਪੁਲ ਦੀ ਉਸਾਰੀ ਕਰਨ ਦੀ ਮੰਗ; ਕਿਸਾਨਾਂ ਨੂੰ ਆਵਾਜਾਈ ’ਚ ਮੁਸ਼ਕਲਾਂ ਆਉਣ ਦਾ ਖ਼ਦਸ਼ਾ ਹਰਪ੍ਰੀਤ ਮਦੇਸਾ, ਪੰਜਾਬੀ ਜਾਗਰਣ ਨਥਾਣਾ : ਨੇੜਲੇ ਪਿੰਡ ਪੂਹਲੀ ਵਿਖੇ ਸਰਹਿੰਦ ਨਹਿਰ ਦੇ ਪੁਲ ਨੂੰ ਢਾਹ ਕੇ ਨਵੇਂ ਸਿਰੇ ਤੋਂ ਬਣਾਉਣ ਦਾ ਕੰਮ ਚੱਲ ਰਿਹਾ ਸੀ, ਪਰ ਪਿੰਡ ਵਾਸੀਆਂ ਦੀ ਮੰਗ ਹੈ ਕਿ ਝੋਨੇ ਦੇ ਸੀਜਨ ਤੋਂ ਬਾਅਦ ਹੀ ਪੁਲ ਦੀ ਉਸਾਰੀ ਕੀਤੀ ਜਾਵੇ, ਕਿਉਂਕਿ ਜੇਕਰ ਹੁਣ ਪੁੱਲ ਢਾਹ ਦਿੱਤਾ ਤਾਂ ਕਿਸਾਨਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਸਰਹਿੰਦ ਨਹਿਰ ਦੇ ਪੁੱਲ ਨੂੰ ਹੁਣੇ ਹੀ ਢਾਹੇ ਜਾਣ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਵੱਲੋਂ ਧਰਨਾ ਲਗਾ ਕੇ ਰੋਸ ਪ੍ਰਗਟਾਇਆ ਗਿਆ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਪੁਲ ਦੀ ਉਸਾਰੀ ਦਾ ਕੰਮ ਸੀਜ਼ਨ ਖ਼ਤਮ ਹੋਣ ਤੋਂ ਬਾਅਦ ਸ਼ੁਰੂ ਕੀਤਾ ਜਾਵੇ, ਤਾਂ ਜੋ ਕਿਸਾਨਾਂ ਅਤੇ ਇਲਾਕਾ ਵਾਸੀਆਂ ਨੂੰ ਆਵਾਜਾਈ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਪਿੰਡ ਦੇ ਸਰਪੰਚ ਹਰਮਨਦੀਪ ਸਿੰਘ ਮੋਹਣਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮੀਣ ਤਹਿਤ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਬਣੀ ਹਾੈਬਣੀ ਸੜਕ, ਜੋ ਪਿੰਡ ਪੂਹਲੀ ਵਿੱਚੋਂ ਲੰਘ ਕੇ ਨਥਾਣਾ ਵੱਲ ਜਾਂਦੀ ਹੈ, ਉੱਪਰ ਸਥਿਤ ਸਦੀਆਂ ਪੁਰਾਣੇ ਨਹਿਰੀ ਪੁਲ ਨੂੰ ਢਾਹ ਕੇ ਨਵੇਂ ਸਿਰੇ ਤੋਂ ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਪਿੰਡ ਪੂਹਲੀ ਸਮੇਤ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ ਅਤੇ ਵਸਨੀਕਾਂ ਦੀ ਮੰਗ ਹੈ ਕਿ ਪੁਲ ਨੂੰ ਢਾਹੁਣ ਅਤੇ ਉਸ ਦੀ ਮੁੜ ਉਸਾਰੀ ਦਾ ਕੰਮ ਝੋਨੇ ਦੇ ਸੀਜ਼ਨ ਤੋਂ ਬਾਅਦ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਕੰਮਾਂ, ਫ਼ਸਲ ਦੀ ਸਾਂਭ-ਸੰਭਾਲ ਅਤੇ ਢੋਆ-ਢੁਆਈ ਲਈ ਆਵਾਜਾਈ ਦੀ ਵਧੇਰੇ ਲੋੜ ਹੁੰਦੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਰਦੇਵ ਸਿੰਘ ਪੂਹਲੀ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਇਹ ਸੜਕ ਨਥਾਣਾ ਤੋਂ ਭੁੱਚੋ ਕਲਾਂ ਤਕ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਬਣੀ ਹੈ। ਸੜਕ ਭਾਵੇਂ ਬਣ ਗਈ ਹੈ ਪਰ ਨਹਿਰ ’ਤੇ ਅੰਗਰੇਜ਼ਾ ਵੇਲੇ ਦਾ ਬਣਿਆ ਪੁੱਲ ਬਹੁਤ ਤੰਗ ਹੈ, ਜਿਸ ਕਾਰਨ ਇਸਨੂੰ ਢਾਹ ਕੇ ਨਵੇਂ ਸਿਰੇ ਤੋਂ ਬਣਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਪੁੱਲ ਬਣਾਉਣ ਦੇ ਵਿਰੋਧ ਵਿਚ ਨਹੀਂ ਹਨ, ਪਰ ਉਹ ਚਾਹੁੰਦੇ ਹਨ ਕਿ ਝੋਨੇ ਦਾ ਸੀਜਨ ਖਤਮ ਹੋਣ ਬਾਅਦ ਇਹ ਪੁੱਲ ਢਾਹਿਆ ਜਾਵੇ। ਪਿੰਡ ਵਾਸੀਆਂ ਨੇ ਖ਼ਦਸ਼ਾ ਜ਼ਾਹਰ ਕੀਤਾ ਕਿ ਜੇਕਰ ਇਸ ਸਮੇਂ ਪੁਲ ਨੂੰ ਢਾਹ ਦਿੱਤਾ ਜਾਂਦਾ ਹੈ ਤਾਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖ਼ਾਸ ਕਰਕੇ ਕਿਸਾਨਾਂ ਲਈ ਆਪਣੀ ਫ਼ਸਲ ਮੰਡੀਆਂ ਤੱਕ ਪਹੁੰਚਾਉਣ ਅਤੇ ਖੇਤੀਬਾੜੀ ਨਾਲ ਸਬੰਧਤ ਹੋਰ ਕੰਮ ਕਰਨ ਵਿੱਚ ਦਿੱਕਤਾਂ ਆ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੁਲ ਦੀ ਉਸਾਰੀ ਜ਼ਰੂਰੀ ਹੋਣ ਦੇ ਬਾਵਜੂਦ ਇਸ ਕੰਮ ਨੂੰ ਕਿਸਾਨਾਂ ਦੀਆਂ ਲੋੜਾਂ ਅਤੇ ਝੋਨੇ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖ ਕੇ ਨੇਪਰੇ ਚਾੜ੍ਹਿਆ ਜਾਣਾ ਚਾਹੀਦਾ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਪੁਲ ਦੀ ਉਸਾਰੀ ਦਾ ਕੰਮ ਝੋਨੇ ਦੇ ਸੀਜ਼ਨ ਤੋਂ ਬਾਅਦ ਸ਼ੁਰੂ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੁਲ ਢਾਹੁਣ ਸਬੰਧੀ ਕੋਈ ਵੀ ਕਾਰਵਾਈ ਸ਼ੁਰੂ ਕੀਤੀ ਗਈ ਤਾਂ ਪਿੰਡ ਵਾਸੀਆਂ ਵੱਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।