ਯੁੱਧ ਨਸ਼ਿਆਂ ਵਿਰੁੱਧ: ਸੀਸੀਟੀਵੀ ਕੈਮਰੇ ਤੇ ਸਟਰੀਟ ਲਾਈਟਾਂ ਲਗਾ ਕੇ ਤਸਕਰਾਂ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ਯੁੱਧ ਨਸ਼ਿਆਂ ਵਿਰੁੱਧ: ਸੀਸੀਟੀਵੀ ਕੈਮਰੇ ਤੇ ਸਟਰੀਟ ਲਾਈਟਾਂ ਲਗਾ ਕੇ ਸ਼ਿਕੰਜਾ ਕੱਸਣ ਦੀ ਤਿਆਰੀ
Publish Date: Tue, 17 Nov 2026 03:49 PM (IST)
Updated Date: Tue, 17 Nov 2026 03:51 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਨਸ਼ਿਆਂ ਤੋਂ ਵਧੇਰੇ ਪ੍ਰਭਾਵਿਤ ਪਿੰਡਾਂ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਹੁਣ ਇਸ ਮੁਹਿੰਮ ਨੂੰ ਸਿਰਫ਼ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਸੀਮਤ ਰੱਖਣ ਦੀ ਬਜਾਏ ਪਿੰਡਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਲੋਕਾਂ ਦੀ ਸ਼ਮੂਲੀਅਤ ਵਧਾਉਣ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਵੱਖ-ਵੱਖ ਪਿੰਡਾਂ ਵਿਚ ਸੀਸੀਟੀਵੀ ਕੈਮਰੇ ਅਤੇ ਸਟਰੀਟ ਲਾਈਟਾਂ ਲਗਵਾਈਆਂ ਜਾ ਰਹੀਆਂ ਹਨ, ਜਦਕਿ ਨਸ਼ਿਆਂ ਲਈ ਵਰਤੀਆਂ ਜਾਂਦੀਆਂ ਸੁੰਨੀਆਂ ਥਾਵਾਂ ਦੀ ਸਫ਼ਾਈ ਵੀ ਕਰਵਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਲੋਂ ਵਿਸ਼ੇਸ਼ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਰੀਕੀ ਨਾਲ ਜਾਂਚ ਕੀਤੀ। ਪੁਲਿਸ ਦੀ ਇਸ ਕਾਰਵਾਈ ਦਾ ਮਕਸਦ ਨਸ਼ਿਆਂ ਦੀ ਸਪਲਾਈ ਰੋਕਣ ਦੇ ਨਾਲ-ਨਾਲ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਨਕੇਲ ਕੱਸਣਾ ਅਤੇ ਇਲਾਕੇ ਵਿਚ ਸੁਰੱਖਿਆ ਦਾ ਮਾਹੌਲ ਬਣਾਉਣਾ ਸੀ। ਇਸੇ ਲੜੀ ਤਹਿਤ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀ ਅਤੇ ਪੰਚਾਇਤ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਪਿੰਡ ਵਿਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਪ੍ਰੈਗਾਬਾਲਿਨ ਕੈਪਸੂਲ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਪੱਧਰ ’ਤੇ ਲੋਕਾਂ ਅਤੇ ਪੰਚਾਇਤਾਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਹੌਟਸਪਾਟ ਵਜੋਂ ਪਛਾਣੇ ਗਏ ਇਲਾਕਿਆਂ ਵਿੱਚ ਲੋਕਾਂ ਦੀ ਲੋੜ ਅਨੁਸਾਰ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਵੀ ਕੀਤਾ ਜਾ ਰਿਹਾ ਹੈ। ਇਸ ਤਹਿਤ ਪਿੰਡਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ, ਸਟਰੀਟ ਲਾਈਟਾਂ ਦਾ ਪ੍ਰਬੰਧ ਕਰਨ, ਖੇਡ ਮੈਦਾਨਾਂ ਵਿੱਚ ਸੁਧਾਰ ਕਰਨ ਅਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਉਣ ਵਰਗੇ ਕੰਮ ਕੀਤੇ ਜਾ ਰਹੇ ਹਨ। ਇਸੇ ਤਹਿਤ ਪਿੰਡ ਹਰਰਾਏਪੁਰ ਵਿੱਚ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਐੱਸਸੀ ਧਰਮਸ਼ਾਲਾ ਵਿਖੇ ਲਾਈਟਾਂ ਲਗਵਾਈਆਂ ਗਈਆਂ। ਪਿੰਡ ਮਲੂਕਾ ਵਿੱਚ ਨਸ਼ਾ ਕਰਨ ਲਈ ਵਰਤੀਆਂ ਜਾਂਦੀਆਂ ਸੁੰਨੀਆਂ ਥਾਵਾਂ ਦੀ ਸਫ਼ਾਈ ਕਰਵਾਈ ਗਈ, ਤਾਂ ਜੋ ਅਜਿਹੀਆਂ ਥਾਵਾਂ ਨੂੰ ਨਸ਼ੇੜੀਆਂ ਦੇ ਇਕੱਠੇ ਹੋਣ ਤੋਂ ਰੋਕਿਆ ਜਾ ਸਕੇ। ਇਸ ਮੁਹਿੰਮ ਤਹਿਤ ਕੁੱਲ ਚਾਰ ਸੀਸੀਟੀਵੀ ਕੈਮਰੇ ਤੇ 20 ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ। ਪੁਲਿਸ ਵੱਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਨ ਦੇ ਨਾਲ-ਨਾਲ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਦੀਵਾਲੀ ਦੇ ਤੋਹਫ਼ੇ ਅਤੇ ਮਠਿਆਈਆਂ ਵੰਡ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ। ਇਸੇ ਤਰ੍ਹਾਂ ਸਥਾਨਕ ਜਿੰਮ ਵਿਚ ਪਹੁੰਚ ਕੇ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਅਤੇ ਰਿਫਰੈਸ਼ਮੈਂਟ ਦਿੱਤੀ ਗਈ, ਜਦਕਿ ਕ੍ਰਿਕਟ ਖੇਡ ਰਹੇ ਬੱਚਿਆਂ ਨੂੰ ਖੇਡਾਂ ਦਾ ਸਾਮਾਨ, ਫਲ ਤੇ ਸਿਹਤਮੰਦ ਖੁਰਾਕ ਵੰਡੀ ਗਈ। ਪੁਲਿਸ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ, ਸਗੋਂ ਲੋਕਾਂ ਦੀ ਸਰਗਰਮ ਸ਼ਮੂਲੀਅਤ, ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਪਿੰਡਾਂ ਵਿੱਚ ਸੁਰੱਖਿਅਤ ਮਾਹੌਲ ਸਿਰਜਣਾ ਵੀ ਅਹਿਮ ਭੂਮਿਕਾ ਨਿਭਾ ਸਕਦਾ ਹੈ।