ਲਿਟਲ ਫਲਾਵਰ ਸਕੂਲ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਲਿਟਲ ਫਲਾਵਰ ਸਕੂਲ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Publish Date: Fri, 30 Oct 2026 05:34 PM (IST)
Updated Date: Sat, 31 Oct 2026 04:02 AM (IST)
ਵਿਦਿਆਰਥੀਆਂ ਨੇ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਰਾਹੀਂ ਵੋਟ ਦੀ ਮਹੱਤਤਾ ਦਾ ਦਿੱਤਾ ਸੁਨੇਹਾ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਡੀ.ਐੱਮ. ਬਠਿੰਡਾ ਅਮਨਦੀਪ ਸਿੰਘ ਮਾਵੀ ਦੀ ਅਗਵਾਈ ਹੇਠ ਸਥਾਨਕ ਲਿਟਲ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਸਵੀਪ ਨੋਡਲ ਅਫ਼ਸਰ ਡਾ. ਮੀਨਾ ਭਾਰਤੀ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਅਤੇ ਲੋਕਤੰਤਰ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸਵੀਪ ਟੀਮ ਮੈਂਬਰ ਗੁਰਬਖਸ਼ ਲਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਵੋਟ ਦੇਸ਼ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ-6 ਅਤੇ ਵੋਟਰ ਵੇਰਵਿਆਂ ਵਿੱਚ ਸੋਧ ਜਾਂ ਪਤਾ ਬਦਲਣ ਲਈ ਫਾਰਮ ਨੰਬਰ-8 ਭਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਹੂਲਤਾਂ ਆਨਲਾਈਨ ਅਤੇ ਆਫਲਾਈਨ ਦੋਵਾਂ ਤਰੀਕਿਆਂ ਨਾਲ ਉਪਲਬਧ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ECINET ਐਪ ਦੀ ਵਰਤੋਂ ਬਾਰੇ ਵੀ ਦੱਸਿਆ ਗਿਆ। ਸਵੀਪ ਟੀਮ ਮੈਂਬਰ ਸੁਮਿਤ ਗੋਇਲ ਅਤੇ ਜੌਨੀ ਸਿੰਗਲਾ ਦੀ ਅਗਵਾਈ ਹੇਠ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਨੇ ਵੋਟ ਦੇ ਅਧਿਕਾਰ ਅਤੇ ਨਿਰਪੱਖ ਚੋਣਾਂ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਜੇਤੂਆਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਨੇ ਸਵੀਪ ਟੀਮ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਅਵਤਾਰ ਸਿੰਘ, ਈ.ਐੱਲ.ਸੀ. ਇੰਚਾਰਜ ਮੈਡਮ ਸਬਰਜੀਤ ਕੌਰ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।