ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ
Publish Date: Wed, 26 Aug 2026 04:49 PM (IST)
Updated Date: Wed, 26 Aug 2026 04:52 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਨਵੀਆਂ ਵੋਟਾਂ ਦੀ ਰਜਿਸਟ੍ਰੇਸ਼ਨ ਲਈ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਐਸਡੀਐਮ ਦਫ਼ਤਰ ਤਲਵੰਡੀ ਸਾਬੋ ਤੋਂ ਪਹੁੰਚੀ ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਦੀ ਪ੍ਰਕਿਰਿਆ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਐਸਡੀਐਮ ਦਫ਼ਤਰ ਤੋਂ ਲੈਕਚਰਾਰ ਮਦਨ ਛਾਬੜਾ, ਮੈਡਮ ਪਰਮਪ੍ਰੀਤ ਕੌਰ ਅਤੇ ਉਨ੍ਹਾਂ ਦੀ ਸਵੀਪ ਟੀਮ ਨੇ ਵਿਦਿਆਰਥੀਆਂ ਨੂੰ ਵੋਟ ਬਣਵਾਉਣ, ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਅਤੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਭਾਸ਼ਣ ਅਤੇ ਨਾਟਕ ਵੀ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਵੱਲੋਂ ਆਨਲਾਈਨ ਅਤੇ ਆਫਲਾਈਨ ਦੋਵੇਂ ਢੰਗਾਂ ਰਾਹੀਂ ਵੋਟਾਂ ਦੀ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਮੌਕੇ ਰਾਜਨੀਤੀ ਸ਼ਾਸਤਰ ਵਿਭਾਗ ਤੋਂ ਡਾ. ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨਾ ਬੇਹੱਦ ਜ਼ਰੂਰੀ ਹੈ। ਕੈਂਪ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਅੰਗਰੇਜ਼ੀ ਵਿਭਾਗ ਦੀ ਪ੍ਰੋ. ਪੁਸ਼ਪਿੰਦਰ ਕੌਰ ਵੱਲੋਂ ਨਿਭਾਈ ਗਈ। ਇਸ ਮੌਕੇ ਪ੍ਰੋ. ਸ਼ਾਲਿਨੀ ਸਹਿਗਲ, ਆਈ.ਕਿਊ.ਏ.ਸੀ. ਇੰਚਾਰਜ ਪ੍ਰੋ. ਰਾਜਨਦੀਪ ਕੌਰ, ਆਰਟਸ ਵਿਭਾਗ ਦੀ ਮੁਖੀ ਪ੍ਰੋ. ਜੋਤੀ ਮਾਨ ਸਮੇਤ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।