ਯੁੱਧ ਨਸ਼ਿਆਂ ਵਿਰੁੱਧ: ਪਿੰਡਾਂ ’ਚ ਸ਼ਿਕਾਇਤ ਬਕਸੇ ਲਗਾ ਕੇ ਲੋਕਾਂ ਤੋਂ ਮੰਗੇ ਜਾ ਰਹੇ ਸੁਝਾਅ ਯੁੱਧ ਨਸ਼ਿਆਂ ਵਿਰੁੱਧ: ਪਿੰਡਾਂ ਵਿੱਚ ਸ਼ਿਕਾਇਤ ਬਕਸੇ ਲਗਾ ਕੇ ਲੋਕਾਂ ਤੋਂ ਮੰਗੇ ਜਾ ਰਹੇ ਸੁਝਾਅ
Publish Date: Wed, 11 Nov 2026 04:09 PM (IST)
Updated Date: Wed, 11 Nov 2026 04:12 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪਿੰਡ ਪੱਧਰ ਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਪਿੰਡਾਂ ਵਿਚ ਸ਼ਿਕਾਇਤ ਬਕਸੇ ਲਗਾਏ ਜਾ ਰਹੇ ਹਨ, ਤਾਂ ਜੋ ਆਮ ਲੋਕ ਨਸ਼ਿਆਂ ਦੀ ਵਿਕਰੀ ਅਤੇ ਗੈਰ-ਕਾਨੂੰਨੀ ਕਾਰੋਬਾਰ ਸਬੰਧੀ ਆਪਣੀ ਸੂਚਨਾ, ਸੁਝਾਅ ਤੇ ਸ਼ਿਕਾਇਤਾਂ ਪੁਲਿਸ ਤੇ ਪ੍ਰਸ਼ਾਸਨ ਤੱਕ ਪਹੁੰਚਾ ਸਕਣ। ਇਸ ਦੇ ਨਾਲ ਹੀ ਪਿੰਡਾਂ ਵਿਚ ਵਿਲੇਜ ਡਿਫੈਂਸ ਕਮੇਟੀਆਂ, ਪੰਚਾਇਤ ਮੈਂਬਰਾਂ ਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਵਿਰੁੱਧ ਸਾਂਝੀ ਮੁਹਿੰਮ ਚਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਤੇ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਪਿੰਡ ਅਬਲੂ ਵਿਖੇ ਸ਼ਿਕਾਇਤ ਬਕਸਾ ਲਗਾਇਆ ਗਿਆ ਹੈ। ਇਨ੍ਹਾਂ ਬਕਸਿਆਂ ਰਾਹੀਂ ਲੋਕ ਬਿਨਾਂ ਕਿਸੇ ਝਿਜਕ ਦੇ ਨਸ਼ਿਆਂ ਦੀ ਵਿਕਰੀ ਕਰਨ ਵਾਲੇ ਵਿਅਕਤੀਆਂ ਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਸਬੰਧੀ ਜਾਣਕਾਰੀ ਪ੍ਰਸ਼ਾਸਨ ਤੱਕ ਪਹੁੰਚਾ ਸਕਣਗੇ। ਪ੍ਰਸ਼ਾਸਨ ਦਾ ਮਕਸਦ ਲੋਕਾਂ ਦੀ ਸ਼ਮੂਲੀਅਤ ਨਾਲ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਭਾਵਸ਼ਾਲੀ ਕਦਮ ਚੁੱਕਣਾ ਹੈ। ਮੁਹਿੰਮ ਤਹਿਤ ਪੁਲਿਸ ਵੱਲੋਂ ਪਿੰਡ ਘੁੰਮਣ ਕਲਾਂ ਵਿਖੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਗਈ। ਇਸੇ ਲੜੀ ਤਹਿਤ ਨਸ਼ਿਆਂ ਦੇ ਹੌਟਸਪਾਟ ਵਜੋਂ ਪਛਾਣੇ ਗਏ ਪਿੰਡ ਭੋਖੜਾ ਵਿਖੇ ਵੀ ਮੀਟਿੰਗ ਕਰਕੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪਿੰਡ ਅਬਲੂ ਵਿਖੇ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਇਕ ਕੇਸ ਵੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਿੰਡ ਵਿੱਚ ਮਾਰਚ ਕੱਢਣ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ। ਇਸ ਦੌਰਾਨ ਪਿੰਡ ਅਬਲੂ ਦੇ ਹੌਟਸਪਾਟ ਡਰੇਨ ਬ੍ਰਿਜ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਜ਼ਿਲ੍ਹਾ ਪੁਲਿਸ ਵੱਲੋਂ ਪਿੰਡ ਭਾਈ ਬਖਤੌਰ ਵਿਖੇ ਵੀ ਮੀਟਿੰਗ ਕੀਤੀ ਗਈ। ਇਸ ਦੌਰਾਨ 17 ਤੋਂ 19 ਨਵੰਬਰ ਤੱਕ ਕਰਵਾਏ ਜਾਣ ਵਾਲੇ ਕਬੱਡੀ ਟੂਰਨਾਮੈਂਟ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਿੰਡ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਅਤੇ ਬੱਚਿਆਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਵੀ ਸਾਂਝੀਆਂ ਕੀਤੀਆਂ ਗਈਆਂ। ਪੁਲਿਸ ਅਧਿਕਾਰੀਆਂ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਆਪਣੇ ਸੁਨਹਿਰੀ ਭਵਿੱਖ ਲਈ ਖੇਡਾਂ ਨਾਲ ਜੁੜਨ ਵਾਸਤੇ ਪ੍ਰੇਰਿਤ ਕੀਤਾ। ਦੂਜੇ ਪਾਸੇ ਪਿੰਡ ਬੁਰਜ ਮਾਨਸਾ ਵਿਖੇ ਵਿਲੇਜ ਡਿਫੈਂਸ ਕਮੇਟੀ ਤੇ ਪੰਚਾਇਤ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਪਿੰਡ ਦੇ ਖੇਡ ਸਟੇਡੀਅਮ ਵਿਚ ਖੇਡ ਰਹੇ ਬੱਚਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ। ਇਸ ਦੌਰਾਨ ਬੱਚਿਆਂ ਨੇ ਪਿੰਡ ਦੀ ਧਰਮਸ਼ਾਲਾ ਦੀ ਬਜਾਏ ਖੇਡ ਸਟੇਡੀਅਮ ਵਿਚ ਨਵਾਂ ਜਿੰਮ ਖੋਲ੍ਹਣ ਦੀ ਮੰਗ ਰੱਖੀ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਅਤੇ ਕਸਰਤ ਲਈ ਬਿਹਤਰ ਸਹੂਲਤਾਂ ਮਿਲ ਸਕਣ। ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਪਿੰਡ ਪੱਧਰ ਤੇ ਲੋਕਾਂ ਦੀ ਭਾਗੀਦਾਰੀ ਅਤੇ ਸੂਚਨਾਵਾਂ ਦੇ ਆਧਾਰ ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਗਤੀਵਿਧੀਆਂ ਵੀ ਜਾਰੀ ਰੱਖੀਆਂ ਜਾਣਗੀਆਂ।